ਤਾਜਾ ਖਬਰਾਂ
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਪਿੰਡਾਂ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦੇਣ ਦੇ ਕੀਤੇ ਗਏ ਐਲਾਨ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਵਿਧਾਇਕ ਵੱਲੋਂ 'ਆਪ' ਉਮੀਦਵਾਰਾਂ ਨੂੰ ਜਿਤਾਉਣ ਵਾਲੇ ਪਿੰਡਾਂ ਲਈ 31 ਲੱਖ, 11 ਲੱਖ ਅਤੇ 5-5 ਲੱਖ ਰੁਪਏ ਦੀਆਂ ਗ੍ਰਾਂਟਾਂ ਦੇਣ ਦਾ ਵਾਅਦਾ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਇਸ ਨੂੰ ਚੋਣ ਜ਼ਾਬਤੇ ਦੀ ਸਿੱਧੀ ਉਲੰਘਣਾ ਦੱਸਦੇ ਹੋਏ ਸਖ਼ਤ ਇਤਰਾਜ਼ ਜਤਾਇਆ ਹੈ।
ਅਕਾਲੀ ਦਲ ਦਾ ਹਮਲਾ: 'ਆਪ' ਹਾਰ ਦੇ ਡਰੋਂ ਦੇ ਰਹੀ ਲਾਲਚ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਪਵਾਤ ਅਤੇ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਹਰਜੋਤ ਸਿੰਘ ਮਾਂਗਟ ਨੇ ਪ੍ਰੈੱਸ ਕਾਨਫਰੰਸ ਕਰਕੇ ਵਿਧਾਇਕ ਦਿਆਲਪੁਰਾ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਯਕੀਨੀ ਹਾਰ ਨੂੰ ਦੇਖਦਿਆਂ ਵਿਧਾਇਕ ਵੱਲੋਂ ਪਿੰਡਾਂ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦੇਣ ਦਾ ਲਾਲਚ ਦਿੱਤਾ ਜਾ ਰਿਹਾ ਹੈ।
ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਪਹਿਲਾਂ ਤਾਂ 'ਆਪ' ਨੂੰ ਆਪਣੇ ਉਮੀਦਵਾਰ ਨਹੀਂ ਲੱਭੇ, ਅਤੇ ਫਿਰ ਉਨ੍ਹਾਂ ਨੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ ਉਹ ਅਸਫਲ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ 'ਆਪ' ਵੋਟਰਾਂ ਨੂੰ ਲਾਲਚ ਦੇਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਸੂਝਵਾਨ ਵੋਟਰ 'ਆਪ' ਸਰਕਾਰ ਦੇ ਝੂਠੇ ਵਾਅਦਿਆਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ।
ਚੋਣ ਕਮਿਸ਼ਨ ਨੂੰ ਸ਼ਿਕਾਇਤ, ਸਖ਼ਤ ਕਾਰਵਾਈ ਦੀ ਮੰਗ
ਅਕਾਲੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਵਿਧਾਇਕ ਦਿਆਲਪੁਰਾ ਨੂੰ ਇਹ ਅਹਿਸਾਸ ਹੋ ਗਿਆ ਹੈ ਕਿ ਉਸਦੀ ਪਾਰਟੀ ਦੇ ਉਮੀਦਵਾਰ ਹਾਰ ਰਹੇ ਹਨ, ਜਿਸ ਕਾਰਨ ਉਹ ਹੁਣ ਅਜਿਹੇ ਲਾਲਚ ਦੇਣ ਵਾਲੇ ਵਾਅਦੇ ਕਰ ਰਹੇ ਹਨ।
ਉਕਤ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਾਰੇ ਮਾਮਲੇ ਸਬੰਧੀ ਚੋਣ ਕਮਿਸ਼ਨ ਨੂੰ ਰਸਮੀ ਤੌਰ 'ਤੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਹ ਸਿੱਧੇ ਤੌਰ 'ਤੇ ਚੋਣ ਨਿਯਮਾਂ ਦੀ ਉਲੰਘਣਾ ਹੈ ਅਤੇ ਇਸ ਲਈ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਚੋਣ ਕਮਿਸ਼ਨ ਵੱਲੋਂ ਵਿਧਾਇਕ ਦੇ ਇਸ ਐਲਾਨ 'ਤੇ ਕੀ ਕਦਮ ਚੁੱਕਿਆ ਜਾਂਦਾ ਹੈ, ਇਹ ਦੇਖਣਾ ਬਾਕੀ ਹੈ।
Get all latest content delivered to your email a few times a month.