ਤਾਜਾ ਖਬਰਾਂ
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਰਾਜ ਚੋਣ ਕਮਿਸ਼ਨ ਨੇ ਸਖ਼ਤ ਕਦਮ ਚੁੱਕਦਿਆਂ ਪ੍ਰਸ਼ਾਸਨਿਕ ਤਬਾਦਲਿਆਂ ਅਤੇ ਨਵੀਆਂ ਨਿਯੁਕਤੀਆਂ 'ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ।
ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਸ ਸਬੰਧੀ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਵਿਸ਼ੇਸ਼ ਤੌਰ 'ਤੇ ਇੱਕ ਪੱਤਰ ਲਿਖ ਕੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਇਸ ਸੰਬੰਧੀ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।
ਜ਼ਾਬਤਾ ਲਾਗੂ, 4 ਦਸੰਬਰ ਤੱਕ ਨਾਮਜ਼ਦਗੀਆਂ
ਇਹ ਰੋਕ ਇਸ ਲਈ ਜ਼ਰੂਰੀ ਹੋ ਗਈ ਹੈ ਕਿਉਂਕਿ 28 ਨਵੰਬਰ ਨੂੰ ਚੋਣਾਂ ਦੇ ਐਲਾਨ ਤੋਂ ਬਾਅਦ ਤੋਂ ਹੀ ਨਗਰ ਨਿਗਮ ਖੇਤਰਾਂ ਨੂੰ ਛੱਡ ਕੇ ਹਰ ਪਾਸੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ 4 ਦਸੰਬਰ ਤੱਕ ਦਾਖ਼ਲ ਕੀਤੇ ਜਾਣਗੇ। ਵੋਟਾਂ 14 ਦਸੰਬਰ ਨੂੰ ਪੈਣਗੀਆਂ।
ਕਮਿਸ਼ਨਰ ਨੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਸਰਕਾਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦਾ ਤਬਾਦਲਾ ਜਾਂ ਨਵੀਂ ਨਿਯੁਕਤੀ ਨਹੀਂ ਕਰ ਸਕਦੀ। ਜੇਕਰ ਕਿਸੇ ਜ਼ਰੂਰੀ ਕਾਰਨ ਕਰਕੇ ਤਬਾਦਲੇ ਦੀ ਲੋੜ ਪੈਂਦੀ ਹੈ, ਤਾਂ ਇਸ ਲਈ ਰਾਜ ਚੋਣ ਕਮਿਸ਼ਨ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਇਹ ਫੈਸਲਾ ਚੋਣ ਪ੍ਰਕਿਰਿਆ ਵਿੱਚ ਕਿਸੇ ਵੀ ਪ੍ਰਸ਼ਾਸਨਿਕ ਦਖਲਅੰਦਾਜ਼ੀ ਨੂੰ ਰੋਕਣ ਲਈ ਲਿਆ ਗਿਆ ਹੈ।
Get all latest content delivered to your email a few times a month.