ਤਾਜਾ ਖਬਰਾਂ
ਬਠਿੰਡਾ ਕੇਂਦਰੀ ਜੇਲ੍ਹ ਇਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਜੇਲ੍ਹ ਦੀ ਸੁਰੱਖਿਆ ਅਤੇ ਪ੍ਰਬੰਧਕੀ ਪ੍ਰਣਾਲੀ ਨੂੰ ਝਟਕਾ ਦਿੰਦਿਆਂ ਇੱਕ ਜੇਲ੍ਹ ਵਾਰਡਨ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੰਭੀਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਜੋ ਕਰਮਚਾਰੀ ਕੈਦੀਆਂ ਦੀ ਸੁਧਾਰ ਅਤੇ ਨਿਗਰਾਨੀ ਲਈ ਤਾਇਨਾਤ ਹੁੰਦਾ ਹੈ, ਉਹੀ ਕੈਦੀਆਂ ਤੱਕ ਨਸ਼ਾ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ।
ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਮਹਿਲਾ ਜੇਲ੍ਹ ਅੰਦਰ ਸਥਿਤ ਇੱਕ ਸਰਕਾਰੀ ਕੁਆਰਟਰ ਤੋਂ ਜੇਲ੍ਹ ਵਾਰਡਨ ਕਾਂਸਟੇਬਲ ਵਰਿੰਦਰ ਕੁਮਾਰ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 27 ਗ੍ਰਾਮ ਹੈਰੋਇਨ, 21 ਗ੍ਰਾਮ ਅਫੀਮ ਅਤੇ 60 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ।
ਮੁਲਜ਼ਮ ਵਰਿੰਦਰ ਕੁਮਾਰ, ਜੋ ਕਿ ਪਿੰਡ ਖੋਰਪੁਰ (ਜ਼ਿਲ੍ਹਾ ਫਾਜ਼ਿਲਕਾ) ਦਾ ਰਹਿਣ ਵਾਲਾ ਹੈ, ਉੱਤੇ ਦੋਸ਼ ਹੈ ਕਿ ਉਹ ਬਾਹਰੀ ਨਸ਼ਾ ਤਸਕਰਾਂ ਨਾਲ ਮਿਲ ਕੇ ਪੈਸਿਆਂ ਦੇ ਬਦਲੇ ਜੇਲ੍ਹ ਅੰਦਰ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਦਾ ਸੀ। ਮੁੱਢਲੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਲੰਬੇ ਸਮੇਂ ਤੋਂ ਇਸ ਗੈਰ-ਕਾਨੂੰਨੀ ਧੰਦੇ ਨਾਲ ਜੁੜਿਆ ਹੋਇਆ ਸੀ ਅਤੇ ਜੇਲ੍ਹ ਦੀ ਸੁਰੱਖਿਆ ਵਿੱਚ ਮੌਜੂਦ ਖਾਮੀਆਂ ਦਾ ਲਾਭ ਉਠਾ ਰਿਹਾ ਸੀ।
ਗ੍ਰਿਫ਼ਤਾਰੀ ਤੋਂ ਬਾਅਦ ਦੋਸ਼ੀ ਵਾਰਡਨ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਰੈਕਟ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬਠਿੰਡਾ ਕੇਂਦਰੀ ਜੇਲ੍ਹ ਸਮੇਤ ਪੰਜਾਬ ਦੀਆਂ ਕਈ ਜੇਲ੍ਹਾਂ ਵਿੱਚ ਨਸ਼ੇ ਦੀ ਤਸਕਰੀ ਨਾਲ ਜੁੜੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਕਾਰਨ ਜੇਲ੍ਹ ਪ੍ਰਣਾਲੀ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।
Get all latest content delivered to your email a few times a month.