ਤਾਜਾ ਖਬਰਾਂ
ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਤਾਜ਼ਾ ਘਟਨਾਕ੍ਰਮ ਵਿੱਚ, ਪਿੰਡ ਬਲਕਲਾਂ ਦੇ ਇੱਕ ਜੰਝ ਘਰ ਦੇ ਅੰਦਰ ਸ਼ਾਮ 5 ਵਜੇ ਦੇ ਕਰੀਬ ਗੋਲੀਆਂ ਚੱਲਣ ਕਾਰਨ ਦਹਿਸ਼ਤ ਫੈਲ ਗਈ। ਇਸ ਖੂਨੀ ਟਕਰਾਅ ਵਿੱਚ ਇੱਕ 22 ਸਾਲਾ ਨੌਜਵਾਨ ਸਿਮਰਨਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਨੌਜਵਾਨ ਨੂੰ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਗੱਲਬਾਤ ਦੌਰਾਨ ਨਿਕਲੀਆਂ ਪਿਸਤੌਲਾਂ
ਹਸਪਤਾਲ ਵਿੱਚ ਜ਼ੇਰੇ ਇਲਾਜ ਜ਼ਖ਼ਮੀ ਨੌਜਵਾਨ ਨੇ ਦੱਸਿਆ ਕਿ ਉਹ ਅਤੇ ਮ੍ਰਿਤਕ ਸਿਮਰਨਜੀਤ ਸਿੰਘ ਆਪਣੇ ਦੋਸਤਾਂ ਨਾਲ ਜੰਝ ਘਰ ਵਿੱਚ ਬੈਠੇ ਸਨ। ਆਪਸੀ ਗੱਲਬਾਤ ਦੌਰਾਨ ਅਚਾਨਕ ਤਕਰਾਰ ਵਧ ਗਈ, ਜਿਸ ਤੋਂ ਬਾਅਦ ਦੂਜੀ ਧਿਰ ਦੇ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ।
ਜ਼ਖ਼ਮੀ ਨੌਜਵਾਨ ਨੇ ਦੱਸਿਆ ਕਿ ਦੋ ਤੋਂ ਤਿੰਨ ਫਾਇਰ ਹੋਏ। ਇੱਕ ਗੋਲੀ ਸਿਮਰਨਜੀਤ ਦੀ ਛਾਤੀ ਵਿੱਚ ਲੱਗੀ ਜੋ ਉਸਦੀ ਮੌਤ ਦਾ ਕਾਰਨ ਬਣੀ, ਜਦੋਂ ਕਿ ਦੂਜੀ ਗੋਲੀ ਉਸਦੀ ਲੱਤ ਵਿੱਚ ਲੱਗੀ। ਉਸ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਫੋਨ 'ਤੇ ਮਾਮੂਲੀ ਬਹਿਸ ਹੋਈ ਸੀ, ਜਿਸ ਦੀ ਪੁਰਾਣੀ ਰੰਜਿਸ਼ ਕਾਰਨ ਅੱਜ ਇਹ ਖ਼ੂਨੀ ਟਕਰਾਅ ਹੋਇਆ।
ਪੁਲਿਸ ਨੇ ਸੰਭਾਲਿਆ ਮੋਰਚਾ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਗੋਲੀਬਾਰੀ ਪੁਰਾਣੀ ਰੰਜਿਸ਼ ਦਾ ਨਤੀਜਾ ਹੈ। ਪੁਲਿਸ ਨੇ ਮਾਮਲੇ ਵਿੱਚ ਕੇਸ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖ਼ਮੀ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਪੁਲਿਸ ਨੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ। ਫਿਲਹਾਲ, ਪਿੰਡ ਬਲਕਲਾਂ ਵਿੱਚ ਹੋਰ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
Get all latest content delivered to your email a few times a month.