ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅੱਜ ਦੇਸ਼ ਦੀ ਸਰਵਉੱਚ ਅਦਾਲਤ ਨੇ ਅਹਿਮ ਕਦਮ ਚੁੱਕਿਆ ਹੈ। ਸੁਪਰੀਮ ਕੋਰਟ ਨੇ ਮਜੀਠੀਆ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਸੂਬਾ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ 4 ਹਫ਼ਤਿਆਂ ਦਾ ਸਮਾਂ ਦਿੱਤਾ ਹੈ।
ਹਾਈਕੋਰਟ ਦੇ ਫੈਸਲੇ ਨੂੰ ਦਿੱਤੀ ਸੀ ਚੁਣੌਤੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 5 ਦਸੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਹਾਈਕੋਰਟ ਨੇ ਆਪਣੀ ਟਿੱਪਣੀ ਵਿੱਚ ਕਿਹਾ ਸੀ ਕਿ ਜਾਂਚ ਦੌਰਾਨ ਸਾਹਮਣੇ ਆਏ ਵਿੱਤੀ ਲੈਣ-ਦੇਣ, ਕੰਪਨੀਆਂ ਦਾ ਗੁੰਝਲਦਾਰ ਜਾਲ ਅਤੇ ਵਿਦੇਸ਼ੀ ਫੰਡਿੰਗ ਵਰਗੇ ਤੱਥ ਗੰਭੀਰ ਆਰਥਿਕ ਅਪਰਾਧ ਵੱਲ ਇਸ਼ਾਰਾ ਕਰਦੇ ਹਨ। ਹਾਈਕੋਰਟ ਤੋਂ ਰਾਹਤ ਨਾ ਮਿਲਣ ਮਗਰੋਂ ਮਜੀਠੀਆ ਨੇ ਆਪਣੇ ਵਕੀਲ ਅਰਸ਼ਦੀਪ ਸਿੰਘ ਕਲੇਰ ਰਾਹੀਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਕੀ ਹੈ ਪੂਰਾ ਮਾਮਲਾ?
ਬਿਕਰਮ ਸਿੰਘ ਮਜੀਠੀਆ ਇਸ ਵੇਲੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਨਾਭਾ ਜੇਲ੍ਹ ਵਿੱਚ ਬੰਦ ਹਨ। ਇਸ ਤੋਂ ਇਲਾਵਾ ਉਨ੍ਹਾਂ 'ਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਵੀ ਇਲਜ਼ਾਮ ਹਨ। ਮਜੀਠੀਆ ਪੱਖ ਦਾ ਕਹਿਣਾ ਹੈ ਕਿ ਇਹ ਸਾਰੀ ਕਾਰਵਾਈ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੀਤੀ ਜਾ ਰਹੀ ਹੈ।
ਅਗਲੀ ਸੁਣਵਾਈ ਦੀ ਤਰੀਕ
ਸੁਪਰੀਮ ਕੋਰਟ ਵੱਲੋਂ ਨੋਟਿਸ ਜਾਰੀ ਹੋਣ ਤੋਂ ਬਾਅਦ ਹੁਣ ਸਾਰੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਜਵਾਬ 'ਤੇ ਟਿਕੀਆਂ ਹੋਈਆਂ ਹਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ ਨਿਰਧਾਰਤ ਕੀਤੀ ਹੈ, ਜਿਸ ਵਿੱਚ ਮਜੀਠੀਆ ਦੀ ਰਿਹਾਈ ਬਾਰੇ ਕੋਈ ਵੱਡਾ ਫੈਸਲਾ ਸਾਹਮਣੇ ਆ ਸਕਦਾ ਹੈ।
Get all latest content delivered to your email a few times a month.