IMG-LOGO
ਹੋਮ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ...

Admin User - Dec 29, 2025 06:48 PM
IMG

ਚੰਡੀਗੜ੍ਹ, 29 ਦਸੰਬਰ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਤੇ ਉਸ ਦੇ ਅਕਾਲੀ ਦਲ ਵਿਚਲੇ ਆਕਾਵਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਕੁਕਰਮਾਂ ਵਿਰੁੱਧ ਕਾਰਵਾਈ ਤੋਂ ਬਚਣ ਲਈ ਢਾਲ ਵਜੋਂ ਵਰਤ ਰਹੇ ਹਨ।

ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਅਤੇ ਸਿੱਖ ਭਾਈਚਾਰਾ ਡੂੰਘੇ ਸਦਮੇ ਵਿੱਚ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਥਕ ਸੰਗਠਨਾਂ ਅਤੇ ਸੰਤ ਸਮਾਜ ਨੇ ਲੰਬੇ ਸਮੇਂ ਤੋਂ ਇਸ ਸਬੰਧ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਤੱਕ ਵੀ ਪਹੁੰਚ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਨੈਤਿਕ ਜ਼ਿੰਮੇਵਾਰੀ ਤਹਿਤ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾਈ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਐਫ.ਆਈ.ਆਰ. ਤੋਂ ਤੁਰੰਤ ਬਾਅਦ ਆਪਣੇ ਆਕਾਵਾਂ ਦੇ ਨਿਰਦੇਸ਼ਾਂ 'ਤੇ ਸ਼੍ਰੋਮਣੀ ਕਮੇਟੀ ਨੇ ਪ੍ਰੈਸ ਨੂੰ ਜਾਣਕਾਰੀ ਦੇਣੀ ਸ਼ੁਰੂ ਕਰ ਦਿੱਤੀ ਹੈ ਅਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਲਈ ਸੂਬਾ ਸਰਕਾਰ ਵਿਰੁੱਧ ਜ਼ਹਿਰ ਉਗਲਦੇ ਹੋਏ ਦੋਸ਼ਾਂ ਦਾ ਖੰਡਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਖੀ ਨੇ ਮੰਨਿਆ ਹੈ ਕਿ ਸ਼੍ਰੋਮਣੀ ਕਮੇਟੀ ਵਿੱਚ ਰੋਜ਼ਾਨਾ 10-12 ਘੁਟਾਲੇ ਹੁੰਦੇ ਹਨ, ਜੋ ਦਰਸਾਉਂਦੇ ਹਨ ਕਿ ਸ਼ਰਧਾਲੂਆਂ ਦੁਆਰਾ ਚੜ੍ਹਾਏ ਗਏ ਗੋਲਕ ਦੇ ਪੈਸੇ ਦੀ ਦੁਰਵਰਤੋਂ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਨੇ 2020 ਦੌਰਾਨ ਆਪਣੀ ਮੀਟਿੰਗ ਵਿੱਚ ਕਮੇਟੀ ਦੇ ਦੋਸ਼ੀ ਕਰਮਚਾਰੀਆਂ ਅਤੇ ਪ੍ਰਕਾਸ਼ਕਾਂ ਵਿਰੁੱਧ ਇਸੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦਾ ਮਤਾ ਪਾਸ ਕੀਤਾ ਸੀ।


ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕਈ ਬੇਨਿਯਮੀਆਂ ਦੇ ਬਾਵਜੂਦ ਇਸ ਸਬੰਧ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ, ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਖ਼ੁਦ ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ ਵਰਗੇ ਧਨਾਢਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰਨ ਲਈ ਮਤਾ ਪਾਸ ਕੀਤਾ ਸੀ। ਉਨ੍ਹਾਂ ਕਿਹਾ ਕਿ ਐਸ.ਐਸ. ਕੋਹਲੀ ਐਂਡ ਐਸੋਸੀਏਟਸ (ਚਾਰਟਰਡ ਅਕਾਊਂਟੈਂਟ ਫਰਮ) ਨਾਲ ਸਾਰੀਆਂ ਸੇਵਾਵਾਂ ਖ਼ਤਮ ਕਰਨ ਦਾ ਫੈਸਲਾ ਵੀ ਕੀਤਾ ਗਿਆ ਸੀ ਅਤੇ ਜ਼ਿੰਮੇਵਾਰੀ ਵਿੱਚ ਅਸਫ਼ਲ ਰਹਿਣ ਕਾਰਨ ਕੀਤੇ ਗਏ 75 ਫੀਸਦੀ ਭੁਗਤਾਨ ਦੀ ਵਸੂਲੀ ਨੂੰ ਪ੍ਰਵਾਨਗੀ ਵੀ ਦਿੱਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂਕਿ ਕੋਹਲੀ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਸੀ.ਏ. ਵਜੋਂ ਵੀ ਸੇਵਾਵਾਂ ਨਿਭਾ ਰਿਹਾ ਸੀ, ਇਸ ਲਈ ਕਾਰਵਾਈ ਅਜੇ ਵੀ ਲਟਕ ਰਹੀ ਹੈ।


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਆਕਾਵਾਂ ਦੇ ਇਸ਼ਾਰੇ 'ਤੇ ਦਾਅਵਾ ਕਰਦੀ ਹੈ ਕਿ ਸੂਬਾ ਸਰਕਾਰ ਪੰਥ ਦੇ ਮਾਮਲਿਆਂ ਵਿੱਚ ਦਖ਼ਲ ਦੇ ਰਹੀ ਹੈ, ਜੋ ਕਿ ਸੱਚ ਨਹੀਂ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਵਿਰੁੱਧ ਅਪਰਾਧਿਕ ਕਾਰਵਾਈ ਲਈ ਮਤਾ ਪਾਸ ਕੀਤਾ ਹੈ, ਜਿਸ ਲਈ ਸੂਬਾ ਸਰਕਾਰ ਹੀ ਕਾਰਵਾਈ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਪਾਪ ਵਿੱਚ ਸ਼ਾਮਲ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਬਾਅਦ ਵਿੱਚ ਆਪਣੇ ਸਾਰੇ ਮਤੇ ਵਾਪਸ ਲੈ ਲਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਦੇ ਸਾਰੇ ਅਧਿਕਾਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 (ਪੰਜਾਬ ਐਕਟ) ਰਾਹੀਂ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਗਏ ਸਨ ਪਰ ਹੁਣ ਜਦੋਂ ਸੂਬਾ ਸਰਕਾਰ ਇਨ੍ਹਾਂ ਸਰੂਪਾਂ ਦੀ ਬਰਾਮਦਗੀ ਨੂੰ ਯਕੀਨੀ ਬਣਾਉਣਾ ਚਾਹੁੰਦੀ ਹੈ ਤਾਂ ਜੋ ਕੋਈ ਬੇਅਦਬੀ ਜਾਂ ਇਸ ਤਰ੍ਹਾਂ ਦਾ ਕੋਈ ਹੋਰ ਘਿਨਾਉਣਾ ਅਪਰਾਧ ਨਾ ਹੋਵੇ ਤਾਂ ਇਹ ਲੋਕ ਇਸ ਨੂੰ ਧਾਰਮਿਕ ਰੰਗਤ ਦੇ ਰਹੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਤਾਕਤ ਚਾਹੁੰਦੀ ਹੈ ਪਰ ਲੋਕਾਂ ਪ੍ਰਤੀ ਜਵਾਬਦੇਹ ਨਹੀਂ ਬਣਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਹੁਣ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣੇ ਆਕਾਵਾਂ ਦੇ ਨੇੜਲਿਆਂ ਨੂੰ ਬਚਾਉਣ ਲਈ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ, ਅਕਾਲੀ ਲੀਡਰਸ਼ਿਪ ਦੇ ਹੱਥਾਂ ਦੀਆਂ ਕਠਪੁਤਲੀਆਂ ਹਨ, ਜੋ ਇਸ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਿੱਟ ਤੋਂ ਡਰਦੇ ਹਨ ਕਿਉਂਕਿ ਸ਼੍ਰੋਮਣੀ ਕਮੇਟੀ ਅਤੇ ਉਨ੍ਹਾਂ ਦੇ ਆਕਾ ਜਾਣਦੇ ਹਨ ਕਿ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਉਨ੍ਹਾਂ ਦੇ ਘਿਣਾਉਣੇ ਚਿਹਰੇ ਬੇਨਕਾਬ ਕਰੇਗੀ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਲਾਪਤਾ ਸਰੂਪਾਂ ਨੂੰ ਲੱਭਣ ਵਿੱਚ ਆਪਣੀ ਡਿਊਟੀ ਵਿੱਚ ਅਸਫ਼ਲ ਰਹੀ ਹੈ ਪਰ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 14 ਸਾਲਾਂ ਤੋਂ ਇਸ ਮਾਣਮੱਤੀ ਸੰਸਥਾ ਦੀਆਂ ਚੋਣਾਂ ਨਹੀਂ ਹੋਈਆਂ ਹਨ ਅਤੇ ਇਨ੍ਹਾਂ ਆਗੂਆਂ ਨੇ ਕੇਂਦਰ ਸਰਕਾਰ ਤੋਂ ਇਸ ਦੀ ਮੰਗ ਵੀ ਨਹੀਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ਕਾਰਨ ਹਰ ਸਿੱਖ ਦੀ ਮਾਨਸਿਕਤਾ ਨੂੰ ਠੇਸ ਪਹੁੰਚੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਜ਼ 'ਤੇ ਮਹਾਨ ਸਿੱਖ ਗੁਰੂਆਂ ਦਾ ਕਾਰਟੂਨ ਪੋਸਟ ਕੀਤਾ ਸੀ ਪਰ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਕਿਉਂਕਿ ਸੂਬੇ ਦੀਆਂ ਚੋਣਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਸਿਰਫ਼ ਕੁਰਸੀ ਹਥਿਆਉਣਾ ਚਾਹੁੰਦੇ ਹਨ ਅਤੇ ਸੂਬੇ ਤੇ ਲੋਕਾਂ ਦੇ ਹਿੱਤਾਂ ਦੀ ਕੋਈ ਪਰਵਾਹ ਨਹੀਂ ਕਰਦੇ। 


ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ, ਐਸ.ਵਾਈ.ਐਲ., ਕਾਲੇ ਕਾਨੂੰਨਾਂ ਅਤੇ ਹੋਰ ਰਾਜ ਵਿਰੋਧੀ ਫੈਸਲਿਆਂ ਨੂੰ ਸਿਰਫ਼ ਆਪਣੇ ਪਰਿਵਾਰ ਨੂੰ ਲਾਭ ਪਹੁੰਚਾਉਣ ਲਈ ਸਹਿਮਤੀ ਦਿੱਤੀ।


ਮੁੱਖ ਮੰਤਰੀ ਨੇ ਕਿਹਾ ਕਿ 1920 ਵਿੱਚ ਜਦੋਂ ਅਕਾਲੀ ਦਲ ਬਣਿਆ ਸੀ ਤਾਂ ਇਸ ਨੂੰ ਸ਼ੇਰਾਂ ਦੀ ਪਾਰਟੀ ਵਜੋਂ ਜਾਣਿਆ ਜਾਂਦਾ ਸੀ ਪਰ ਇਨ੍ਹਾਂ ਆਗੂਆਂ ਨੇ ਪਾਰਟੀ ਨੂੰ ਡਾਇਨਾਸੋਰਾਂ ਦੀ ਪਾਰਟੀ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਅਕਾਲੀ ਲੀਡਰਸ਼ਿਪ, ਕੇਂਦਰ ਸਰਕਾਰ ਸਾਹਮਣੇ ਸੂਬੇ ਦੇ ਮੁੱਦੇ ਚੁੱਕਣ ਤੋਂ ਝਿਜਕਦੀ ਹੈ, ਜਦੋਂ ਕਿ ਸੂਬਾ ਸਰਕਾਰ ਨੇ ਇਸ ਲਈ ਕੋਈ ਕਸਰ ਨਹੀਂ ਛੱਡੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਿੱਛੇ ਇੱਕੋ-ਇੱਕ ਕਾਰਨ ਇਹ ਹੈ ਕਿ ਅਕਾਲੀ ਲੀਡਰਸ਼ਿਪ ਸੱਤਾ ਦੀ ਲਾਲਚੀ ਹੈ, ਜਿਸ ਕਾਰਨ ਉਹ ਹਰ ਰਾਜ ਵਿਰੋਧੀ ਸਟੈਂਡ ਲੈਣ ਤੋਂ ਝਿਜਕਦੇ ਨਹੀਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.