ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਪ੍ਰਕਿਰਿਆ ਦੌਰਾਨ ਇੰਟਰਵਿਊ ਰੱਖਣ ਦੇ ਫੈਸਲੇ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਤਿੱਖਾ ਵਿਰੋਧ ਜਤਾਇਆ ਹੈ। ਆਂਗਣਵਾੜੀ ਵਰਕਰਜ਼–ਹੈਲਪਰਜ਼ ਫੈਡਰੇਸ਼ਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ, ਸੂਬਾਈ ਪ੍ਰਧਾਨ ਹਰਜੀਤ ਕੌਰ ਅਤੇ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਜਦੋਂ ਸਰਕਾਰ ਵੱਲੋਂ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਉਸ ਵਿੱਚ ਕਿਤੇ ਵੀ ਇੰਟਰਵਿਊ ਦਾ ਜ਼ਿਕਰ ਨਹੀਂ ਸੀ।
ਯੂਨੀਅਨ ਆਗੂਆਂ ਦਾ ਦੋਸ਼ ਹੈ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਮਨਪਸੰਦ ਉਮੀਦਵਾਰਾਂ ਨੂੰ ਲਾਭ ਪਹੁੰਚਾਉਣ ਲਈ ਇੰਟਰਵਿਊ ਦੇ 5 ਅੰਕ ਜੋੜਣ ਸਬੰਧੀ ਹੁਕਮ ਜਾਰੀ ਕਰ ਰਹੀ ਹੈ, ਜੋ ਕਿ ਨਿਆਂਸੰਗਤ ਨਹੀਂ। ਉਨ੍ਹਾਂ ਮੰਗ ਕੀਤੀ ਕਿ 15 ਜੁਲਾਈ 2025 ਦੀਆਂ ਜਾਰੀ ਕੀਤੀਆਂ ਗਾਈਡਲਾਈਨਾਂ ਅਨੁਸਾਰ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਕੀਤੀ ਜਾਵੇ।
ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਕੋਈ ਵੀ ਆਂਗਣਵਾੜੀ ਕੇਂਦਰ ਤਿੰਨ ਮਹੀਨੇ ਤੋਂ ਵੱਧ ਸਮੇਂ ਲਈ ਵਰਕਰ ਜਾਂ ਹੈਲਪਰ ਤੋਂ ਖਾਲੀ ਨਹੀਂ ਰਹਿਣਾ ਚਾਹੀਦਾ, ਪਰ ਪੰਜਾਬ ਵਿੱਚ ਕਈ ਕੇਂਦਰ ਤਿੰਨ ਸਾਲ ਤੋਂ ਵੱਧ ਸਮੇਂ ਤੋਂ ਖਾਲੀ ਪਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਵਿੱਚ ਲੋੜੀਂਦੀਆਂ ਮੁੱਢਲੀਆਂ ਸਹੂਲਤਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ।
ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਭਰਤੀ ਪ੍ਰਕਿਰਿਆ ਵਿੱਚ ਇੰਟਰਵਿਊ ਦੇ ਅੰਕ ਜੋੜਣ ਦਾ ਫੈਸਲਾ ਤੁਰੰਤ ਵਾਪਸ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਕਰਕੇ ਵੱਡੇ ਅਤੇ ਤਿੱਖੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।
Get all latest content delivered to your email a few times a month.