ਤਾਜਾ ਖਬਰਾਂ
ਕਪੂਰਥਲਾ ਸ਼ਹਿਰ ਦੇ ਸੀਨਪੁਰਾ ਮੁਹੱਲੇ ਵਿੱਚ ਸ਼ੁੱਕਰਵਾਰ ਦੁਪਹਿਰ ਕਰੀਬ 3:30 ਤੋਂ 4 ਵਜੇ ਦਰਮਿਆਨ ਦਿਨ-ਦਿਹਾੜੇ ਗੋਲੀਆਂ ਚਲਾਕੇ ਇੱਕ 48 ਸਾਲਾ ਮਹਿਲਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਹੇਮਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਰੀਬ ਇੱਕ ਮਹੀਨਾ ਪਹਿਲਾਂ ਹੀ ਕੈਨੇਡਾ ਤੋਂ ਭਾਰਤ ਵਾਪਸ ਆਈ ਸੀ। ਜਾਣਕਾਰੀ ਮੁਤਾਬਕ ਦੋ ਅਣਪਛਾਤੇ ਹਮਲਾਵਰ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਅਤੇ ਜ਼ਬਰਦਸਤੀ ਘਰ ਵਿੱਚ ਦਾਖਲ ਹੋਏ।
ਘਰ ਵਿੱਚ ਮੌਜੂਦ ਇੱਕ ਬਜ਼ੁਰਗ ਔਰਤ ਨੇ ਦੱਸਿਆ ਕਿ ਹਮਲਾਵਰਾਂ ਨੇ ਘਰ ਵਿੱਚ ਦਾਖਲ ਹੋਣ ਮਗਰੋਂ ਗੋਲੀਆਂ ਚਲਾਈਆਂ। ਪੁਲਿਸ ਅਨੁਸਾਰ ਕੁੱਲ ਚਾਰ ਗੋਲੀਆਂ ਚਲੀਆਂ, ਜਿਨ੍ਹਾਂ ਵਿੱਚੋਂ ਇੱਕ ਗੋਲੀ ਹੇਮਪ੍ਰੀਤ ਕੌਰ ਨੂੰ ਲੱਗੀ, ਜਦਕਿ ਤਿੰਨ ਗੋਲੀਆਂ ਹਵਾ ਵਿੱਚ ਚਲਾਈਆਂ ਗਈਆਂ। ਗੋਲੀ ਲੱਗਣ ਕਾਰਨ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦਾ ਪਤੀ ਅਤੇ ਪੁੱਤਰ ਇਸ ਵੇਲੇ ਵਿਦੇਸ਼ ਵਿੱਚ ਰਹਿੰਦੇ ਹਨ, ਜਿਸ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਸਬੂਤ ਇਕੱਠੇ ਕੀਤੇ ਗਏ। ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਹਰ ਪਹਿਲੂ ਤੋਂ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਸੀਨਪੁਰਾ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਸੁਰੱਖਿਆ ਵਿਵਸਥਾ ਹੋਰ ਸਖ਼ਤ ਕਰ ਦਿੱਤੀ ਗਈ ਹੈ।
Get all latest content delivered to your email a few times a month.