ਤਾਜਾ ਖਬਰਾਂ
ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਹੋਈ ਵੋਟਿੰਗ ਦੌਰਾਨ ਵੱਡੀ ਚੋਣੀ ਗੜਬੜ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਸਰਕਾਰੀ ਤੌਰ ‘ਤੇ ਸ਼ਿਕਾਇਤ ਦਰਜ ਕਰਵਾਉਂਦਿਆਂ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ਸੰਨੀ ਢਿੱਲੋਂ ਉਰਫ਼ ‘ਤੇ ਬੂਥ ਕੈਪਚਰਿੰਗ ਅਤੇ ਵੋਟਿੰਗ ਪ੍ਰਕਿਰਿਆ ਵਿੱਚ ਦਖਲ ਦੇ ਗੰਭੀਰ ਇਲਜ਼ਾਮ ਲਗਾਏ ਹਨ।
ਅਕਾਲੀ ਦਲ ਦਾ ਕਹਿਣਾ ਹੈ ਕਿ ਵੋਟਿੰਗ ਦੌਰਾਨ ਸੰਬੰਧਤ ਪੋਲਿੰਗ ਸਟੇਸ਼ਨ ‘ਤੇ ਜਾਣਬੁੱਝ ਕੇ ਚੋਣ ਨਿਗਰਾਨੀ ਲਈ ਲਗੇ ਸੀਸੀਟੀਵੀ ਕੈਮਰਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ, ਜਿਸ ਨਾਲ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਖਤਮ ਹੋ ਗਈ। ਸ਼ਿਕਾਇਤ ਅਨੁਸਾਰ, ਇਹ ਸਾਰੀ ਘਟਨਾ ਪੁਲਿਸ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਵਾਪਰੀ, ਜਿਨ੍ਹਾਂ ਨੇ ਨਾ ਸਿਰਫ਼ ਹਾਲਾਤਾਂ ‘ਤੇ ਕਾਬੂ ਪਾਉਣ ਵਿੱਚ ਨਾਕਾਮੀ ਦਿਖਾਈ, ਸਗੋਂ ਕਥਿਤ ਤੌਰ ‘ਤੇ ਗੈਰਕਾਨੂੰਨੀ ਕਾਰਵਾਈ ਨੂੰ ਅਣਡਿੱਠਾ ਕੀਤਾ।
ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵੋਟਰਾਂ ਨੂੰ ਡਰਾਇਆ-ਧਮਕਾਇਆ ਗਿਆ, ਉਨ੍ਹਾਂ ‘ਤੇ ਦਬਾਅ ਬਣਾਇਆ ਗਿਆ ਅਤੇ ਪੋਲਿੰਗ ਸਟੇਸ਼ਨ ਨੂੰ ਅਸਲ ਮਾਇਨਿਆਂ ਵਿੱਚ “ਕੈਪਚਰ” ਕਰ ਲਿਆ ਗਿਆ, ਜਿਸ ਕਾਰਨ ਨਾ ਤਾਂ ਆਜ਼ਾਦ ਅਤੇ ਨਾ ਹੀ ਨਿਰਪੱਖ ਚੋਣਾਂ ਸੰਭਵ ਹੋ ਸਕੀਆਂ। ਅਕਾਲੀ ਦਲ ਨੇ ਇਸ ਨੂੰ ਚੋਣ ਜ਼ਾਬਤੇ, ਚੋਣ ਕਮਿਸ਼ਨ ਦੇ ਨਿਯਮਾਂ ਅਤੇ ਭਾਰਤੀ ਨਿਆਂ ਸੰਹਿਤਾ (BNS), 2023 ਦੇ ਤਹਿਤ ਗੰਭੀਰ ਅਪਰਾਧ ਕਰਾਰ ਦਿੱਤਾ ਹੈ।
ਇਹ ਸ਼ਿਕਾਇਤ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਸੈੱਲ ਦੇ ਚੇਅਰਮੈਨ ਅਤੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਦਾਇਰ ਕੀਤੀ ਗਈ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦਾ ਤੁਰੰਤ ਸੰਜਾਨ ਲਿਆ ਜਾਵੇ, ਦੋਸ਼ੀਆਂ ਸਮੇਤ ਕਥਿਤ ਤੌਰ ‘ਤੇ ਸ਼ਾਮਲ ਪੁਲਿਸ ਅਧਿਕਾਰੀਆਂ ਵਿਰੁੱਧ ਫੌਰੀ ਤੌਰ ‘ਤੇ ਐਫਆਈਆਰ ਦਰਜ ਕੀਤੀ ਜਾਵੇ ਅਤੇ ਉਨ੍ਹਾਂ ਖਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕਰਦਿਆਂ ਮੁਅੱਤਲ ਕੀਤਾ ਜਾਵੇ।
ਅਕਾਲੀ ਦਲ ਨੇ ਇਹ ਵੀ ਮੰਗ ਕੀਤੀ ਹੈ ਕਿ ਸੀਸੀਟੀਵੀ ਫੁਟੇਜ, ਵੀਡੀਓ ਸਬੂਤ ਅਤੇ ਪੁਲਿਸ ਤੈਨਾਤੀ ਨਾਲ ਸਬੰਧਤ ਸਾਰੇ ਰਿਕਾਰਡ ਤੁਰੰਤ ਜ਼ਬਤ ਕਰਕੇ ਨਿਰਪੱਖ ਜਾਂਚ ਕੀਤੀ ਜਾਵੇ। ਜੇ ਜਾਂਚ ਦੌਰਾਨ ਇਲਜ਼ਾਮ ਸਾਬਤ ਹੁੰਦੇ ਹਨ, ਤਾਂ ਪ੍ਰਭਾਵਿਤ ਪੋਲਿੰਗ ਸਟੇਸ਼ਨਾਂ ‘ਤੇ ਦੁਬਾਰਾ ਪੋਲਿੰਗ ਕਰਵਾਈ ਜਾਵੇ ਤਾਂ ਜੋ ਲੋਕਤੰਤਰਿਕ ਪ੍ਰਕਿਰਿਆ ‘ਤੇ ਲੋਕਾਂ ਦਾ ਭਰੋਸਾ ਬਹਾਲ ਰਹੇ।
Get all latest content delivered to your email a few times a month.