ਤਾਜਾ ਖਬਰਾਂ
ਲੁਧਿਆਣਾ ਜ਼ਿਲ੍ਹੇ ਦੇ ਗਿੱਲ ਇਲਾਕੇ ਅਧੀਨ ਆਉਂਦੇ ਬਚਿਤਰ ਨਗਰ ਵਿੱਚ ਵੀਰਵਾਰ ਦੇਰ ਸ਼ਾਮ ਚੋਣੀ ਜਿੱਤ ਦੇ ਜਸ਼ਨ ਦੌਰਾਨ ਭਾਰੀ ਹਿੰਸਾ ਭੜਕ ਉੱਠੀ। ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰ ਲੱਡੂ ਵੰਡ ਕੇ ਖੁਸ਼ੀ ਮਨਾ ਰਹੇ ਸਨ। ਇਸ ਦੌਰਾਨ ਉੱਥੇ ਕਾਂਗਰਸ ਪੱਖੀ ਵਰਕਰ ਵੀ ਪਹੁੰਚ ਗਏ, ਜਿਸ ਕਾਰਨ ਦੋਨਾਂ ਧਿਰਾਂ ਵਿਚਕਾਰ ਪਹਿਲਾਂ ਬਹਿਸ ਅਤੇ ਫਿਰ ਹਿੰਸਕ ਝੜਪ ਹੋ ਗਈ।
ਆਰੋਪ ਹੈ ਕਿ ਇਸ ਝੜਪ ਦੌਰਾਨ ਕਾਂਗਰਸ ਦੇ ਸਾਬਕਾ ਸਰਪੰਚ ਵੱਲੋਂ ਅਚਾਨਕ ਅਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਕਾਰਨ ਘੱਟੋ-ਘੱਟ ਚਾਰ ਆਪ ਵਰਕਰ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਦੀ ਪਛਾਣ ਗੁਰਮੁਖ ਸਿੰਘ (65), ਰਵਿੰਦਰ ਸਿੰਘ (44) ਅਤੇ ਮਨਦੀਪ ਸਿੰਘ (36) ਵਜੋਂ ਹੋਈ ਹੈ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਦਰ ਥਾਣੇ ਦੇ ਐਸ.ਐਚ.ਓ. ਜਗਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲਣ ਦੇ ਤੁਰੰਤ ਬਾਅਦ ਪੁਲਿਸ ਟੀਮਾਂ ਮੌਕੇ ‘ਤੇ ਭੇਜੀਆਂ ਗਈਆਂ ਹਨ ਅਤੇ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਉਪਰੰਤ ਹੀ ਘਟਨਾ ਦੀ ਪੂਰੀ ਤਸਵੀਰ ਸਾਫ਼ ਹੋ ਸਕੇਗੀ।
Get all latest content delivered to your email a few times a month.