ਤਾਜਾ ਖਬਰਾਂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਫੈਲਾਇਆ ਜਾ ਰਿਹਾ ਗਲਤ ਪ੍ਰਚਾਰ ਦਰਅਸਲ ਆਉਣ ਵਾਲੀ ਵੱਡੀ ਹਾਰ ਦੀ ਘਬਰਾਹਟ ਦਾ ਨਤੀਜਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਈ ਦਹਾਕਿਆਂ ਬਾਅਦ ਸਥਾਨਕ ਚੋਣਾਂ ਇਮਾਨਦਾਰ, ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੇ ਬੇਖੌਫ਼ ਹੋ ਕੇ ਵੱਡੀ ਗਿਣਤੀ ਵਿੱਚ ਵੋਟਿੰਗ ਵਿੱਚ ਹਿੱਸਾ ਲਿਆ ਅਤੇ ਲੋਕਤੰਤਰ ਵਿੱਚ ਆਪਣਾ ਭਰੋਸਾ ਜਤਾਇਆ।
ਪੰਨੂ ਨੇ ਕਿਹਾ ਕਿ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਵੋਟਰ ਇਸ ਗੱਲ ਦਾ ਸਬੂਤ ਹਨ ਕਿ ਮਾਹੌਲ ਪੂਰੀ ਤਰ੍ਹਾਂ ਸ਼ਾਂਤੀਪੂਰਨ ਸੀ। ਲੋਕ ਹੁਣ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀ ਮਹੱਤਤਾ ਨੂੰ ਸਮਝਣ ਲੱਗ ਪਏ ਹਨ, ਜਿਸ ਕਰਕੇ ਉਨ੍ਹਾਂ ਦੀ ਭਾਗੀਦਾਰੀ ਪਹਿਲਾਂ ਨਾਲੋਂ ਕਾਫ਼ੀ ਵੱਧ ਰਹੀ ਹੈ।
ਵਿਰੋਧੀ ਪਾਰਟੀਆਂ ਦੇ ਬੂਥ ਕੈਪਚਰਿੰਗ, ਧਾਂਦਲੀ ਅਤੇ ਡਰਾਉਣ-ਧਮਕਾਉਣ ਦੇ ਦਾਅਵਿਆਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਪੰਨੂ ਨੇ ਕਿਹਾ ਕਿ ਇਹ ਸਾਰੇ ਇਲਜ਼ਾਮ ਸਿਰਫ਼ ਰਾਜਨੀਤਕ ਹਾਰ ਤੋਂ ਪਹਿਲਾਂ ਬਣਾਇਆ ਗਿਆ ਰੌਲਾ ਹਨ। ਉਨ੍ਹਾਂ ਯਾਦ ਦਿਵਾਇਆ ਕਿ ਪਹਿਲਾਂ ਵੀ ਵਿਰੋਧੀ ਧਿਰ ਨੇ ਨਾਮਜ਼ਦਗੀ ਪੱਤਰਾਂ ਨੂੰ ਲੈ ਕੇ ਝੂਠੇ ਦੋਸ਼ ਲਗਾਏ ਸਨ, ਪਰ ਅੰਤਿਮ ਸੂਚੀ ਨੇ ਸਪੱਸ਼ਟ ਕਰ ਦਿੱਤਾ ਕਿ ਹਰ ਪਾਰਟੀ ਦੇ ਉਮੀਦਵਾਰ ਮੈਦਾਨ ਵਿੱਚ ਸਨ।
ਪਿਛਲੇ ਸਾਲਾਂ ਦੀਆਂ ਚੋਣਾਂ ਨਾਲ ਤੁਲਨਾ ਕਰਦਿਆਂ ਪੰਨੂ ਨੇ ਕਿਹਾ ਕਿ 2008, 2013 ਅਤੇ 2018 ਵਿੱਚ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਰਾਜ ਦੌਰਾਨ ਵਿਆਪਕ ਹਿੰਸਾ, ਬੂਥ ਕੈਪਚਰਿੰਗ ਅਤੇ ਜਾਨ-ਮਾਲ ਦੇ ਨੁਕਸਾਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਪਰ ਇਸ ਵਾਰ ਪੰਜਾਬ ਵਿੱਚ ਅਜਿਹੀ ਕਿਸੇ ਵੀ ਘਟਨਾ ਦੀ ਇੱਕ ਵੀ ਸ਼ਿਕਾਇਤ ਦਰਜ ਨਹੀਂ ਹੋਈ।
ਕੁਝ ਬੂਥਾਂ ’ਤੇ ਮੁੜ ਵੋਟਿੰਗ ਬਾਰੇ ਸਪੱਸ਼ਟੀਕਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਸਿਰਫ਼ 16 ਬੂਥਾਂ ’ਤੇ ਤਕਨੀਕੀ ਖਾਮੀਆਂ, ਜਿਵੇਂ ਕਿ ਚੋਣ ਨਿਸ਼ਾਨ ਜਾਂ ਉਮੀਦਵਾਰਾਂ ਦੇ ਨਾਵਾਂ ਦੀ ਗਲਤ ਛਪਾਈ ਕਾਰਨ ਵੋਟਿੰਗ ਰੱਦ ਕੀਤੀ ਗਈ ਸੀ, ਨਾ ਕਿ ਕਿਸੇ ਤਰ੍ਹਾਂ ਦੀ ਹਿੰਸਾ ਕਾਰਨ।
ਅੰਤ ਵਿੱਚ ਬਲਤੇਜ ਪੰਨੂ ਨੇ ਕਿਹਾ ਕਿ 17 ਦਸੰਬਰ ਨੂੰ ਨਤੀਜੇ ਆਉਣ ’ਤੇ ਸਾਫ਼ ਹੋ ਜਾਵੇਗਾ ਕਿ ਲੋਕਾਂ ਨੇ ਆਪ ਸਰਕਾਰ ਦੀ ਕਾਰਗੁਜ਼ਾਰੀ ’ਤੇ ਮੋਹਰ ਲਗਾਈ ਹੈ ਅਤੇ ਵਿਰੋਧੀ ਧਿਰ ਦੀ ਬੇਚੈਨੀ ਲੋਕਾਂ ਦੇ ਸਪੱਸ਼ਟ ਫ਼ਤਵੇ ਨੂੰ ਦਰਸਾਉਂਦੀ ਹੈ।
Get all latest content delivered to your email a few times a month.