ਤਾਜਾ ਖਬਰਾਂ
ਚੰਡੀਗੜ੍ਹ, 2 ਦਸੰਬਰ-
ਜਾਪਾਨ ਦੇ ਦੌਰੇ ਦੇ ਪਹਿਲੇ ਦਿਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੋਕੀਓ ਦੇ ਏਡੋਗਾਵਾ ਗਾਂਧੀ ਪਾਰਕ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਸ਼ਾਇਦ ਦੁਨੀਆ ਭਰ ਅਜਿਹੇ ਇਕਲੌਤੇ ਨੇਤਾ ਸਨ, ਜਿਨ੍ਹਾਂ ਨੇ ਅਹਿੰਸਾ ਅਤੇ ਸ਼ਾਂਤੀ ਦੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ, ਅਹਿੰਸਾ, ਸਦਭਾਵਨਾ ਅਤੇ ਸ਼ਾਂਤੀ ਦੇ ਸਿਧਾਂਤਾਂ ਨੂੰ ਅਪਣਾ ਕੇ ਰਾਸ਼ਟਰ ਪਿਤਾ ਵੱਲੋਂ ਦਰਸਾਏ ਮਨੁੱਖਤਾ- ਪੱਖੀ ਫਲਸਫ਼ੇ ਨੂੰ ਜੀਵੰਤ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਇੱਕ ਚਾਨਣ ਮੁਨਾਰੇ ਵਜੋਂ ਕੰਮ ਕਰਦੀ ਰਹੇਗੀ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ।
ਲੋਕਾਂ ਨੂੰ ਗਾਂਧੀ ਜੀ ਵੱਲੋਂ ਦਰਸਾਏ ਗਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫੇ ’ਤੇ ਚੱਲਣ ਦੀ ਅਪੀਲ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਜਿਹਾ ਕਰਨਾ ਬਹੁਤ ਅਹਿਮ ਤੇ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਗਾਂਧੀ ਜੀ ਇੱਕ ਮਹਾਨ ਰਾਜਨੇਤਾ ਅਤੇ ਚੇਤੰਨ ਸ਼ਖਸੀਅਤ ਸਨ । ਉਨ੍ਹਾਂ ਨੇ ਦੁਨੀਆਂ ਭਰ ਵਿੱਚ ਘੁੰਮ ਕੇ ਪਿਆਰ, ਸ਼ਾਂਤੀ ਅਤੇ ਅਹਿੰਸਾ ਦੇ ਆਪਣੇ ਫਲਸਫੇ ਦਾ ਪ੍ਰਚਾਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰ ਪਿਤਾ ਨੇ ਆਜ਼ਾਦੀ ਸੰਘਰਸ਼ ਨੂੰ ਇੱਕ ਜਨ- ਅੰਦੋਲਨ ਵਿੱਚ ਬਦਲ ਕੇ ਭਾਰਤ ਨੂੰ ਆਜ਼ਾਦੀ ਦਿਵਾਉਣ ਵਿੱਚ ਅਹਿਮ ਤੇ ਇਤਿਹਾਸਕ ਭੂਮਿਕਾ ਨਿਭਾਈ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਲੋਕ ਅਜੋਕੇ ਭਾਰਤ ਦੀ ਸਿਰਜਣਾ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਲਈ ਹਮੇਸ਼ਾ ਇਸ ਰੌਸ਼ਨ-ਦਿਮਾਗ ਨੇਤਾ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਗਾਂਧੀ ਜੀ ਦੇ ਸੱਚ, ਸ਼ਾਂਤੀ, ਪਿਆਰ, ਮਿੱਤਰਤਾ ਅਤੇ ਅਹਿੰਸਾ ਦੇ ਸੰਦੇਸ਼ ਨੂੰ ਯਾਦ ਕਰਦੀ ਹੈ ਅਤੇ ਉਨ੍ਹਾਂ ਦੇ ਪੂਰਨਿਆਂ ਤੇ ਚੱਲਣ ਦੇ ਯਤਨ ਵੀ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਫਲਸਫੇ ਦੀ ਅਜੋਕੇ ਸੰਸਾਰ ਵਿੱਚ ਬਹੁਤ ਅਹਿਮੀਅਤ ਦਿੱਤੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਸ ਮਹਾਨ ਰਾਸ਼ਟਰੀ ਨੇਤਾ ਦੇ ਨਕਸ਼ੇ-ਕਦਮ ’ਤੇ ਚੱਲਣਾ ਚਾਹੀਦਾ ਹੈ।
Get all latest content delivered to your email a few times a month.