ਤਾਜਾ ਖਬਰਾਂ
ਬਠਿੰਡਾ ਜ਼ਿਲ੍ਹੇ ਦੇ ਕਸਬਾ ਤਲਵੰਡੀ ਸਾਬੋ ਅਧੀਨ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਚੋਣੀ ਹਿੰਸਾ ਦੀ ਇਕ ਗੰਭੀਰ ਘਟਨਾ ਸਾਹਮਣੇ ਆਈ ਹੈ। ਬਲਾਕ ਸੰਮਤੀ ਹਲਕੇ ਜੰਬਰ ਬਸਤੀ ਦੇ ਪਿੰਡ ਫਤਿਹਗੜ੍ਹ ਨੌ ਆਬਾਦ ਵਿੱਚ ਵੋਟਿੰਗ ਦੇ ਆਖਰੀ ਪੜਾਅ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰਤਾਪ ਸਿੰਘ ’ਤੇ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਹ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਹਮਲੇ ਵਿੱਚ ਗੁਰਪ੍ਰਤਾਪ ਸਿੰਘ ਦੀ ਲੱਤ ਨੂੰ ਭਾਰੀ ਚੋਟਾਂ ਆਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਸਬ ਡਵੀਜ਼ਨਲ ਸਿਵਲ ਹਸਪਤਾਲ ਤਲਵੰਡੀ ਸਾਬੋ ਵਿੱਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਵਿੱਚ ਗੱਲਬਾਤ ਕਰਦਿਆਂ ਜ਼ਖ਼ਮੀ ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਧਿਰ ਵੱਲੋਂ ਬੂਥ ਕੈਪਚਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਦਾ ਉਨ੍ਹਾਂ ਨੇ ਵਿਰੋਧ ਕੀਤਾ। ਇਸ ਵਿਰੋਧ ਦੇ ਚਲਦੇ ਹੀ ਉਨ੍ਹਾਂ ’ਤੇ ਹਮਲਾ ਕੀਤਾ ਗਿਆ।
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਸੱਤਾਧਾਰੀ ਪਾਰਟੀ ਅਤੇ ਪੁਲਿਸ ਪ੍ਰਸ਼ਾਸਨ ’ਤੇ ਗੰਭੀਰ ਆਰੋਪ ਲਗਾਏ। ਉਨ੍ਹਾਂ ਕਿਹਾ ਕਿ ਹਲਕੇ ਦੀ ਆਪ ਵਿਧਾਇਕ ਬਲਜਿੰਦਰ ਕੌਰ ਵੱਲੋਂ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਸਨ, ਪਰ ਹਕੀਕਤ ਵਿੱਚ ਪਹਿਲਾਂ ਜਗ੍ਹਾ ਰਾਮ ਤੀਰਥ ਅਤੇ ਫਿਰ ਪਿੰਡ ਫਤਿਹਗੜ੍ਹ ਨੌ ਆਬਾਦ ਵਿੱਚ ਗੱਡੀਆਂ ਭਰ ਕੇ ਗੁੰਡਾ ਅਨਸਰ ਲਿਆ ਕੇ ਬੂਥ ਕੈਪਚਰ ਕਰਨ ਦੀ ਕੋਸ਼ਿਸ਼ ਕੀਤੀ ਗਈ।
ਰਵੀਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜਦੋਂ ਅਕਾਲੀ ਦਲ ਦੇ ਵਰਕਰਾਂ ਨੇ ਇਸ ਗੈਰਕਾਨੂੰਨੀ ਕਾਰਵਾਈ ਦਾ ਵਿਰੋਧ ਕੀਤਾ ਤਾਂ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਅਕਾਲੀ ਦਲ ਦੇ ਵਰਕਰਾਂ ’ਤੇ ਹੀ ਲਾਠੀਚਾਰਜ ਕਰ ਦਿੱਤਾ, ਜਿਸ ਦੌਰਾਨ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰਤਾਪ ਸਿੰਘ ਜ਼ਖ਼ਮੀ ਹੋ ਗਏ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਚੋਣੀ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਵੀ ਸਵਾਲ ਖੜ੍ਹੇ ਹੋ ਗਏ ਹਨ।
Get all latest content delivered to your email a few times a month.