ਤਾਜਾ ਖਬਰਾਂ
ਸੋਹਾਣਾ ਇਲਾਕੇ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਹੋਏ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿੱਚ ਮੁਹਾਲੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਾਂਚ ਏਜੰਸੀਆਂ ਨੇ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋ ਮੁੱਖ ਸ਼ੂਟਰਾਂ ਦੀ ਪਛਾਣ ਕਰਦੇ ਹੋਏ ਉਨ੍ਹਾਂ ਦੀਆਂ ਤਸਵੀਰਾਂ ਜਨਤਕ ਕਰ ਦਿੱਤੀਆਂ ਹਨ।
ਅੰਮ੍ਰਿਤਸਰ ਨਾਲ ਸਬੰਧਤ ਹਨ ਮੁਲਜ਼ਮ
ਮੁਹਾਲੀ ਦੇ ਐਸ.ਐਸ.ਪੀ. ਹਰਮਨਦੀਪ ਸਿੰਘ ਹੰਸ ਨੇ ਮਾਮਲੇ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਕਤਲ ਦੀ ਇਸ ਸਨਸਨੀਖੇਜ਼ ਵਾਰਦਾਤ ਵਿੱਚ ਸ਼ਾਮਲ ਦੋਵੇਂ ਸ਼ੂਟਰ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਨ੍ਹਾਂ ਦੀ ਪਛਾਣ ਅਦਿਤਿਆ ਕਪੂਰ ਅਤੇ ਕਰਨ ਪਾਠਕ ਵਜੋਂ ਹੋਈ ਹੈ। ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਪੁਲਿਸ ਇਨ੍ਹਾਂ ਦੋਵਾਂ ਤੱਕ ਪਹੁੰਚਣ ਵਿੱਚ ਕਾਮਯਾਬ ਹੋਈ ਹੈ।
ਤੀਜੇ ਸਾਥੀ ਦੀ ਭਾਲ ਜਾਰੀ
ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਵਾਰਦਾਤ ਸਮੇਂ ਇਨ੍ਹਾਂ ਦੇ ਨਾਲ ਇੱਕ ਤੀਜਾ ਸਾਥੀ ਵੀ ਮੌਜੂਦ ਸੀ। ਹਾਲਾਂਕਿ ਪੁਲਿਸ ਕੋਲ ਉਸ ਬਾਰੇ ਅਹਿਮ ਸੁਰਾਗ ਮਿਲ ਚੁੱਕੇ ਹਨ, ਪਰ ਸੁਰੱਖਿਆ ਕਾਰਨਾਂ ਅਤੇ ਜਾਂਚ ਦੇ ਚੱਲਦਿਆਂ ਅਜੇ ਤੱਕ ਉਸ ਦੀ ਪਛਾਣ ਗੁਪਤ ਰੱਖੀ ਗਈ ਹੈ। ਪੁਲਿਸ ਦੀਆਂ ਕਈ ਟੀਮਾਂ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀਆਂ ਹਨ।
ਕਬੱਡੀ ਪ੍ਰਮੋਟਰ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਖੇਡ ਜਗਤ ਵਿੱਚ ਵੀ ਸੋਗ ਦੀ ਲਹਿਰ ਹੈ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਸਲਾਖਾਂ ਦੇ ਪਿੱਛੇ ਪਹੁੰਚਾਇਆ ਜਾਵੇਗਾ ਅਤੇ ਕਤਲ ਦੇ ਪਿੱਛੇ ਦੀ ਅਸਲ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ।
Get all latest content delivered to your email a few times a month.