ਤਾਜਾ ਖਬਰਾਂ
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਗਰੀਬਾਂ ਦੀ ਭਲਾਈ ਲਈ ਲਾਗੂ ਕੀਤੀ ਗਈ ਵਿਕਸਤ ਭਾਰਤ ਜੀ ਰਾਮ ਜੀ ਯੋਜਨਾ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਪਾਰਟੀ 7 ਜਨਵਰੀ 2026 ਤੋਂ ਸੂਬੇ ਭਰ ਵਿੱਚ ਜਨ ਜਾਗਰੂਕਤਾ ਅਭਿਆਨ ਸ਼ੁਰੂ ਕਰੇਗੀ। ਇਸ ਅਭਿਆਨ ਦੀ ਸ਼ੁਰੂਆਤ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾਵੇਗੀ।
ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ “ਸਭ ਦਾ ਸਾਥ, ਸਭ ਦਾ ਵਿਕਾਸ” ਦੀ ਸੋਚ ਨਾਲ ਕੰਮ ਕਰ ਰਹੀ ਹੈ ਅਤੇ ਇਹ ਯੋਜਨਾ ਵੀ ਉਸੇ ਦਿਸ਼ਾ ਵਿੱਚ ਗਰੀਬ ਅਤੇ ਮਜ਼ਦੂਰ ਵਰਗ ਨੂੰ ਮਜ਼ਬੂਤ ਕਰਨ ਲਈ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਰੋਜ਼ਗਾਰ ਦੇ ਦਿਨਾਂ ਦੀ ਗਿਣਤੀ 100 ਤੋਂ ਵਧਾ ਕੇ 125 ਕਰ ਦਿੱਤੀ ਹੈ ਅਤੇ ਨਾਲ ਹੀ ਕੰਮ ਨਾ ਮਿਲਣ ਦੀ ਸਥਿਤੀ ਵਿੱਚ ਜ਼ਿੰਮੇਵਾਰੀ ਤੈਅ ਕਰਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਉਨ੍ਹਾਂ ਮੁਤਾਬਕ, ਨਵੀਂ ਯੋਜਨਾ ਨਾਲ ਭ੍ਰਿਸ਼ਟਾਚਾਰ ’ਤੇ ਰੋਕ ਲੱਗੇਗੀ ਕਿਉਂਕਿ ਮਜ਼ਦੂਰੀ ਦੀ ਪੂਰੀ ਰਕਮ ਸਿੱਧੀ ਮਜ਼ਦੂਰਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇਗੀ। ਜਾਖੜ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਸ ਗਰੀਬ-ਪੱਖੀ ਯੋਜਨਾ ਦਾ ਵਿਰੋਧ ਕਰ ਰਹੀਆਂ ਹਨ ਅਤੇ ਸਮਾਜ ਵਿੱਚ ਭਰਮ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਕਿ ਜਨ ਜਾਗਰੂਕਤਾ ਅਭਿਆਨ ਦੌਰਾਨ ਭਾਜਪਾ ਲੋਕਾਂ ਸਾਹਮਣੇ ਸੱਚ ਰੱਖੇਗੀ ਅਤੇ ਵਿਰੋਧੀ ਪਾਰਟੀਆਂ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਮਜ਼ਦੂਰਾਂ ਨੂੰ ਪੂਰੇ 100 ਦਿਨ ਦਾ ਰੋਜ਼ਗਾਰ ਨਾ ਮਿਲਣ ’ਤੇ ਕਿਸੇ ਦੀ ਜ਼ਿੰਮੇਵਾਰੀ ਤੈਅ ਨਹੀਂ ਹੁੰਦੀ ਸੀ, ਪਰ ਨਵੇਂ ਕਾਨੂੰਨ ਨਾਲ ਹੁਣ ਇਹ ਸੰਭਵ ਨਹੀਂ ਰਹੇਗਾ ਅਤੇ ਗਰੀਬਾਂ ਦੇ ਹੱਕਾਂ ਦੀ ਰੱਖਿਆ ਯਕੀਨੀ ਬਣੇਗੀ।
ਅੰਤ ਵਿੱਚ ਉਨ੍ਹਾਂ ਆਖਿਆ ਕਿ ਆਪ ਸਰਕਾਰ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਇਸ ਯੋਜਨਾ ਖ਼ਿਲਾਫ਼ ਕੂੜ ਪ੍ਰਚਾਰ ਕਰ ਰਹੀ ਹੈ, ਪਰ ਭਾਜਪਾ ਵਿਆਪਕ ਜਨ ਸੰਪਰਕ ਅਤੇ ਜਾਗਰੂਕਤਾ ਰਾਹੀਂ ਇਸ ਭਰਮ ਜਾਲ ਨੂੰ ਤੋੜੇਗੀ।
Get all latest content delivered to your email a few times a month.