ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸੰਬੰਧਿਤ ਮਾਮਲੇ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸੰਵੇਦਨਸ਼ੀਲ ਮਾਮਲੇ ’ਤੇ ਸਿਆਸਤ ਕਰਕੇ ਨਾ ਸਿਰਫ਼ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ, ਸਗੋਂ ਆਪਣੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ।
ਐਡਵੋਕੇਟ ਧਾਮੀ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰ ਸਰਕਾਰ ਇਨ੍ਹਾਂ ਮਾਮਲਿਆਂ ’ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਬੇਅਦਬੀ ਰੋਕਣ ’ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਘਟਨਾਵਾਂ ਵਿੱਚ ਇਨਸਾਫ਼ ਨਾ ਮਿਲਣਾ ਸਰਕਾਰ ਦੀ ਨੀਅਤ ਅਤੇ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਗੰਭੀਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਪੰਜਾਬ ਸਰਕਾਰ ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਅਤੇ ਪ੍ਰਬੰਧਕੀ ਮਾਮਲਿਆਂ ਵਿੱਚ ਦਖਲ ਦੇ ਰਹੀ ਹੈ। ਐਡਵੋਕੇਟ ਧਾਮੀ ਅਨੁਸਾਰ ਇਹ ਸਾਰਾ ਕੁਝ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਅਤੇ ਆਪਣੀ ਕੁਰਸੀ ਬਚਾਉਣ ਲਈ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੀ ਆਜ਼ਾਦ ਹੋਂਦ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਐਸਜੀਪੀਸੀ ਸਿੱਖ ਪੰਥ ਵੱਲੋਂ ਚੁਣੀ ਹੋਈ ਇਕ ਕੇਂਦਰੀ ਸੰਸਥਾ ਹੈ, ਜਿਸਦੀ ਸੰਵਿਧਾਨਕ ਮਰਯਾਦਾ ਅਤੇ ਆਜ਼ਾਦੀ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮਾਨ ਸਰਕਾਰ ਕਿਸੇ ਨਿਰਧਾਰਤ ਏਜੰਡੇ ਤਹਿਤ ਇਸ ਘੱਟਗਿਣਤੀ ਸੰਸਥਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।
ਅੰਤ ਵਿੱਚ ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ 328 ਪਾਵਨ ਸਰੂਪਾਂ ਦਾ ਮਾਮਲਾ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਮਰਯਾਦਾ ਅਨੁਸਾਰ ਨਜਿੱਠਿਆ ਜਾ ਚੁੱਕਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਮਸਲੇ ’ਤੇ ਸਿਆਸਤ ਕਰਨ ਤੋਂ ਤੁਰੰਤ ਬਾਜ ਆਇਆ ਜਾਵੇ, ਨਹੀਂ ਤਾਂ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤਾਂ ਨੂੰ ਕਰੜਾ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਸਕਦਾ ਹੈ।
Get all latest content delivered to your email a few times a month.