ਤਾਜਾ ਖਬਰਾਂ
ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਸਭਰਾਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਵਿਰਸਾ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੀ ਫਿਰਨੀ ’ਤੇ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਸਨ। ਇਸ ਸਬੰਧੀ ਕਈ ਵਾਰ ਪੁਲਿਸ ਨੂੰ ਸੂਚਿਤ ਕਰਨ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਪਿੰਡ ਵਾਸੀਆਂ ਨੇ ਆਪਣੀਆਂ ਜ਼ਮੀਨਾਂ ਅਤੇ ਮੋਟਰਾਂ ਦੇ ਨੇੜੇ ਆਪ ਹੀ ਰਾਤ ਦਾ ਪਹਿਰਾ ਦੇਣਾ ਸ਼ੁਰੂ ਕਰ ਦਿੱਤਾ ਸੀ।
ਉਸਨੇ ਦੱਸਿਆ ਕਿ ਘਟਨਾ ਵਾਲੀ ਰਾਤ ਤਿੰਨ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਇੱਕ ਮੋਟਰ ’ਤੇ ਆ ਕੇ ਰੁਕੇ, ਜਿਸ ਨੂੰ ਦੇਖਦੇ ਹੋਏ ਪਿੰਡ ਵਾਸੀ ਉੱਥੇ ਇਕੱਠੇ ਹੋ ਗਏ। ਇਸ ਦੌਰਾਨ ਹਰਪ੍ਰੀਤ ਸਿੰਘ ਵੀ ਮੌਕੇ ’ਤੇ ਪਹੁੰਚਿਆ। ਥੋੜ੍ਹੀ ਬਹੁਤ ਤੂੰ-ਤੂੰ ਮੈਂ-ਮੈਂ ਤੋਂ ਬਾਅਦ ਉਨ੍ਹਾਂ ਤਿੰਨਾਂ ਵਿੱਚੋਂ ਇੱਕ ਵਿਅਕਤੀ ਨੇ ਅਚਾਨਕ ਆਪਣੇ ਡੱਬ ਵਿੱਚੋਂ ਪਿਸਤੌਲ ਕੱਢ ਕੇ ਹਰਪ੍ਰੀਤ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ।
ਗੰਭੀਰ ਜ਼ਖ਼ਮੀ ਹਾਲਤ ਵਿੱਚ ਹਰਪ੍ਰੀਤ ਸਿੰਘ ਨੂੰ ਤੁਰੰਤ ਤਰਨ ਤਾਰਨ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਪਿੰਡ ਵਾਸੀਆਂ ਦਿਲਬਾਗ ਸਿੰਘ ਅਤੇ ਮੇਜਰ ਸਿੰਘ ਨੇ ਦੋਸ਼ ਲਗਾਇਆ ਕਿ ਪਿੰਡ ਵਿੱਚ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਬਾਰੇ ਪੁਲਿਸ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਸੀ, ਪਰ ਕੋਈ ਕਾਰਵਾਈ ਨਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਆਪਣੀ ਸੁਰੱਖਿਆ ਲਈ ਆਪ ਅੱਗੇ ਆਉਣਾ ਪਿਆ, ਜਿਸ ਦਾ ਨਤੀਜਾ ਇਹ ਦਰਦਨਾਕ ਘਟਨਾ ਬਣਿਆ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਧਰ, ਇਸ ਮਾਮਲੇ ਸਬੰਧੀ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਲਵ ਕੁਸ਼ ਨੇ ਦੱਸਿਆ ਕਿ ਪੁਲਿਸ ਵੱਲੋਂ ਤਿੰਨ ਵਿੱਚੋਂ ਇੱਕ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਹੈ, ਜਦਕਿ ਦੋ ਹੋਰ ਵਿਅਕਤੀ ਫਰਾਰ ਹੋਣ ਵਿੱਚ ਕਾਮਯਾਬ ਰਹੇ। ਉਨ੍ਹਾਂ ਕਿਹਾ ਕਿ ਫਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Get all latest content delivered to your email a few times a month.