ਤਾਜਾ ਖਬਰਾਂ
ਪੰਜਾਬ ਤੋਂ ਇੱਕ ਬਹੁਤ ਹੀ ਚੌਕਾਂਉਣ ਵਾਲੀ ਅਤੇ ਗੰਭੀਰ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (IG) ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਘਟਨਾ ਤੋਂ ਬਾਅਦ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਸਾਬਕਾ IG ਅਮਰ ਸਿੰਘ ਚਾਹਲ, ਜੋ ਸੇਵਾਮੁਕਤੀ ਤੋਂ ਬਾਅਦ ਪਟਿਆਲਾ ਵਿੱਚ ਰਹਿ ਰਹੇ ਸਨ, ਨੇ ਇਹ ਘਟਨਾ ਸੋਮਵਾਰ ਨੂੰ ਆਪਣੇ ਘਰ ‘ਚ ਅੰਜਾਮ ਦਿੱਤੀ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਗੋਲੀ ਮਾਰਨ ਤੋਂ ਪਹਿਲਾਂ ਉਨ੍ਹਾਂ ਨੇ 12 ਪੰਨਿਆਂ ਦਾ ਇੱਕ ਸੁਸਾਈਡ ਨੋਟ ਲਿਖਿਆ ਸੀ, ਜੋ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਦੇ ਨਾਮ ਸੰਬੋਧਿਤ ਹੈ।
ਪੁਲਿਸ ਸੂਤਰਾਂ ਮੁਤਾਬਕ, ਸੁਸਾਈਡ ਨੋਟ ਵਿੱਚ ਲਗਭਗ 8.10 ਕਰੋੜ ਰੁਪਏ ਦੀ ਔਨਲਾਈਨ ਧੋਖਾਧੜੀ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਕਾਰਨ ਉਹ ਭਾਰੀ ਮਾਨਸਿਕ ਤਣਾਅ ‘ਚ ਸਨ। ਹਾਲਾਂਕਿ, ਪੁਲਿਸ ਵੱਲੋਂ ਇਸ ਨੋਟ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।
ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਜਿਵੇਂ ਹੀ ਗੋਲੀਬਾਰੀ ਦੀ ਸੂਚਨਾ ਮਿਲੀ, ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਉਸ ਵੇਲੇ ਅਮਰ ਸਿੰਘ ਚਾਹਲ ਦੀ ਹਾਲਤ ਬਹੁਤ ਗੰਭੀਰ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਜ਼ਿਕਰਯੋਗ ਹੈ ਕਿ ਅਮਰ ਸਿੰਘ ਚਾਹਲ 2015 ਦੇ ਫਰੀਦਕੋਟ ਗੋਲੀਕਾਂਡ ਮਾਮਲੇ ਵਿੱਚ ਦੋਸ਼ੀ ਰਹਿ ਚੁੱਕੇ ਹਨ। 24 ਫਰਵਰੀ 2023 ਨੂੰ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਫਰੀਦਕੋਟ ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ SIT ਦੀ ਅਗਵਾਈ ਉਸ ਸਮੇਂ ਦੇ ਏਡੀਜੀਪੀ ਐਲਕੇ ਯਾਦਵ ਕਰ ਰਹੇ ਸਨ।
ਚਾਰਜਸ਼ੀਟ ਵਿੱਚ ਕਈ ਵੱਡੇ ਰਾਜਨੀਤਿਕ ਆਗੂਆਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਮ ਵੀ ਸ਼ਾਮਲ ਸਨ, ਜਿਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਡੀਆਈਜੀ ਅਮਰ ਸਿੰਘ ਚਾਹਲ, ਸਾਬਕਾ ਐਸਐਸਪੀ ਸੁਖਮਿੰਦਰ ਸਿੰਘ ਮਾਨ ਅਤੇ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੇ ਨਾਮ ਸ਼ਾਮਲ ਹਨ।
Get all latest content delivered to your email a few times a month.