ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਨੂੰ ਲੈ ਕੇ ਅਧਿਕਾਰੀਆਂ ਨੂੰ ਸੰਗਤ ਦੀ ਸਹੂਲਤ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਸ਼ਹੀਦੀ ਸਭਾ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਹੋਈ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਲਗਭਗ 50 ਲੱਖ ਸ਼ਰਧਾਲੂਆਂ ਦੇ ਪਵਿੱਤਰ ਨਗਰੀ ਵਿੱਚ ਪਹੁੰਚਣ ਦੀ ਸੰਭਾਵਨਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਚੌਕਸ ਰਹਿਣਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਧਰਤੀ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਸਾਕਸ਼ ਹੈ, ਜਿਸ ਕਰਕੇ ਇੱਥੇ ਆਉਣ ਵਾਲੀ ਸੰਗਤ ਲਈ ਸੁਰੱਖਿਆ, ਸਫਾਈ ਅਤੇ ਆਵਾਜਾਈ ਵਰਗੀਆਂ ਬੁਨਿਆਦੀ ਸਹੂਲਤਾਂ ਸਭ ਤੋਂ ਅਹਿਮ ਹਨ। ਉਨ੍ਹਾਂ ਦੱਸਿਆ ਕਿ ਸੜਕਾਂ ਦੀ ਮੁਰੰਮਤ ਲਈ ਫੰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਾਰਾ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।
ਭਗਵੰਤ ਸਿੰਘ ਮਾਨ ਨੇ ਹੁਕਮ ਦਿੱਤੇ ਕਿ ਵੱਡੀ ਗਿਣਤੀ ਵਿੱਚ ਆ ਰਹੀ ਸੰਗਤ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਲਈ ਪੂਰੇ ਜ਼ਿਲ੍ਹੇ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਜਾਵੇ ਅਤੇ ਹਰ ਸੈਕਟਰ ਦੀ ਨਿਗਰਾਨੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 300 ਮੋਬਾਈਲ ਪਖਾਨੇ, ਪ੍ਰਮੁੱਖ ਥਾਵਾਂ ’ਤੇ ਐਂਬੂਲੈਂਸਾਂ ਅਤੇ ਅੱਗ ਬੁਝਾਊ ਗੱਡੀਆਂ ਤਾਇਨਾਤ ਕੀਤੀਆਂ ਜਾਣ ਤਾਂ ਜੋ ਕਿਸੇ ਵੀ ਐਮਰਜੈਂਸੀ ਨਾਲ ਤੁਰੰਤ ਨਜਿੱਠਿਆ ਜਾ ਸਕੇ।
ਮੁੱਖ ਮੰਤਰੀ ਨੇ ਦੱਸਿਆ ਕਿ ਸੰਗਤ ਦੀ ਆਵਾਜਾਈ ਨੂੰ ਆਸਾਨ ਬਣਾਉਣ ਲਈ 200 ਈ-ਰਿਕਸ਼ੇ ਅਤੇ 200 ਸ਼ਟਲ ਬੱਸਾਂ ਮੁਫ਼ਤ ਸੇਵਾ ਵਜੋਂ ਚਲਾਈਆਂ ਜਾਣਗੀਆਂ। ਇਸ ਦੇ ਨਾਲ ਹੀ, ਪਵਿੱਤਰ ਸ਼ਹਿਰ ਦੀ ਸਫਾਈ ਯਕੀਨੀ ਬਣਾਉਣ ਲਈ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ, ਮਸ਼ੀਨਾਂ ਅਤੇ ਸੀਵਰੇਜ ਸਫਾਈ ਉਪਕਰਨ ਤਾਇਨਾਤ ਕੀਤੇ ਜਾਣਗੇ। ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ 300 ਤੋਂ ਵੱਧ ਸੀਸੀਟੀਵੀ ਕੈਮਰੇ ਵੀ ਲਗਾਏ ਜਾਣਗੇ।
ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ 20 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ ਤਾਂ ਜੋ ਲੋੜ ਪੈਣ ’ਤੇ ਸੰਗਤ ਨੂੰ ਤੁਰੰਤ ਅਤੇ ਮਿਆਰੀ ਇਲਾਜ ਮਿਲ ਸਕੇ। ਨਾਲ ਹੀ, ਸ਼ਹਿਰ ਦੇ ਆਲੇ-ਦੁਆਲੇ ਲੋੜੀਂਦੀ ਗਿਣਤੀ ਵਿੱਚ ਪਾਰਕਿੰਗ ਸਥਾਨ ਬਣਾਉਣ ਅਤੇ ਸਾਰੇ ਵਿਭਾਗਾਂ ਦਾ ਸਾਂਝਾ ਕੰਟਰੋਲ ਰੂਮ ਟੋਲ-ਫ੍ਰੀ ਨੰਬਰ ਸਮੇਤ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਵਿੱਤਰ ਨਗਰੀ ਸਿਰਫ਼ ਸਿੱਖ ਕੌਮ ਹੀ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਦੋਹਰਾਇਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਅਦਭੁੱਤ ਕੁਰਬਾਨੀ ਨੇ ਸਦੀਆਂ ਤੋਂ ਲੋਕਾਂ ਨੂੰ ਜ਼ੁਲਮ ਦੇ ਵਿਰੁੱਧ ਖੜ੍ਹਾ ਹੋਣ ਦੀ ਪ੍ਰੇਰਣਾ ਦਿੱਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸ਼ਹੀਦੀ ਸਭਾ ਦੌਰਾਨ ਸੰਗਤ ਦੀ ਹਰ ਸੰਭਵ ਸਹੂਲਤ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਸਾਰੇ ਕੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਵੀ ਕੀਤੀ ਜਾਵੇਗੀ।
Get all latest content delivered to your email a few times a month.