ਤਾਜਾ ਖਬਰਾਂ
ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਵਿਚ ਪ੍ਰੈਸ ਕਾਨਫਰੰਸ ਕਰਦੇ ਹੋਏ ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਜਾਣਕਾਰੀ ਦਿੱਤੀ। ਧਾਲੀਵਾਲ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਅੱਜ ਸ਼ਾਮ ਤੱਕ ਪੇਪਰ ਵਾਪਸੀ ਉਪਰੰਤ ਅਧਿਕਾਰਕ ਉਮੀਦਵਾਰਾਂ ਦੀ ਸੂਚੀ ਜਾਰੀ ਹੋ ਜਾਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲੀ ਵਾਰ ਪੰਜਾਬ ਵਿੱਚ ਪਿੰਡ ਪੱਧਰ ਦੀਆਂ ਚੋਣਾਂ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾ ਰਹੀਆਂ ਹਨ। ਹਰ ਨਾਗਰਿਕ ਨੂੰ ਬੇਧੜਕ ਵੋਟ ਪਾਉਣ ਅਤੇ ਉਮੀਦਵਾਰ ਬਣਨ ਦਾ ਪੂਰਾ ਅਧਿਕਾਰ ਮਿਲਿਆ ਹੈ।
ਧਾਲੀਵਾਲ ਨੇ ਦੋਸ਼ ਲਗਾਇਆ ਕਿ ਕਾਂਗਰਸ ਅਤੇ ਅਕਾਲੀ ਦਲ ਚੋਣੀ ਮਾਹੌਲ ਨੂੰ ਖਰਾਬ ਕਰਨ ਲਈ ਧੱਕੇਸ਼ਾਹੀ ਅਤੇ ਗੁੰਡਾਗਰਦੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਭਿੰਡੀ ਸੈਦਾਂ ਪਿੰਡ ਦੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ‘ਤੇ ਹਮਲਾ ਕੀਤਾ ਗਿਆ, ਜਿਸ ਵਿੱਚ ਕਈ ਲੋਕ ਜ਼ਖਮੀ ਹੋ ਕੇ ਹਸਪਤਾਲ ਦਾਖ਼ਲ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ। ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਧਾਲੀਵਾਲ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ 14 ਤਾਰੀਖ਼ ਨੂੰ ਨਿਡਰ ਹੋ ਕੇ ਵੋਟ ਪਾਓ। ਸਰਕਾਰ ਹਰ ਪੋਲਿੰਗ ਬੂਥ ‘ਤੇ ਸੁਰੱਖਿਆ ਯਕੀਨੀ ਬਣਾਵੇਗੀ ਤਾਂ ਜੋ ਚੋਣ ਪ੍ਰਕਿਰਿਆ ਲੋਕਤੰਤਰਿਕ ਅਤੇ ਸ਼ਾਂਤਮਈ ਢੰਗ ਨਾਲ ਨਾਲ ਹੋ ਸਕੇ।
Get all latest content delivered to your email a few times a month.