ਤਾਜਾ ਖਬਰਾਂ
ਇੰਸਟਾਗ੍ਰਾਮ ਇੰਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸਦੇ ਸਾਥੀ ਰਣਜੀਤ ਸਿੰਘ ਨੂੰ ਭਗੌੜਾ ਕਰਾਰ ਦੇਣ ਲਈ ਕਾਨੂੰਨੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਥਾਣਾ ਕੈਂਟ ਪੁਲਿਸ ਵੱਲੋਂ ਦੋਵੇਂ ਕਥਿਤ ਦੋਸ਼ੀਆਂ ਦੇ ਘਰਾਂ ਦੇ ਬਾਹਰ ਪੋਸਟਰ ਲਗਾ ਕੇ ਉਨ੍ਹਾਂ ਦੀ ਤਲਾਸ਼ ਸੰਬੰਧੀ ਜਾਣਕਾਰੀ ਜਨਤਕ ਕੀਤੀ ਗਈ ਹੈ।
ਥਾਣਾ ਕੈਂਟ ਦੇ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ ਕੰਚਨ ਕੁਮਾਰੀ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜੀ ਇੱਕ ਕਾਰ ਦੇ ਅੰਦਰ ਸੂਟਕੇਸ ’ਚ ਸੁੱਟਿਆ ਗਿਆ ਸੀ। ਇਸ ਸਨਸਨੀਖੇਜ਼ ਕਤਲ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾਕੇ ਕਾਰਵਾਈ ਕੀਤੀ ਅਤੇ ਕੁੱਲ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।
ਉਨ੍ਹਾਂ ਮੁਤਾਬਕ, ਦੋ ਕਥਿਤ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਅੰਮ੍ਰਿਤਪਾਲ ਸਿੰਘ ਮਹਿਰੋਂ, ਰਣਜੀਤ ਸਿੰਘ ਅਤੇ ਇੱਕ ਅਣਪਛਾਤਾ ਵਿਅਕਤੀ ਲਗਾਤਾਰ ਪੁਲਿਸ ਦੀ ਪਕੜ ਤੋਂ ਬਾਹਰ ਹਨ। ਕਈ ਥਾਵਾਂ ’ਤੇ ਛਾਪੇਮਾਰੀ ਦੇ ਬਾਵਜੂਦ ਦੋਸ਼ੀਆਂ ਦੀ ਭਾਲ ਨਾ ਹੋਣ ਕਾਰਨ ਪੁਲਿਸ ਵੱਲੋਂ ਅਦਾਲਤ ਵਿੱਚ ਆਪਣੀਆਂ ਗਵਾਹੀਆਂ ਦਰਜ ਕਰਵਾਈਆਂ ਗਈਆਂ ਹਨ।
ਇਸ ਕਾਰਵਾਈ ਤੋਂ ਬਾਅਦ ਅਦਾਲਤ ਦੀ ਮਨਜ਼ੂਰੀ ਨਾਲ ਦੋਸ਼ੀਆਂ ਨੂੰ ਭਗੌੜਾ ਘੋਸ਼ਿਤ ਕਰਨ ਦੀ ਪ੍ਰਕਿਰਿਆ ਅੱਗੇ ਵਧਾਈ ਗਈ ਹੈ ਅਤੇ ਉਨ੍ਹਾਂ ਦੇ ਘਰਾਂ ਦੇ ਬਾਹਰ ਪੋਸਟਰ ਲਗਾਏ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ ਲਈ ਅਦਾਲਤ ਵੱਲੋਂ 27 ਜਨਵਰੀ 2026 ਦੀ ਤਾਰੀਖ਼ ਨਿਰਧਾਰਤ ਕੀਤੀ ਗਈ ਹੈ।
Get all latest content delivered to your email a few times a month.