ਤਾਜਾ ਖਬਰਾਂ
ਅੰਮ੍ਰਿਤਸਰ ਦੇ ਹਾਲ ਗੇਟ ਦੇ ਬਾਹਰ ਐਂਟੀ ਕ੍ਰਾਈਮ ਐਂਡ ਐਨੀਮਲ ਪ੍ਰੋਟੈਕਸ਼ਨ ਸੰਸਥਾ ਵੱਲੋਂ ਚਾਈਨਾ ਡੋਰ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਆਗੂ ਰੋਹਣ ਮਹਿਰਾ ਸਮੇਤ ਕਈ ਸਮਾਜਸੇਵੀ ਆਗੂ ਮੌਜੂਦ ਰਹੇ। ਪ੍ਰਦਰਸ਼ਨ ਦੌਰਾਨ ਚਾਈਨਾ ਡੋਰ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਅਤੇ ਕਾਨੂੰਨਾਂ ਨੂੰ ਹੋਰ ਸਖ਼ਤ ਕਰਨ ਦੀ ਮੰਗ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਰੋਹਣ ਮਹਿਰਾ ਨੇ ਕਿਹਾ ਕਿ ਚਾਈਨਾ ਡੋਰ ਸਿਰਫ਼ ਅੰਮ੍ਰਿਤਸਰ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਅੱਜ ਵੀ ਵੱਡੇ ਪੱਧਰ ’ਤੇ ਵਰਤੀ ਜਾ ਰਹੀ ਹੈ। ਭਾਵੇਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਇਸ ’ਤੇ ਰੋਕ ਲਗਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਹਕੀਕਤ ਇਹ ਹੈ ਕਿ ਅੱਜ ਵੀ ਇਸ ਨਾਲ ਜੁੜੇ ਕਈ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਬੇਜ਼ੁਬਾਨ ਪੰਛੀ ਚਾਈਨਾ ਡੋਰ ਨਾਲ ਜ਼ਖ਼ਮੀ ਹੋ ਕੇ ਜਾਂ ਮਰ ਕੇ ਆਪਣੀ ਜਾਨ ਗੁਆ ਬੈਠਦੇ ਹਨ, ਜਦਕਿ ਕਈ ਆਮ ਲੋਕ, ਬੱਚੇ ਅਤੇ ਦਫ਼ਤਰ ਜਾਂ ਸਕੂਲ ਜਾਣ ਵਾਲੇ ਨਾਗਰਿਕ ਵੀ ਗੰਭੀਰ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ। ਰੋਹਣ ਮਹਿਰਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਚਾਈਨਾ ਡੋਰ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ ਅਤੇ ਚੋਰੀ-ਛਿਪੇ ਇਸ ਦੀ ਵਿਕਰੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅੱਜ ਵੀ ਛੋਟੇ-ਛੋਟੇ ਬੱਚਿਆਂ ਦੇ ਹੱਥਾਂ ਵਿੱਚ ਗੱਟੂ ਵੇਖੇ ਜਾਂਦੇ ਹਨ, ਜੋ ਬਹੁਤ ਹੀ ਚਿੰਤਾਜਨਕ ਹੈ। ਇਸ ਸਬੰਧ ਵਿੱਚ ਉਨ੍ਹਾਂ ਪੇਰੈਂਟਸ ਦੀ ਭੂਮਿਕਾ ਨੂੰ ਸਭ ਤੋਂ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਮਝਾਉਣਾ ਚਾਹੀਦਾ ਹੈ ਕਿ ਚਾਈਨਾ ਡੋਰ ਘਾਤਕ ਹੈ। ਇੱਕ ਹੋਰ ਸਮਾਜਸੇਵੀ ਆਗੂ ਨੇ ਕਿਹਾ ਕਿ ਹਰ ਸਾਲ ਚਾਈਨਾ ਡੋਰ ਖਿਲਾਫ ਪ੍ਰਦਰਸ਼ਨ ਕਰਨ ਦੀ ਨੌਬਤ ਆਉਂਦੀ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਕਾਨੂੰਨਾਂ ਨੂੰ ਢੰਗ ਨਾਲ ਲਾਗੂ ਨਹੀਂ ਕੀਤਾ ਜਾਂਦਾ। ਉਨ੍ਹਾਂ ਮੰਗ ਕੀਤੀ ਕਿ ਇਨਵਾਇਰਮੈਂਟ ਐਕਟ ਅਤੇ ਹੋਰ ਕਾਨੂੰਨਾਂ ਨੂੰ ਹੋਰ ਠੋਸ ਅਤੇ ਸਖ਼ਤ ਬਣਾਇਆ ਜਾਵੇ ਤਾਂ ਜੋ ਚਾਈਨਾ ਡੋਰ ’ਤੇ ਪੂਰੀ ਤਰ੍ਹਾਂ ਨਕੇਲ ਪਾਈ ਜਾ ਸਕੇ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਲੋਕ ਅਤੇ ਸਰਕਾਰ ਪੂਰੀ ਤਰ੍ਹਾਂ ਜਾਗਰੂਕ ਨਹੀਂ ਹੁੰਦੇ, ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
Get all latest content delivered to your email a few times a month.