ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤਾਂ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਕਰ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਨ।
ਸਮਾਣਾ ਸੰਘਰਸ਼ ਨੂੰ ਖੁੱਲ੍ਹਾ ਸਮਰਥਨ
ਜਥੇਦਾਰ ਗੜਗੱਜ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੀਤੇ ਲੰਮੇ ਸਮੇਂ ਤੋਂ ਸਮਾਣਾ ਵਿਖੇ ਇਸ ਮੁੱਦੇ 'ਤੇ ਸੰਘਰਸ਼ ਕਰ ਰਹੇ ਸ. ਗੁਰਜੀਤ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੱਕ ਲਿਆਂਦੇ ਜਾ ਰਹੇ ਨਗਰ ਕੀਰਤਨ ਵਿੱਚ ਸਮੂਹ ਕੌਮ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਹਿਯੋਗ ਦੇਣਾ ਚਾਹੀਦਾ ਹੈ।
ਸਰਕਾਰਾਂ ਨੂੰ ਸਖ਼ਤ ਚੁਣੌਤੀ: ਵਿਸ਼ੇਸ਼ ਕਾਨੂੰਨ ਬਣੇ
ਸਿੰਘ ਸਾਹਿਬ ਨੇ ਦੇਸ਼ ਦੀਆਂ ਸਰਕਾਰਾਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਦੇਸ਼ ਦੇ ਕਾਨੂੰਨ ਵਿੱਚ ਹਰ ਧਰਮ ਦੇ ਗ੍ਰੰਥਾਂ ਦੇ ਮਾਣ-ਸਤਿਕਾਰ ਨੂੰ ਕਾਇਮ ਰੱਖਣ ਲਈ ਸਖ਼ਤ ਕਾਨੂੰਨੀ ਵਿਵਸਥਾ ਹੋਣੀ ਜ਼ਰੂਰੀ ਹੈ।
ਧਾਰਮਿਕ ਅਸਥਾਨਾਂ ਦੀ ਸੁਰੱਖਿਆ: ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖ ਕੌਮ ਦਸਵੇਂ ਪਾਤਸ਼ਾਹ ਦੇ ਆਦੇਸ਼ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ 'ਜਾਗਤ ਜੋਤਿ ਗੁਰੂ' ਮੰਨਦੀ ਹੈ। ਇਸ ਲਈ, ਸਰਕਾਰਾਂ ਨੂੰ ਬੇਅਦਬੀ ਦੇ ਸਬੰਧ ਵਿੱਚ ਕਾਨੂੰਨ ਵਿੱਚ ਵਿਸ਼ੇਸ਼ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ।
ਇਨਸਾਫ਼ ਨਾ ਮਿਲਣ 'ਤੇ ਨਿਰਾਸ਼ਾ
ਜਥੇਦਾਰ ਗੜਗੱਜ ਨੇ ਸਰਕਾਰਾਂ ਅਤੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲਗਾਤਾਰ ਬੇਅਦਬੀ ਦੇ ਮਾਮਲੇ ਸਾਹਮਣੇ ਆਉਣ ਦੇ ਬਾਵਜੂਦ, ਸਰਕਾਰਾਂ ਇਨ੍ਹਾਂ ਨੂੰ ਠੱਲ੍ਹਣ ਅਤੇ ਸਿੱਖ ਸੰਗਤਾਂ ਨੂੰ ਇਨਸਾਫ਼ ਦੇਣ ਵਿੱਚ ਨਾਕਾਮ ਰਹੀਆਂ ਹਨ।
"ਪੁਲਿਸ ਅਕਸਰ ਦੋਸ਼ੀਆਂ ਨੂੰ ਮਾਨਸਿਕ ਹਾਲਤ ਠੀਕ ਨਾ ਹੋਣ ਦਾ ਬਹਾਨਾ ਬਣਾ ਕੇ ਜਾਂ ਕਿਸੇ ਹੋਰ ਢੰਗ ਨਾਲ ਕੁਝ ਚਿਰ ਪਿੱਛੋਂ ਛੱਡ ਦਿੰਦੀ ਹੈ, ਜਿਸ ਨਾਲ ਸੰਗਤਾਂ ਨੂੰ ਇਨਸਾਫ਼ ਨਹੀਂ ਮਿਲਦਾ।"
ਉਨ੍ਹਾਂ ਇਸ ਪਿੱਛੇ 'ਸਿੱਖ ਵਿਰੋਧੀ ਸਾਜ਼ਸ਼' ਹੋਣ ਦਾ ਸ਼ੱਕ ਜਤਾਉਂਦਿਆਂ ਕਿਹਾ ਕਿ ਇਹ ਡੂੰਘੇ ਚਿੰਤਨ ਦਾ ਵਿਸ਼ਾ ਹੈ ਕਿ ਅਜਿਹੇ ਲੋਕਾਂ ਨੂੰ ਬੇਅਦਬੀ ਕਰਨ ਲਈ ਸਿਰਫ਼ ਗੁਰਦੁਆਰਾ ਸਾਹਿਬਾਨ ਹੀ ਕਿਉਂ ਨਜ਼ਰ ਆਉਂਦੇ ਹਨ।
ਅਗਲੀ ਕੌਮੀ ਰਣਨੀਤੀ ਜਲਦ
ਸਿੰਘ ਸਾਹਿਬ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਬੇਅਦਬੀ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪਿਛਲੀ ਇਕੱਤਰਤਾ ਦੀ ਲੜੀ ਵਿੱਚ ਅਗਲੀ ਵਿਚਾਰ ਚਰਚਾ ਜਲਦ ਹੀ ਕੀਤੀ ਜਾਵੇਗੀ। ਇਸਦਾ ਮੁੱਖ ਮੰਤਵ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਕਰਕੇ ਇਸ ਸੰਵੇਦਨਸ਼ੀਲ ਮੁੱਦੇ ਦਾ ਠੋਸ ਨੀਤੀ ਨਾਲ ਹੱਲ ਲੱਭਣਾ ਹੈ।
Get all latest content delivered to your email a few times a month.