ਤਾਜਾ ਖਬਰਾਂ
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਭਰਪੂਰ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਹ ਪਾਵਨ ਜੁਲੂਸ ਅੱਗੇ ਵਧਿਆ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨ ਪਰਵਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। ਇਸ ਦੌਰਾਨ ਗੱਤਕਾ ਪਾਰਟੀਆਂ ਵੱਲੋਂ ਸ਼ਸਤਰ ਵਿਦਿਆ ਦੇ ਜੌਹਰ ਦਿਖਾਏ ਗਏ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਦੀ ਮਹਿਮਾ ਵਿੱਚ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਦਸਮ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਸਾਰੀ ਮਨੁੱਖਤਾ ਲਈ ਅਦੁੱਤੀ ਉਦਾਹਰਨ ਹੈ, ਜੋ ਸਾਨੂੰ ਧਰਮ, ਸੱਚ ਅਤੇ ਨਿਆਂ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਸੰਗਤ ਨੂੰ ਖੰਡੇ ਬਾਟੇ ਦੀ ਦਾਤ ਦੀ ਮਹੱਤਤਾ ਸਮਝਾਉਂਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦਾ ਸੱਦਾ ਦਿੱਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋਇਆ ਨਗਰ ਕੀਰਤਨ ਘੰਟਾ ਘਰ ਪਲਾਜ਼ਾ, ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ ਅਤੇ ਚੌਂਕ ਪਰਾਗਦਾਸ ਸਮੇਤ ਕਈ ਥਾਵਾਂ ਤੋਂ ਗੁਜ਼ਰਿਆ, ਜਿੱਥੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਅਤੇ ਲੰਗਰ ਆਦਿ ਰਾਹੀਂ ਭਰਵਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ।
Get all latest content delivered to your email a few times a month.