ਤਾਜਾ ਖਬਰਾਂ
ਪੰਜਾਬ ਪੁਲਿਸ ਵੱਲੋਂ ਵੇਸਵਾਗਮਨੀ ਵਿਰੁੱਧ ਸਖ਼ਤ ਮੁਹਿੰਮ ਤਹਿਤ ਜ਼ੀਰਕਪੁਰ ਦੇ ਬਲਟਾਣਾ ਖੇਤਰ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਹੋਟਲਾਂ ਅਤੇ ਸਪਾ ਸੈਂਟਰਾਂ ਦੀ ਆੜ ਵਿੱਚ ਚੱਲ ਰਹੇ ਦੇਹ-ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ।
ਇੱਕ ਆਈ.ਪੀ.ਐਸ. ਅਧਿਕਾਰੀ ਦੀ ਨਿਗਰਾਨੀ ਹੇਠ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਦੋ ਹੋਟਲਾਂ ਅਤੇ ਇੱਕ ਸਪਾ ਸੈਂਟਰ ਤੋਂ 11 ਲੜਕੀਆਂ ਨੂੰ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਮੌਕੇ ਤੋਂ ਹੋਟਲ ਸੰਚਾਲਕ, ਮੈਨੇਜਰ ਸਮੇਤ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਸੀਲ ਕੀਤੇ ਗਏ ਹੋਟਲ ਤੇ ਸਪਾ ਸੈਂਟਰ
ਏ.ਐਸ.ਪੀ. ਗਜ਼ਲਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਲੰਬੇ ਸਮੇਂ ਤੋਂ ਹਾਈਵੇਅ ਦੇ ਨਾਲ ਲੱਗਦੇ ਇਨ੍ਹਾਂ ਥਾਵਾਂ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਮਸਾਜ ਸੇਵਾਵਾਂ ਦੀ ਆੜ ਵਿੱਚ ਗ਼ੈਰ-ਕਾਨੂੰਨੀ ਵੇਸਵਾਗਮਨੀ ਦਾ ਧੰਦਾ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਹੋਟਲ ਸੰਗਮ, ਹੋਟਲ ਗਿੰਨੀ ਅਤੇ ਏ-ਵਨ ਸਪਾ ਸੈਂਟਰ ਵਿੱਚ ਅਨੈਤਿਕ ਵਪਾਰ ਦਾ ਪਰਦਾਫਾਸ਼ ਹੋਇਆ ਹੈ। ਠੋਸ ਸਬੂਤ ਇਕੱਠੇ ਕਰਨ ਤੋਂ ਬਾਅਦ, ਡਿਊਟੀ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਤਿੰਨੋਂ ਅਦਾਰਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਏ.ਐਸ.ਪੀ. ਗਜ਼ਲਪ੍ਰੀਤ ਕੌਰ ਨੇ ਸਪੱਸ਼ਟ ਕੀਤਾ, "ਕਾਨੂੰਨ ਦੀ ਉਲੰਘਣਾ ਅਤੇ ਅਨੈਤਿਕ ਵਪਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਾਂਚ ਜਾਰੀ ਹੈ, ਅਤੇ ਇਸ ਧੰਦੇ ਵਿੱਚ ਸ਼ਾਮਲ ਹੋਰ ਲੋਕਾਂ ਨੂੰ ਵੀ ਜਲਦੀ ਹੀ ਫੜ ਲਿਆ ਜਾਵੇਗਾ।" ਪੁਲਿਸ ਇਸ ਗੈਰ-ਕਾਨੂੰਨੀ ਧੰਦੇ ਦੇ ਪੂਰੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।
Get all latest content delivered to your email a few times a month.