ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਕੱਤਰ ਪ੍ਰਤਾਪ ਸਿੰਘ ਨੇ 7 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਕੋਲ ਰਸਤੇ ਉੱਤੇ ਧਰਨਾ ਲਗਾਉਣ ਦੇ ਐਲਾਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਐਲਾਨ ਸਿੱਖ ਪਰੰਪਰਾਵਾਂ ਦੇ ਮੂਲ ਸਿਧਾਂਤਾਂ ਦੇ ਖਿਲਾਫ ਹੈ ਅਤੇ ਇਸ ਨਾਲ ਗੁਰੂ ਘਰਾਂ ਦੀ ਮਰਿਆਦਾ ਦੀ ਉਲੰਘਣਾ ਹੋਵੇਗੀ। ਦਫ਼ਤਰ SGPC ਵੱਲੋਂ ਜਾਰੀ ਬਿਆਨ ਅਨੁਸਾਰ, ਇਸ ਮਾਮਲੇ ਦੀ ਪੂਰੀ ਜਾਂਚ ਪੜਤਾਲ ਹੋ ਚੁੱਕੀ ਹੈ ਅਤੇ ਸੰਬੰਧਤ ਵਿਭਾਗਾਂ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਮਾਨਯੋਗ ਅਦਾਲਤਾਂ ਵਿੱਚ ਵੀ ਇਸ ਮਾਮਲੇ ਦੀ ਸੁਣਵਾਈ ਹੋ ਚੁੱਕੀ ਹੈ ਅਤੇ ਹੁਣ ਧਰਨੇ ਦਾ ਐਲਾਨ ਸਿਰਫ ਸਿਆਸੀ ਹਿਤਾਂ ਨਾਲ ਪ੍ਰਭਾਵਿਤ ਹੈ। ਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਕੁਝ ਜਥੇਬੰਦੀਆਂ ਸੰਗਤਾਂ ਨੂੰ ਜਾਣਬੁੱਝ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਇਸ ਕਾਰਵਾਈ ਨਾਲ ਨਾ ਸਿਰਫ ਸੰਗਤਾਂ ਪ੍ਰਭਾਵਿਤ ਹੁੰਦੀਆਂ ਹਨ, ਬਲਕਿ ਪਵਿੱਤਰ ਅਸਥਾਨ ਦੀ ਮਾਣ ਮਰਿਆਦਾ ਨੂੰ ਵੀ ਟਕਰ ਪਹੁੰਚਦੀ ਹੈ।
ਸਕੱਤਰ ਨੇ ਧਰਨੇ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਯਤਨ ਤੋਂ ਪਿੱਛੇ ਹਟਣ। ਉਨ੍ਹਾਂ ਜ਼ੋਰ ਦਿੱਤਾ ਕਿ ਧਰਨਾ ਗੁਰੂ ਘਰਾਂ ਦੇ ਰਸਤੇ ਉੱਤੇ ਲਾਉਣਾ ਕਿਸੇ ਵੀ ਤਰ੍ਹਾਂ ਸਹੀ ਨਹੀਂ ਹੈ ਅਤੇ ਸੰਗਤਾਂ ਨੂੰ ਸ਼ਾਂਤੀਪੂਰਨ ਅਤੇ ਆਦਰਸ਼ ਭਾਵਨਾਵਾਂ ਨਾਲ ਦਰਸ਼ਨ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ।
Get all latest content delivered to your email a few times a month.