ਤਾਜਾ ਖਬਰਾਂ
ਨਵੇਂ ਸਾਲ ਦੇ ਦੂਜੇ ਦਿਨ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਸੀਤ ਲਹਿਰ (Cold Wave) ਦਾ ਕਹਿਰ ਹੋਰ ਵੱਧ ਗਿਆ ਹੈ। ਤੇਜ਼ ਰਫ਼ਤਾਰ ਨਾਲ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਲੋਕਾਂ ਨੂੰ ਕੰਬਣ ਲਈ ਮਜਬੂਰ ਕਰ ਦਿੱਤਾ ਹੈ। ਮੌਸਮ ਵਿਭਾਗ (IMD) ਨੇ ਇਸ ਸਬੰਧੀ 'ਰੈੱਡ ਅਲਰਟ' ਜਾਰੀ ਕਰਦਿਆਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਦਾ ਪ੍ਰਕੋਪ
ਪੂਰਾ ਪੰਜਾਬ ਇਸ ਸਮੇਂ ਸੰਘਣੀ ਧੁੰਦ (Dense Fog) ਅਤੇ ਸੀਤ ਲਹਿਰ ਦੀ ਲਪੇਟ ਵਿੱਚ ਹੈ। ਸੰਘਣੀ ਧੁੰਦ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ, ਖਾਸ ਕਰਕੇ ਸਵੇਰੇ ਅਤੇ ਸ਼ਾਮ ਦੇ ਸਮੇਂ। ਵਿਜ਼ੀਬਿਲਟੀ ਬਹੁਤ ਘੱਟ ਹੋਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਕਾਰਨ ਕਈ ਟ੍ਰੇਨਾਂ ਆਪਣੇ ਨਿਰਧਾਰਤ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ, ਜਦੋਂ ਕਿ ਕਈ ਉਡਾਣਾਂ ਨੂੰ ਰੱਦ ਕਰਨਾ ਪਿਆ ਹੈ।
ਦਿੱਲੀ ਵਿੱਚ ਠੰਢ ਜਾਰੀ, ਯੈਲੋ ਅਲਰਟਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ ਦੇਖੀ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਵੀ ਸੰਘਣੀ ਧੁੰਦ ਕਾਰਨ 'ਯੈਲੋ ਅਲਰਟ' ਜਾਰੀ ਕੀਤਾ ਹੈ। ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 4 ਜਨਵਰੀ ਲਈ ਵੀ ਧੁੰਦ ਦਾ ਅਲਰਟ ਜਾਰੀ ਗਿਆ ਹੈ। ਹਾਲਾਂਕਿ, ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਣ ਦੀ ਉਮੀਦ ਹੈ।
ਪਹਾੜਾਂ 'ਤੇ ਬਰਫ਼ਬਾਰੀ ਦੀ ਸੰਭਾਵਨਾ
ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਮੌਸਮ ਵਿਭਾਗ ਨੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਆਉਣ ਵਾਲੇ ਦਿਨਾਂ ਵਿੱਚ ਭਾਰੀ ਬਰਫ਼ਬਾਰੀ ਹੋ ਸਕਦੀ ਹੈ। ਪਹਾੜਾਂ 'ਤੇ ਹੋਣ ਵਾਲੀ ਇਸ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਹੋਰ ਵਧਣ ਦੀ ਸੰਭਾਵਨਾ ਹੈ।
ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਵੀ ਚੇਤਾਵਨੀ
ਪੰਜਾਬ, ਹਰਿਆਣਾ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਅਤੇ ਓਡੀਸ਼ਾ ਵਿੱਚ ਬਹੁਤ ਸੰਘਣੀ ਧੁੰਦ ਦੀ ਉਮੀਦ ਹੈ। ਇਸ ਤੋਂ ਇਲਾਵਾ, ਜੰਮੂ ਡਿਵੀਜ਼ਨ ਅਤੇ ਉੱਤਰੀ ਮੱਧ ਪ੍ਰਦੇਸ਼ 6 ਜਨਵਰੀ ਤੱਕ ਧੁੰਦ ਦੀ ਚੇਤਾਵਨੀ ਅਧੀਨ ਰਹਿਣਗੇ। ਦੱਖਣੀ ਭਾਰਤ ਵੱਲ ਨਜ਼ਰ ਮਾਰੀਏ ਤਾਂ ਤਾਮਿਲਨਾਡੂ ਵਿੱਚ 4 ਜਨਵਰੀ ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ, ਅੰਡਮਾਨ ਅਤੇ ਨਿਕੋਬਾਰ ਟਾਪੂ 'ਤੇ 3 ਜਨਵਰੀ ਨੂੰ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੀਤ ਲਹਿਰ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਧੁੰਦ ਦੌਰਾਨ ਗੱਡੀਆਂ ਹੌਲੀ ਚਲਾਉਣ।
Get all latest content delivered to your email a few times a month.