ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਵੇਂ ਸਾਲ 2026 ਦੀ ਸ਼ੁਰੂਆਤ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਸੂਬੇ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੰਜਾਬ ਮੁੜ ਤਰੱਕੀ ਦੇ ਰਾਹ ’ਤੇ ਅੱਗੇ ਵਧੇਗਾ। 328 ਸਰੂਪਾਂ ਦੇ ਮਾਮਲੇ ’ਤੇ ਗੱਲ ਕਰਦਿਆਂ ਸਪੀਕਰ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਇੱਕ ਗ੍ਰਿਫ਼ਤਾਰੀ ਹੋ ਚੁੱਕੀ ਹੈ, ਜਦਕਿ 16 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਹੈ। ਸੰਧਵਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਕੰਮ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਹੈ ਅਤੇ ਕਿਸੇ ਨਾਲ ਵੀ ਅਨਿਆਇ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੇ ਲੋੜ ਪਈ ਤਾਂ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ। ਸਪੀਕਰ ਨੇ ਕਿਹਾ ਕਿ ਜਿਹੜੇ ਲੋਕ ਸੱਚ ਅਤੇ ਇਨਸਾਫ ਦੀ ਮੰਗ ਕਰ ਰਹੇ ਹਨ, ਉਨ੍ਹਾਂ ਦੀ ਆਵਾਜ਼ ਨੂੰ ਅਣਡਿੱਠਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ। ਕੁਲਤਾਰ ਸੰਧਵਾਂ ਨੇ ਕਿਹਾ ਕਿ ਨਵਾਂ ਸਾਲ ਪੰਜਾਬ ਲਈ ਖੁਸ਼ਹਾਲੀ, ਸ਼ਾਂਤੀ ਅਤੇ ਇਕਤਾ ਦਾ ਸਨੇਹਾ ਲੈ ਕੇ ਆਵੇ—ਇਹੀ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ ਹੈ।
Get all latest content delivered to your email a few times a month.