ਤਾਜਾ ਖਬਰਾਂ
ਹਲਕਾ ਮਲੋਟ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦਿੰਦਿਆਂ ਬੱਚਿਆਂ ਅਤੇ ਨੌਜਵਾਨਾਂ ਲਈ ਬਣਾਏ ਜਾਣ ਵਾਲੇ ਨਵੇਂ ਵਾਲੀਬਾਲ ਗਰਾਊਂਡ ਅਤੇ ਪਾਰਕ ਦਾ ਨੀਂਹ ਪੱਧਰ ਰੱਖਿਆ। ਇਹ ਪ੍ਰਾਜੈਕਟ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ, ਜਿਸ ਨਾਲ ਸ਼ਹਿਰ ਦੇ ਬੱਚਿਆਂ ਨੂੰ ਖੇਡਾਂ ਲਈ ਸੁਵਿਧਾਜਨਕ ਮਾਹੌਲ ਮਿਲੇਗਾ।
ਇਸ ਮੌਕੇ ਡਾ. ਬਲਜੀਤ ਕੌਰ ਨੇ ਮਲੋਟ ਵਿੱਚ 11 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਅੰਡਰਬ੍ਰਿਜ ਦੇ ਕੰਮ ਦਾ ਵੀ ਨਿਰੀਖਣ ਕੀਤਾ ਅਤੇ ਸੰਬੰਧਤ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਗੁਣਵੱਤਾ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਸ਼ਹਿਰ ਦੀ ਆਵਾਜਾਈ ਨੂੰ ਸੁਗਮ ਬਣਾਉਣਗੇ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਨਵਾਂ ਵਾਲੀਬਾਲ ਗਰਾਊਂਡ ਅਤੇ ਪਾਰਕ ਮਲੋਟ ਵਾਸੀਆਂ ਲਈ ਨਵੇਂ ਸਾਲ ਦਾ ਤੋਹਫ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2026 ਪੰਜਾਬ ਲਈ ਵਿਕਾਸ ਦੇ ਮਾਮਲੇ ਵਿੱਚ ਖਾਸ ਰਹੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਾਲ ਦੇ ਸ਼ੁਰੂ ਵਿੱਚ ਹੀ 10 ਲੱਖ ਰੁਪਏ ਦੀ ਇਲਾਜ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।
ਬੁਢਾਪਾ ਪੈਨਸ਼ਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਝ ਤਕਨੀਕੀ ਮੁਸ਼ਕਲਾਂ ਆਈਆਂ ਸਨ ਪਰ ਹੁਣ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਲਤ ਤਰੀਕੇ ਨਾਲ ਪੈਨਸ਼ਨ ਲੈ ਰਹੇ ਲੋਕਾਂ ਦੀ ਪੜਤਾਲ ਕਰਕੇ ਪਹਿਲੇ ਸਾਲ 29 ਕਰੋੜ ਰੁਪਏ ਅਤੇ ਇਸ ਵਾਰ 199 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਸੀ।
ਇਸ ਤੋਂ ਇਲਾਵਾ ਬਜ਼ੁਰਗਾਂ ਦੀ ਸਿਹਤ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਸਿਹਤ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਦੀ ਸ਼ੁਰੂਆਤ ਮੋਹਾਲੀ ਤੋਂ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੀ ਕਿਹਾ ਕਿ ਇਸ ਸਬੰਧੀ ਕਾਨੂੰਨ ਅਨੁਸਾਰ ਬਣਦੀ ਅਤੇ ਨਿਆਂਸੰਗਤ ਕਾਰਵਾਈ ਕੀਤੀ ਜਾ ਰਹੀ ਹੈ।
Get all latest content delivered to your email a few times a month.