ਤਾਜਾ ਖਬਰਾਂ
ਫਤਹਿਗੜ੍ਹ ਸਾਹਿਬ, 3 ਜਨਵਰੀ:
ਆਮ ਆਦਮੀ ਪਾਰਟੀ ਵੱਲੋਂ ਅੱਜ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਮਗਨਰੇਗਾ ਵਰਕਰਾਂ ਦੇ ਹੱਕ ਵਿੱਚ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਵੱਲੋਂ ਕੀਤੀ ਗਈ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਧਰਨਾਕਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੋਦੀ ਸਰਕਾਰ ਅਸਲ ਮੁੱਦਿਆਂ ਅਤੇ ਰੁਜ਼ਗਾਰ ਤੋਂ ਧਿਆਨ ਭਟਕਾਉਣ ਲਈ ਮਗਨਰੇਗਾ ਦਾ ਨਾਮ ਬਦਲ ਕੇ "ਵੀਬੀ - ਜੀ ਰਾਮ ਜੀ" ਕਰਨ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੇਂਦਰ ਵਿੱਚ ਭਾਜਪਾ ਸਰਕਾਰ ਬਣੀ ਹੈ, ਪੰਜਾਬ ਨਾਲ ਲਗਾਤਾਰ ਧ੍ਰੋਹ ਕਮਾਇਆ ਜਾ ਰਿਹਾ ਹੈ। ਕਿਸਾਨੀ ਅੰਦੋਲਨ ਵਿੱਚ ਹੋਈ ਹਾਰ ਤੋਂ ਬਾਅਦ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਨਫ਼ਰਤ ਕਰਨ ਲੱਗੀ ਹੈ, ਜਿਸ ਦੀ ਤਾਜ਼ਾ ਉਦਾਹਰਣ ਮਗਨਰੇਗਾ ਵਰਗੀ ਲੋਕ-ਪੱਖੀ ਸਕੀਮ ਦੇ ਸਰੂਪ ਨਾਲ ਛੇੜਛਾੜ ਕਰਨਾ ਹੈ। ਉਨ੍ਹਾਂ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹੱਕਾਂ ਲਈ ਹਰ ਪੱਧਰ 'ਤੇ ਲੜਾਈ ਲੜੀ ਜਾਵੇਗੀ।
ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਮੋਦੀ ਸਰਕਾਰ ਨੇ ਪੰਜਾਬ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਕੇਂਦਰ ਨੇ ਨੌਜਵਾਨਾਂ, ਔਰਤਾਂ ਅਤੇ ਉਦਯੋਗਾਂ ਲਈ ਕੀਤੇ ਵਾਅਦੇ ਤਾਂ ਪੂਰੇ ਨਹੀਂ ਕੀਤੇ, ਸਗੋਂ ਉਲਟਾ ਪੰਜਾਬ ਦੇ ਫੰਡ ਰੋਕ ਕੇ ਵਿਕਾਸ ਵਿੱਚ ਅੜਿੱਕੇ ਡਾਹੇ ਹਨ। ਜੀਪੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਗਨਰੇਗਾ ਵਰਕਰਾਂ ਨਾਲ ਧੱਕੇਸ਼ਾਹੀ ਬੰਦ ਨਾ ਹੋਈ ਤਾਂ ਪਾਰਟੀ ਪੂਰੇ ਪੰਜਾਬ ਵਿੱਚ ਤਿੱਖਾ ਅੰਦੋਲਨ ਵਿੱਢੇਗੀ।
ਧਰਨੇ ਦੌਰਾਨ ਭਾਰਤੀ ਕਿਸਾਨ ਮਜ਼ਦੂਰ ਏਕਤਾ ਮਹਾਂ ਸੰਘ (ਰਿਊਣਾ) ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਚਨਾਰਥਲ ਨੇ ਵੀ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਅਤੇ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ।
ਰੋਸ ਪ੍ਰਦਰਸ਼ਨ ਵਿੱਚ ਹਲਕਾ ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਹਰਪ੍ਰੀਤ ਸਿੰਘ ਪੰਜੋਲੀ (ਜਿਲ੍ਹਾ ਪ੍ਰਧਾਨ ਐਸਸੀ ਵਿੰਗ), ਬਲਦੇਵ ਸਿੰਘ ਭੱਲ ਮਾਜਰਾ, ਅਵਤਾਰ ਸਿੰਘ ਠੇਕੇਦਾਰ, ਰਮੇਸ਼ ਕੁਮਾਰ ਸੋਨੂੰ, ਕੌਂਸਲਰ ਆਸ਼ਾ ਰਾਣੀ, ਸਤਬੀਰ ਸਿੰਘ ਜੱਲਾ, ਗੁਰਵੀਰ ਸਿੰਘ ਜੱਲਾ, ਬਹਾਦਰ ਜਲਾਲ, ਹਰਮੇਸ਼ ਪੁੰਨੀਆ, ਜਗਜੀਤ ਸਿੰਘ ਰੀਊਣਾ, ਗੁਰਮੀਤ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਗੁਣੀਆਂ ਮਾਜਰੀ, ਬਲਵੀਰ ਸੋਢੀ, ਅਮਰਿੰਦਰ ਸਿੰਘ ਮੰਡੋਫਲ, ਰਿਟਾਇਰਡ ਐਸਡੀਓ ਜਗਪਾਲ ਸਿੰਘ, ਕੁਲਵਿੰਦਰ ਸਿੰਘ ਡੇਰਾ, ਰੀਨਾ ਰਾਣੀ, ਬਲਜਿੰਦਰ ਸਿੰਘ ਗੋਲਾ, ਪ੍ਰੀਤ ਬ੍ਰਾਹਮਣ ਮਾਜਰਾ, ਸਰਪੰਚ ਗੁਰਦੀਪ ਸਿੰਘ, ਸਰਪੰਚ ਰਜਿੰਦਰ ਸਿੰਘ ਖਰੌੜੀ ਅਤੇ ਜਸਵਿੰਦਰ ਸਿੰਘ ਰਿਉਣਾ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਤੋਂ ਮਜ਼ਦੂਰ ਅਤੇ ਔਰਤਾਂ ਸ਼ਾਮਿਲ ਹੋਏ।
Get all latest content delivered to your email a few times a month.