ਤਾਜਾ ਖਬਰਾਂ
ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਗੜ੍ਹਸ਼ੰਕਰ ਅਧੀਨ ਪੈਂਦੇ ਪਿੰਡ ਬਿਲੜੋ ਦੇ ਜੰਗਲੀ ਖੇਤਰ ਵਿੱਚ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਉਸ ਸਮੇਂ ਤੀਖੀ ਮੁਠਭੇੜ ਹੋ ਗਈ ਜਦੋਂ ਪੁਲਿਸ ਵੱਲੋਂ ਲੁੱਟ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਸੀ। ਇਸ ਮੁਠਭੇੜ ਦੌਰਾਨ ਇਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗ ਗਈ, ਜਦਕਿ ਉਸਦੇ ਦੋ ਸਾਥੀਆਂ ਨੂੰ ਪੁਲਿਸ ਨੇ ਮੌਕੇ ‘ਤੇ ਹੀ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤੇ ਹਨ।
ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮਾਹਿਲਪੁਰ ਦੇ ਮੰਨੀ ਐਕਸਚੇਂਜ ਅਤੇ ਹੁਸ਼ਿਆਰਪੁਰ ਦੇ ਪਿੰਡ ਚਾਉਹਲ ਵਿਖੇ ਸਥਿਤ ਸਾਈ ਸਟੀਲ ‘ਚ ਹੋਈ ਲੁੱਟ ਦੀ ਵਾਰਦਾਤ ਵਿੱਚ ਸ਼ਾਮਲ ਸਨ। ਇਨ੍ਹਾਂ ਵਾਰਦਾਤਾਂ ਤੋਂ ਬਾਅਦ ਪੁਲਿਸ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਇਸ ਦਰਮਿਆਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਜੰਗਲ ਵੱਲ ਲੁਕੇ ਹੋਏ ਹਨ।
ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਜਦੋਂ ਮੁਲਜ਼ਮਾਂ ਨੂੰ ਟ੍ਰੇਸ ਕਰਕੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਗਈ। ਖੁਸ਼ਕਿਸਮਤੀ ਨਾਲ ਕਿਸੇ ਪੁਲਿਸ ਕਰਮਚਾਰੀ ਨੂੰ ਨੁਕਸਾਨ ਨਹੀਂ ਪਹੁੰਚਿਆ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਇਕ ਮੁਲਜ਼ਮ ਦੇ ਪੈਰ ‘ਚ ਗੋਲੀ ਲੱਗੀ, ਜਿਸਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਫਿਲਹਾਲ ਪੁਲਿਸ ਵੱਲੋਂ ਫੜੇ ਗਏ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Get all latest content delivered to your email a few times a month.