ਤਾਜਾ ਖਬਰਾਂ
ਪਟਿਆਲਾ ਪੁਲਿਸ ਨੇ ਵਾਇਰਲ ਹੋਈ ਕਾਨਫਰੰਸ ਕਾਲ ਨੂੰ ਲੈ ਕੇ ਇੱਕ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਹੋਈ ਸੀ, ਜਿਸ ਵਿੱਚ ਲੋਕਤੰਤਰਿਕ ਪ੍ਰਕਿਰਿਆ ਵਿੱਚ ਦਖਲਅੰਦਾਜ਼ੀ ਕਰਨ ਦੇ ਦੋਸ਼ ਲਗਾਏ ਗਏ। ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਜੋ ਐਡੀਜੀਪੀ ਐਸਪੀਐਸ ਪਰਮਾਰ ਦੀ ਅਗਵਾਈ ਵਿੱਚ ਕਾਰਵਾਈ ਕਰ ਰਹੀ ਹੈ।
ਜਾਂਚ ਟੀਮ ਨੇ ਪਟੀਸ਼ਨਰ, ਐਡਵੋਕੇਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਰਸ਼ਦੀਪ ਸਿੰਘ ਕਲੇਰ ਨੂੰ ਬਿਆਨ ਦਰਜ ਕਰਨ ਲਈ ਸੂਚਿਤ ਕੀਤਾ ਹੈ। ਇਨ੍ਹਾਂ ਦੇ ਨਾਲ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਗੁਰਪ੍ਰੀਤ ਸਿੰਘ ਝੱਬਰ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਇਸ ਮਾਮਲੇ ਵਿੱਚ ਨੋਟਿਸ ਭੇਜਿਆ ਗਿਆ ਹੈ।
ਐਸਆਈਟੀ ਨੇ ਕਾਰਵਾਈ ਸ਼ੁਰੂ ਕਰਦਿਆਂ ਪਟੀਸ਼ਨਰ ਨੂੰ ਸੀਆਰਪੀਸੀ ਦੀ ਧਾਰਾ 94 ਅਧੀਨ ਸ਼ਿਕਾਇਤਕਾਰ ਵਜੋਂ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਪਟੀਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਸਮੀ ਤੌਰ ‘ਤੇ ਸੂਚਿਤ ਕੀਤਾ ਗਿਆ ਹੈ ਅਤੇ ਉਹ ਨਿਰਧਾਰਤ ਸਮੇਂ ਤੇ ਆਪਣਾ ਬਿਆਨ ਦਰਜ ਕਰਨਗੇ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਇਸ ਉੱਚ ਪੱਧਰੀ ਜਾਂਚ ਨਾਲ ਸੱਚਾਈ ਸਾਹਮਣੇ ਆਵੇਗੀ ਅਤੇ ਜੇ ਕੋਈ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ ਕਿਉਂਕਿ ਵਿਰੋਧੀ ਪਾਰਟੀਆਂ ਅਤੇ ਸਮਾਜਿਕ ਸੰਗਠਨਾਂ ਨੇ ਵੀ ਕਾਨਫਰੰਸ ਕਾਲ ਨੂੰ ਲੋਕਤੰਤਰਿਕ ਪ੍ਰਕਿਰਿਆ ਵਿੱਚ ਦਖਲਅੰਦਾਜ਼ੀ ਵਜੋਂ ਦੱਸ ਕੇ ਸਖ਼ਤ ਵਿਰੋਧ ਕੀਤਾ ਸੀ। ਇਸ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ, ਜਿਸ ਦੇ ਬਾਅਦ ਐਸਆਈਟੀ ਨੂੰ ਮਾਮਲੇ ਦੀ ਜਾਂਚ ਲਈ ਤਾਇਨਾਤ ਕੀਤਾ ਗਿਆ।
Get all latest content delivered to your email a few times a month.