ਤਾਜਾ ਖਬਰਾਂ
ਸੰਯੁਕਤ ਕਿਸਾਨ ਮੋਰਚਾ ਪੰਜਾਬ ਅਤੇ ਇਸ ਨਾਲ ਸੰਬੰਧਿਤ ਭਰਾਤਰੀ ਜਥੇਬੰਦੀਆਂ ਦੇ ਸਾਂਝੇ ਫੈਸਲੇ ਅਨੁਸਾਰ ਬਿਜਲੀ ਬਿੱਲ ਸਮੇਤ ਵੱਖ-ਵੱਖ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖਾ ਸੰਘਰਸ਼ ਛੇੜਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅੱਜ ਬਠਿੰਡਾ ਦੇ ਟੀਚਰਜ਼ ਹੋਮ ਵਿੱਚ ਕਿਸਾਨ, ਮਜ਼ਦੂਰ, ਮੁਲਾਜ਼ਮ, ਠੇਕਾ ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਬਲਕਰਨ ਸਿੰਘ ਬਰਾੜ, ਸੂਬਾ ਜਨਰਲ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਉੱਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਬਿਜਲੀ ਵਰਗੀ ਅਹਿਮ ਜਨਤਕ ਸਹੂਲਤ ਨੂੰ ਆਮ ਲੋਕਾਂ ਤੋਂ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ 2025 ਰਾਹੀਂ ਬਿਜਲੀ ਖੇਤਰ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ ਅਤੇ ਇਸਦਾ ਪੂਰਾ ਢਾਂਚਾ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਤਿਆਰੀ ਹੈ। ਇਨ੍ਹਾਂ ਕਦਮਾਂ ਨਾਲ ਬਿਜਲੀ ਮਹਿੰਗੀ ਹੋਵੇਗੀ ਅਤੇ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ।
ਆਗੂਆਂ ਨੇ ਸੀਡ ਐਕਟ ਦਾ ਵੀ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਇਸ ਕਾਨੂੰਨ ਰਾਹੀਂ ਸਰਕਾਰ ਪੂਰੇ ਖੇਤੀਬਾੜੀ ਬਾਜ਼ਾਰ ਨੂੰ ਕਾਰਪੋਰੇਟ ਕੰਪਨੀਆਂ ਦੇ ਕਬਜ਼ੇ ਵਿੱਚ ਦੇਣਾ ਚਾਹੁੰਦੀ ਹੈ। ਇਸ ਨਾਲ ਬੀਜ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੋ ਜਾਣਗੇ ਅਤੇ ਪ੍ਰਾਈਵੇਟ ਬੀਜ ਕੰਪਨੀਆਂ ਖੇਤੀ ਖੋਜ ਅਤੇ ਵਪਾਰ ਉੱਤੇ ਕਬਜ਼ਾ ਕਰਕੇ ਕਿਸਾਨਾਂ ਦੀ ਭਾਰੀ ਲੁੱਟ ਕਰਨਗੀਆਂ।
ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਵੇਚਣ ਦੇ ਫੈਸਲੇ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਇਹ ਫੈਸਲੇ ਤੁਰੰਤ ਵਾਪਸ ਲਏ ਜਾਣ, ਨਹੀਂ ਤਾਂ ਵੱਡੇ ਪੱਧਰ ਦੇ ਲੋਕ ਰੋਹ ਦਾ ਸਾਹਮਣਾ ਕਰਨ ਲਈ ਸਰਕਾਰ ਤਿਆਰ ਰਹੇ। ਇਸਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਚਾਰ ਲੇਬਰ ਕੋਡਾਂ ਨੂੰ ਮਜ਼ਦੂਰਾਂ ਦੇ ਹੱਕਾਂ ਉੱਤੇ ਸਿੱਧਾ ਹਮਲਾ ਦੱਸਦਿਆਂ ਉਨ੍ਹਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।
ਮੀਟਿੰਗ ਵਿੱਚ ਸੰਘਰਸ਼ੀ ਕਾਰਜਕ੍ਰਮ ਦਾ ਐਲਾਨ ਕਰਦਿਆਂ ਫੈਸਲਾ ਕੀਤਾ ਗਿਆ ਕਿ ਬਿਜਲੀ ਬਿੱਲ ਜਦੋਂ ਪਾਰਲੀਮੈਂਟ ਵਿੱਚ ਪੇਸ਼ ਕੀਤਾ ਜਾਵੇਗਾ, ਉਸ ਤੋਂ ਅਗਲੇ ਦਿਨ ਬਠਿੰਡਾ ਜ਼ਿਲ੍ਹੇ ਦੇ ਚਾਰ ਟੋਲ ਪਲਾਜ਼ੇ—ਬੱਲੂਆਣਾ, ਜੀਦਾ, ਲਹਿਰਾ ਬੇਗਾ ਅਤੇ ਸ਼ੇਖਪੁਰਾ—ਦੁਪਹਿਰ 12 ਤੋਂ 3 ਵਜੇ ਤੱਕ ਫਰੀ ਕੀਤੇ ਜਾਣਗੇ। ਇਸ ਤੋਂ ਇਲਾਵਾ 30 ਅਤੇ 31 ਦਸੰਬਰ ਨੂੰ ਪੂਰੇ ਜ਼ਿਲ੍ਹੇ ਵਿੱਚ ਪਿੰਡ-ਪਿੰਡ ਝੰਡਾ ਮਾਰਚ, ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਕਾਰਜਕ੍ਰਮਾਂ ਦੀ ਤਿਆਰੀ ਲਈ 26 ਦਸੰਬਰ ਨੂੰ ਟੀਚਰਜ਼ ਹੋਮ ਬਠਿੰਡਾ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਜਾਵੇਗੀ, ਜਦਕਿ 16 ਜਨਵਰੀ ਨੂੰ ਐਸ.ਸੀ. ਦਫ਼ਤਰ ਬਠਿੰਡਾ ਵਿਖੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਮੀਟਿੰਗ ਨੂੰ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਆਗੂਆਂ ਨੇ ਰਾਜਸਥਾਨ ਵਿੱਚ ਇਥਨੋਲ ਫੈਕਟਰੀ ਦੇ ਵਿਰੋਧ ਦੌਰਾਨ ਪੁਲਿਸ ਜ਼ਬਰ ਦੀ ਸਖ਼ਤ ਨਿਖੇਧੀ ਕੀਤੀ ਅਤੇ ਗ੍ਰਿਫਤਾਰ ਕੀਤੇ ਪੀਆਰਟੀਸੀ ਮੁਲਾਜ਼ਮਾਂ ਦੀ ਤੁਰੰਤ ਰਿਹਾਈ ਦੀ ਮੰਗ ਵੀ ਕੀਤੀ।
Get all latest content delivered to your email a few times a month.