ਤਾਜਾ ਖਬਰਾਂ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਸਫ਼ਲਤਾ ਤੋਂ ਬਾਅਦ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਪੰਜਾਬ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਹੋਈ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਦੋਵਾਂ ਆਗੂਆਂ ਨੇ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਗਏ ਵੱਡੇ ਫਤਵੇ ਲਈ ਤਹਿ7 ਦਿਲੋਂ ਸ਼ੁਕਰਾਨਾ ਕੀਤਾ।
70 ਫੀਸਦੀ ਸੀਟਾਂ 'ਤੇ ਜਿੱਤ ਦਾ ਦਾਅਵਾ
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਪਾਰਟੀ ਦਾ ਪ੍ਰਦਰਸ਼ਨ ਬਹੁਤ ਮਜ਼ਬੂਤ ਰਿਹਾ ਹੈ। ਉਨ੍ਹਾਂ ਦੱਸਿਆ ਕਿ 'ਆਪ' ਨੇ ਲਗਭਗ 68 ਫੀਸਦੀ ਬਲਾਕ ਸੰਮਤੀ ਅਤੇ 72 ਫੀਸਦੀ ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਬਜ਼ਾ ਕੀਤਾ ਹੈ। ਕੁੱਲ ਮਿਲਾ ਕੇ ਪਾਰਟੀ ਨੇ ਸੂਬੇ ਵਿੱਚ 70 ਫੀਸਦੀ ਸੀਟਾਂ ਜਿੱਤ ਕੇ ਆਪਣੀ ਪਕੜ ਮਜ਼ਬੂਤ ਕੀਤੀ ਹੈ। ਸੀਐਮ ਮਾਨ ਨੇ ਕਿਹਾ ਕਿ ਲੋਕਾਂ ਨੇ ਸਾਢੇ ਚਾਰ ਸਾਲਾਂ ਦੇ ਕੰਮ ਅਤੇ ਦਿੱਤੀਆਂ ਗਈਆਂ ਗਾਰੰਟੀਆਂ ਦੇ ਪੂਰਾ ਹੋਣ 'ਤੇ ਮੋਹਰ ਲਗਾਈ ਹੈ।
ਵਿਰੋਧੀ ਧਿਰ ਦੇ ਦੋਸ਼ਾਂ 'ਤੇ ਪਲਟਵਾਰ
ਕਾਂਗਰਸ ਵੱਲੋਂ ਚੋਣ ਪ੍ਰਕਿਰਿਆ 'ਤੇ ਚੁੱਕੇ ਗਏ ਸਵਾਲਾਂ ਅਤੇ 'ਵਾਧੂ ਬੈਲੇਟ ਪੇਪਰ' ਛਾਪਣ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਤੀਜਿਆਂ ਨੇ ਸਭ ਕੁਝ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਤਰਕ ਦਿੱਤਾ ਕਿ ਜੇਕਰ ਕੋਈ ਗੜਬੜ ਹੁੰਦੀ ਤਾਂ ਕਾਂਗਰਸ ਕਈ ਸੀਟਾਂ 'ਤੇ ਜਿੱਤ ਹਾਸਲ ਨਾ ਕਰਦੀ। ਉਨ੍ਹਾਂ ਅੱਗੇ ਕਿਹਾ ਕਿ ਇਸ ਵਾਰ ਚੋਣਾਂ ਦੀ ਪਾਰਦਰਸ਼ਤਾ ਲਈ ਪਹਿਲੀ ਵਾਰ ਵੀਡੀਓਗ੍ਰਾਫੀ ਅਤੇ ਲਾਈਵ ਸਟ੍ਰੀਮਿੰਗ ਦਾ ਪ੍ਰਬੰਧ ਕੀਤਾ ਗਿਆ ਸੀ, ਜਿਸ ਨਾਲ ਧਾਂਦਲੀ ਦੀ ਕੋਈ ਗੁੰਜਾਇਸ਼ ਨਹੀਂ ਰਹੀ।
ਹਾਰੇ ਹੋਏ ਉਮੀਦਵਾਰਾਂ ਨੂੰ ਨਸੀਹਤ
ਜਿੱਤ ਦਾ ਜਸ਼ਨ ਮਨਾਉਣ ਦੇ ਨਾਲ-ਨਾਲ ਮੁੱਖ ਮੰਤਰੀ ਨੇ ਆਪਣੀ ਪਾਰਟੀ ਦੇ ਹਾਰੇ ਹੋਏ ਉਮੀਦਵਾਰਾਂ ਨੂੰ ਵੀ ਅਹਿਮ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਵਿੱਚ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਉੱਥੇ ਉਮੀਦਵਾਰਾਂ ਨੂੰ ਜਨਤਾ ਦੇ ਵਿਚਕਾਰ ਜਾਣਾ ਚਾਹੀਦਾ ਹੈ, ਆਪਣੀਆਂ ਕਮੀਆਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ।
ਪੰਜਾਬ ਲਈ ਨਵੀਂ ਉਮੀਦ
ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਹੋਈ ਇਸ ਕਾਨਫਰੰਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ 'ਆਪ' ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਪੇਂਡੂ ਵਿਕਾਸ ਲਈ ਹੋਰ ਤੇਜ਼ੀ ਨਾਲ ਕੰਮ ਕਰੇਗੀ। ਕੇਜਰੀਵਾਲ ਨੇ ਵੀ ਪੰਜਾਬ ਦੀ ਲੀਡਰਸ਼ਿਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਦਾ ਇਹ ਭਰੋਸਾ ਪਾਰਟੀ ਦੀ ਜ਼ਿੰਮੇਵਾਰੀ ਹੋਰ ਵਧਾਉਂਦਾ ਹੈ।
Get all latest content delivered to your email a few times a month.