ਤਾਜਾ ਖਬਰਾਂ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਵਿੱਚ ਪੰਜਾਬ ਦੀ ਕਾਨੂੰਨ ਤੇ ਵਿਵਸਥਾ (ਲਾਅ ਐਂਡ ਆਰਡਰ) ਦੀ ਮਾੜੀ ਹਾਲਤ 'ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਸਦਨ ਦਾ ਧਿਆਨ ਖਿੱਚਦਿਆਂ ਕਿਹਾ ਕਿ "ਪੰਜਾਬ ਡਰਿਆ ਹੋਇਆ ਹੈ" ਅਤੇ ਸੂਬੇ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹਰ ਵਪਾਰੀ ਅਤੇ ਆਮ ਵਿਅਕਤੀ ਭੈਅ ਵਿੱਚ ਹੈ, ਕਿਉਂਕਿ ਉਨ੍ਹਾਂ ਨੂੰ ਲਗਾਤਾਰ ਵਿਦੇਸ਼ਾਂ ਜਾਂ ਜੇਲ੍ਹਾਂ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਫਿਰੌਤੀ ਲਈ ਫੋਨ ਆ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਹਰ ਰੋਜ਼ ਕੋਈ ਨਾ ਕੋਈ ਕਤਲ ਕਰ ਦਿੱਤਾ ਜਾਂਦਾ ਹੈ।
ਲੁਧਿਆਣਾ ਗੈਂਗਵਾਰ ਦਾ ਜ਼ਿਕਰ, ਕੇਂਦਰ 'ਤੇ ਸਵਾਲ
ਵੜਿੰਗ ਨੇ ਲੁਧਿਆਣਾ ਵਿੱਚ ਦਿਨ-ਦਿਹਾੜੇ ਇੱਕ ਵਿਆਹ ਸਮਾਗਮ ਵਿੱਚ ਹੋਈ ਗੈਂਗਵਾਰ ਦੀ ਘਟਨਾ ਦਾ ਖਾਸ ਤੌਰ 'ਤੇ ਜ਼ਿਕਰ ਕੀਤਾ, ਜਿੱਥੇ ਹਮਲੇ ਦੌਰਾਨ ਮਹਿਮਾਨਾਂ ਨੂੰ ਆਪਣੀ ਜਾਨ ਬਚਾਉਣ ਲਈ ਮੇਜ਼ਾਂ ਹੇਠਾਂ ਵੜਨਾ ਪਿਆ। ਇਸ ਹਾਦਸੇ ਵਿੱਚ ਵਿਆਹ ਵਿੱਚ ਸ਼ਾਮਲ ਹੋਣ ਵਾਲੇ ਦੋ ਵਿਅਕਤੀਆਂ ਦੀ ਜਾਨ ਚਲੀ ਗਈ ਸੀ।
ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇੱਕ ਨਾਮੀ ਗੈਂਗਸਟਰ ਜੋ ਗੁਜਰਾਤ ਦੀ ਜੇਲ੍ਹ ਵਿੱਚ ਬੈਠਾ ਹੈ, ਉਸ ਨੂੰ ਪ੍ਰੋਟੈਕਸ਼ਨ ਵਾਰੰਟ 'ਤੇ ਲਿਆਉਣ ਲਈ ਕਾਨੂੰਨ ਬਣਾ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ "ਅਜਿਹੀ ਸੂਰਤ ਵਿੱਚ ਪੰਜਾਬ ਜਲ ਰਿਹਾ ਹੈ ਅਤੇ ਕੇਂਦਰ ਤੇ ਸੂਬਾ ਸਰਕਾਰ ਦੋਵੇਂ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ।"
ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਗੁਜ਼ਾਰਿਸ਼
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਗੈਂਗਸਟਰਾਂ ਦੇ ਹੌਂਸਲੇ ਇੰਨੇ ਜ਼ਿਆਦਾ ਵਧ ਚੁੱਕੇ ਹਨ ਕਿ ਹੁਣ ਆਮ ਲੋਕਾਂ ਦੇ ਨਾਲ-ਨਾਲ ਰਾਜਨੇਤਾਵਾਂ ਨੂੰ ਵੀ ਫਿਰੌਤੀ ਭਰੇ ਕਾਲ ਆਉਣ ਲੱਗੇ ਹਨ।
ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੀ ਗੁਜ਼ਾਰਿਸ਼ ਕਰਦਿਆਂ ਕਿਹਾ, "ਮੇਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੂੰ ਗੁਜ਼ਾਰਿਸ਼ ਹੈ ਕਿ ਤੁਹਾਡਾ ਬਾਰਡਰ ਸਕਿਓਰਿਟੀ ਫੋਰਸ ਦਾ ਘੇਰਾ ਵੀ 50 ਕਿਲੋਮੀਟਰ ਵੱਡਾ ਹੈ। ਪੰਜਾਬ ਪੁਲਿਸ ਅਤੇ ਕੇਂਦਰ ਦੀ ਪੁਲਿਸ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਪੰਜਾਬ ਨੂੰ ਬਚਾਉਣ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ।"
ਰਾਜਾ ਵੜਿੰਗ ਦੇ ਇਨ੍ਹਾਂ ਤਿੱਖੇ ਸਵਾਲਾਂ ਨੇ ਲੋਕ ਸਭਾ ਵਿੱਚ ਪੰਜਾਬ ਦੀ ਸੁਰੱਖਿਆ ਸਥਿਤੀ ਨੂੰ ਲੈ ਕੇ ਵੱਡਾ ਸਿਆਸੀ ਮੁੱਦਾ ਖੜ੍ਹਾ ਕਰ ਦਿੱਤਾ ਹੈ।
Get all latest content delivered to your email a few times a month.