ਤਾਜਾ ਖਬਰਾਂ
ਚੰਡੀਗੜ੍ਹ, 25 ਦਸੰਬਰ-
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਉਸ ਬਿਆਨ, ਜਿਸ ਵਿੱਚ ਉਨ੍ਹਾਂ ਕਿਹਾ ਕਿ 'ਕੀ ਸਰਕਾਰ ਖ਼ੁਦ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਪਰ ਸਮਝਣ ਲੱਗ ਪਈ ਹੈ', 'ਤੇ ਤਿੱਖਾ ਪਲਟਵਾਰ ਕੀਤਾ ਹੈ।
ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਕਦੇ ਵੀ ਖ਼ੁਦ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਪਰ ਨਹੀਂ ਮੰਨਿਆ ਅਤੇ ਨਾ ਹੀ ਅਜਿਹੀ ਕੋਈ ਮੰਸ਼ਾ ਹੈ, ਕਿਉਂਕਿ ਸਾਡੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ।
ਐਸਜੀਪੀਸੀ ਪ੍ਰਧਾਨ ਧਾਮੀ ਨੂੰ ਆੜੇ ਹੱਥੀਂ ਲੈਂਦਿਆਂ ਪੰਨੂ ਨੇ ਸਵਾਲ ਕੀਤਾ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਗੰਭੀਰ ਮਾਮਲੇ 'ਤੇ ਸਵਾਲ ਉੱਠਦੇ ਹਨ, ਤਾਂ ਧਾਮੀ ਸਾਹਿਬ ਰੌਲਾ ਪਾਉਣਾ ਕਿਉਂ ਸ਼ੁਰੂ ਕਰ ਦਿੰਦੇ ਹਨ? ਕੀ ਆਪਣੀ ਜਵਾਬਦੇਹੀ ਤੋਂ ਭੱਜਣ ਲਈ ਤੁਸੀਂ ਖ਼ੁਦ ਨੂੰ ਗੁਰੂ ਸਾਹਿਬ ਤੋਂ ਵੀ ਉੱਪਰ ਸਮਝਣ ਲੱਗ ਪਏ ਹੋ?
ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਮਾਮਲਾ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਜੁੜਿਆ ਇੱਕ ਬੇਹੱਦ ਸੰਵੇਦਨਸ਼ੀਲ ਮੁੱਦਾ ਹੈ। ਜਦੋਂ ਵੀ ਇਸ ਮਾਮਲੇ ਵਿੱਚ ਇਨਸਾਫ਼ ਜਾਂ ਸਪੱਸ਼ਟੀਕਰਨ ਦੀ ਮੰਗ ਕੀਤੀ ਜਾਂਦੀ ਹੈ, ਤਾਂ ਧਾਮੀ ਸਾਹਿਬ ਇਸ ਨੂੰ 'ਸਰਕਾਰੀ ਦਖ਼ਲਅੰਦਾਜ਼ੀ' ਦੱਸ ਕੇ ਮੁੱਦੇ ਨੂੰ ਦਬਾਉਣ ਦੀ ਕੋਸ਼ਿਸ਼ ਕਰਦੇ ਹਨ।
ਪੰਨੂ ਨੇ ਧਾਮੀ ਦੇ ਉਸ ਹਾਲੀਆ ਬਿਆਨ 'ਤੇ ਵੀ ਹੈਰਾਨੀ ਪ੍ਰਗਟਾਈ ਜਿਸ ਵਿੱਚ ਉਨ੍ਹਾਂ ਮੰਨਿਆ ਕਿ ਐਸਜੀਪੀਸੀ ਵਿੱਚ ਰੋਜ਼ਾਨਾ 10-20 ਘਪਲੇ ਹੁੰਦੇ ਰਹਿੰਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਧਾਮੀ ਸਾਹਿਬ ਸੰਗਤ ਨੂੰ ਦੱਸਣ ਕਿ ਇਹ ਕਿਸ ਤਰ੍ਹਾਂ ਦੇ ਘਪਲੇ ਹਨ? ਕੀ ਇਹ ਪੈਸੇ ਦੀ ਹੇਰਾਫੇਰੀ ਹੈ, ਰਸੀਦਾਂ ਦੀ ਫਰਜ਼ੀਵਾੜਾ ਹੈ ਜਾਂ ਛਪਾਈ ਦੌਰਾਨ ਹੋਣ ਵਾਲੇ ਭ੍ਰਿਸ਼ਟਾਚਾਰ ਦਾ ਹਿੱਸਾ ਹੈ? ਉਨ੍ਹਾਂ ਦਾ ਇਹ ਬਿਆਨ ਬਹੁਤ ਗੰਭੀਰ ਹੈ ਅਤੇ ਦਰਸਾਉਂਦਾ ਹੈ ਕਿ ਸੰਸਥਾ ਦੇ ਅੰਦਰ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਕਿੰਨੀਆਂ ਡੂੰਘੀਆਂ ਹੋ ਚੁੱਕੀਆਂ ਹਨ।
Get all latest content delivered to your email a few times a month.