ਤਾਜਾ ਖਬਰਾਂ
ਚੰਡੀਗੜ੍ਹ, 16 ਦਸੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਵਿੱਚ ਵਿਗੜਦੀ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਦਾ ਗੰਭੀਰਤਾ ਨਾਲ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਪਰਾਧੀਆਂ ਅਤੇ ਗੈਂਗਸਟਰਾਂ ਦੇ ਭਿਆਨਕ ਨਿਯਮਤ ਹਮਲੇ ਨਾਲ ਕਤਲੇਆਮ ਦੇ ਮੈਦਾਨ ਵਿੱਚ ਬਦਲ ਰਿਹਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਲਗਾਤਾਰ ਹੋ ਰਹੀਆਂ ਹਤਿਆਵਾਂ ਅਤੇ ਅੱਜ ਦੀ ਬਟਾਲਾ ਵਿਚ ਫਾਇਰਿੰਗ ਦੀ ਘਟਨਾ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਕਿਹਾ ਕਿ ਇਹ ਮੁੱਦਾ ਇੱਕ ਸ਼ਾਂਤਮਈ ਅਤੇ ਪ੍ਰਗਤੀਸ਼ੀਲ ਸੂਬੇ ਵਜੋਂ ਪੰਜਾਬ ਦੀ ਹੋਂਦ ਨਾਲ ਸਬੰਧਤ ਹੈ। ਲੇਕਿਨ ਬਦਕਿਸਮਤੀ ਨਾਲ ਅਸੀਂ ਇਸ ਤੋਂ ਹਾਰ ਰਹੇ ਹਾਂ ਕਿਉਂਕਿ ਸ਼ਾਇਦ ਹੀ ਕੋਈ ਦਿਨ ਲੰਘਦਾ ਹੋਵੇ ਜਦੋਂ ਇੱਕ ਜਾਂ ਦੂਜੀ ਜਗ੍ਹਾ 'ਤੇ ਅਪਰਾਧੀਆਂ ਅਤੇ ਗੈਂਗਸਟਰਾਂ ਦੁਆਰਾ ਕੋਈ ਕਤਲ ਨਾ ਹੋਵੇ।
ਉਨ੍ਹਾਂ ਕਿਹਾ ਕਿ ਪੂਰਾ ਸੂਬਾ ਗੈਂਗਸਟਰਾਂ ਦੇ ਡਰ ਅਤੇ ਦਹਿਸ਼ਤ ਦੀ ਪਕੜ ਵਿੱਚ ਹੈ, ਜਿਹੜੇ ਆਪਣੀ ਮਰਜ਼ੀ ਨਾਲ ਕਿੱਥੇ ਵੀ ਹਮਲਾ ਕਰਨ ਦੀ ਹਿੰਮਤ ਰੱਖਦੇ ਹਨ। ਉਨ੍ਹਾਂ ਜ਼ਿਕਰ ਕੀਤਾ ਕਿ ਇੱਕ ਪਾਸੇ ਬਟਾਲਾ ਤੋਂ ਲੈ ਕੇ ਦੂਜੇ ਪਾਸੇ ਅਬੋਹਰ ਤੱਕ, ਅਪਰਾਧੀ ਅਤੇ ਗੈਂਗਸਟਰ ਰਾਜ ਕਰ ਰਹੇ ਹਨ।
ਵੜਿੰਗ ਨੇ ਖੁਲਾਸਾ ਕੀਤਾ ਕਿ ਅਜਿਹੇ ਬਹੁਤ ਸਾਰੇ ਲੋਕ ਹਨ, ਜਿਨ੍ਹਾਂ ਨੂੰ "ਫਿਰੌਤੀ" ਅਤੇ "ਸੁਰੱਖਿਆ ਲਈ ਪੈਸੇ" ਦੇਣ ਵਾਸਤੇ ਮਜਬੂਰ ਕੀਤਾ ਜਾਂਦਾ ਹੈ, ਪਰ ਉਹ ਸ਼ਿਕਾਇਤ ਨਹੀਂ ਕਰਦੇ, ਕਿਉਂਕਿ ਉਨ੍ਹਾਂ ਨੂੰ ਸਰਕਾਰ ਜਾਂ ਪੁਲਿਸ ਉੱਪਰ ਉਹਨਾਂ ਦੀ ਰੱਖਿਆ ਕਰਨ ਦਾ ਕੋਈ ਭਰੋਸਾ ਨਹੀਂ ਹੈ।
ਉਨ੍ਹਾਂ ਨੇ ਸੂਬੇ ਵਿੱਚ ਵੱਧ ਰਹੇ ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਸੱਦਾ ਦਿੱਤਾ ਹੈ ਅਤੇ ਆਪਣੀ ਪਾਰਟੀ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਤੁਹਾਨੂੰ ਭਰੋਸਾ ਦਿਵਾਉਂਦੇ ਹਾਂ ਕਿ ਇੱਕ ਪ੍ਰਮੁੱਖ ਵਿਰੋਧੀ ਪਾਰਟੀ ਹੋਣ ਦੇ ਨਾਤੇ, ਕਾਂਗਰਸ ਅਪਰਾਧ ਨੂੰ ਖਤਮ ਕਰਨ ਅਤੇ ਅਪਰਾਧੀਆਂ ਤੇ ਗੈਂਗਸਟਰਾਂ ਤੋਂ ਛੁਟਕਾਰਾ ਪਾਉਣ ਲਈ ਹਰ ਤਰ੍ਹਾਂ ਦੀ ਕਾਰਵਾਈ ਵਿੱਚ ਤੁਹਾਡੇ ਨਾਲ ਖੜ੍ਹੀ ਰਹੇਗੀ। ਹੁਣ ਕਾਰਵਾਈ ਕਰਨ ਦਾ ਸਮਾਂ ਆ ਗਿਆ ਹੈ, ਨਹੀਂ ਤਾਂ ਬਹੁਤ ਦੇਰ ਹੋ ਜਾਵੇਗੀ ਅਤੇ ਅਸੀਂ ਅਜਿਹੀ ਸਥਿਤੀ ਵਿੱਚ ਪਹੁੰਚ ਜਾਵਾਂਗੇ, ਜਿੱਥੇ ਵਾਪਸੀ ਨਹੀਂ ਹੋ ਸਕਦੀ।
Get all latest content delivered to your email a few times a month.