ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਾਜਪਾ (BJP) ਦੇ ਆਗੂ ਪ੍ਰਿਤਪਾਲ ਸਿੰਘ ਬਲੀਆਵਾਲਾ ਵੱਲੋਂ ਦਿੱਤੇ ਬਿਆਨ ਨੂੰ ਸਰਾਸਰ ਝੂਠ ਕਰਾਰ ਦਿੱਤਾ ਹੈ। ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਦੇ ਵੀ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸੰਬੰਧਤ ਦਿਹਾੜੇ ਦਾ ਨਾਮ ‘ਵੀਰ ਬਾਲ ਦਿਵਸ’ ਰੱਖਣ ਦੀ ਕੋਈ ਮੰਗ ਨਹੀਂ ਕੀਤੀ ਗਈ।
ਮੀਡੀਆ ਨੂੰ ਜਾਰੀ ਕੀਤੇ ਆਪਣੇ ਬਿਆਨ ਵਿੱਚ ਮਨਜੀਤ ਸਿੰਘ ਜੀ.ਕੇ. ਨੇ ਦੱਸਿਆ ਕਿ ਪ੍ਰਿਤਪਾਲ ਸਿੰਘ ਬਲੀਆਵਾਲਾ ਨੇ ਟਵੀਟਰ ਅਤੇ ਮੀਡੀਆ ਰਾਹੀਂ ਇਹ ਦਾਅਵਾ ਕੀਤਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇੱਕ ਸੈਮੀਨਾਰ ਦੌਰਾਨ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਂਸਦ ਸਮ੍ਰਿਤੀ ਇਰਾਨੀ, ਰਜਤ ਸ਼ਰਮਾ ਅਤੇ ਖੁਦ ਉਹ ਮੌਜੂਦ ਸਨ, ਉੱਥੇ ‘ਵੀਰ ਬਾਲ ਦਿਵਸ’ ਦੀ ਮੰਗ ਰੱਖੀ ਗਈ ਸੀ।
ਉਨ੍ਹਾਂ ਨੇ ਸਪਸ਼ਟ ਕੀਤਾ ਕਿ ਡੀਐਸਜੀਐਮਸੀ ਵੱਲੋਂ ਜਾਰੀ ਕੀਤਾ ਗਿਆ ਇੱਕ ਵੀ ਅਜਿਹਾ ਪ੍ਰੈੱਸ ਨੋਟ ਮੌਜੂਦ ਨਹੀਂ, ਜਿਸ ਵਿੱਚ ਇਸ ਤਰ੍ਹਾਂ ਦੀ ਮੰਗ ਦਾ ਜ਼ਿਕਰ ਹੋਵੇ। ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਉਹ ਸੈਮੀਨਾਰ ਦੇ ਵੀਡੀਓ ਲਿੰਕ ਵੀ ਜਨਤਕ ਕਰ ਸਕਦੇ ਹਨ, ਜਿਨ੍ਹਾਂ ਰਾਹੀਂ ਇਹ ਸਾਫ਼ ਸਾਬਤ ਹੁੰਦਾ ਹੈ ਕਿ ਨਾ ਤਾਂ ਸੁਖਬੀਰ ਸਿੰਘ ਬਾਦਲ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਆਗੂ ਨੇ ‘ਵੀਰ ਬਾਲ ਦਿਵਸ’ ਨਾਮ ਦੀ ਮੰਗ ਕੀਤੀ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਸਾਰਾ ਮਾਮਲਾ ਭਾਜਪਾ ਦੇ ਰਾਜਨੀਤਿਕ ਏਜੰਡੇ ਨਾਲ ਜੁੜਿਆ ਹੋਇਆ ਹੈ ਅਤੇ ਇਹ ਝੂਠਾ ਪ੍ਰਚਾਰ ਉਸ ਸਮੇਂ ਕੀਤਾ ਗਿਆ ਹੈ, ਜਦੋਂ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਸਾਂਸਦਾਂ ਨੂੰ ਇਹ ਆਦੇਸ਼ ਦਿੱਤਾ ਗਿਆ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦੀ ਮੰਗ ਸੰਸਦ ਵਿੱਚ ਰੱਖੀ ਜਾਵੇ।
ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਪ੍ਰਿਤਪਾਲ ਸਿੰਘ ਬਲੀਆਵਾਲਾ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਸੰਗਤ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਹੈ, ਜਿਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ, ਪੂਰੀ ਜਾਣਕਾਰੀ ਹੋਣ ਦੇ ਬਾਵਜੂਦ, ਸੋਸ਼ਲ ਮੀਡੀਆ ’ਤੇ ਅਜਿਹੀਆਂ ਪੋਸਟਾਂ ਕਰਕੇ ਸੰਗਤ ਵਿੱਚ ਭ੍ਰਮ ਪੈਦਾ ਕਰਨਾ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ।
Get all latest content delivered to your email a few times a month.