ਤਾਜਾ ਖਬਰਾਂ
ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਅਪਰਾਧਕ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ। ਖਹਿਰਾ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ ਅਤੇ ਹਾਲਾਤ ਅਜਿਹੇ ਬਣ ਰਹੇ ਹਨ ਜਿਵੇਂ ਸੂਬਾ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਕਬਜ਼ੇ ਹੇਠ ਆ ਗਿਆ ਹੋਵੇ।
ਉਨ੍ਹਾਂ ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਦਿਨ-ਦਿਹਾੜੇ ਵਲਟੋਹਾ ਦੇ ਸਾਬਕਾ ਸਰਪੰਚ ਜਰਮਲ ਸਿੰਘ ਦੇ ਬੇਰਹਿਮੀ ਨਾਲ ਹੋਏ ਕਤਲ ਦੀ ਤੀਖੀ ਸ਼ਬਦਾਂ ਵਿੱਚ ਨਿੰਦਾ ਕੀਤੀ। ਖਹਿਰਾ ਨੇ ਕਿਹਾ ਕਿ ਵਿਆਹ ਵਰਗੇ ਖੁਸ਼ੀ ਦੇ ਮੌਕਿਆਂ ‘ਤੇ ਵੀ ਜਦੋਂ ਲੋਕ ਸੁਰੱਖਿਅਤ ਨਹੀਂ ਹਨ ਤਾਂ ਇਹ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨਾਗਰਿਕਾਂ ਦੀ ਜਾਨ ਅਤੇ ਮਾਲ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਅਸਮਰੱਥ ਸਾਬਤ ਹੋ ਰਹੀ ਹੈ।
ਸੁਖਪਾਲ ਸਿੰਘ ਖਹਿਰਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਕਾਨੂੰਨ ਵਿਵਸਥਾ ਨੂੰ ਤੁਰੰਤ ਮਜ਼ਬੂਤ ਕੀਤਾ ਜਾਵੇ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਮੁੜ ਸੁਰੱਖਿਆ ਅਤੇ ਭਰੋਸੇ ਦਾ ਅਹਿਸਾਸ ਹੋ ਸਕੇ।
Get all latest content delivered to your email a few times a month.