ਤਾਜਾ ਖਬਰਾਂ
ਸਰਕਾਰੀ ਟਰਾਂਸਪੋਰਟ ਨੂੰ ਕਮਜ਼ੋਰ ਕਰਨ ਅਤੇ ਨਿੱਜੀਕਰਨ ਨੂੰ ਵਧਾਵਾ ਦੇਣ ਵਾਲੀਆਂ ਨੀਤੀਆਂ ਦੇ ਵਿਰੋਧ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਟਰਾਂਸਪੋਰਟ ਯੂਨੀਅਨਾਂ ਇੱਕ ਸਾਂਝੇ ਮੋਰਚੇ ਹੇਠ ਇਕੱਠੀਆਂ ਹੋ ਰਹੀਆਂ ਹਨ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਸਮੇਤ ਕਈ ਰਾਜਾਂ ਦੀਆਂ ਟਰਾਂਸਪੋਰਟ ਯੂਨੀਅਨਾਂ ਨੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਅਤੇ ਸਰਕਾਰੀ ਆਵਾਜਾਈ ਪ੍ਰਣਾਲੀ ਨੂੰ ਬਚਾਉਣ ਲਈ ਸਾਂਝੀ ਰਣਨੀਤੀ ਤੈਅ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ 12 ਜਨਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਅਹਿਮ ਆਲ-ਇੰਡੀਆ ਹੰਗਾਮੀ ਮੀਟਿੰਗ ਬੁਲਾਈ ਗਈ ਹੈ।
ਲੁਧਿਆਣਾ ਤੋਂ ਪੀਆਰਟੀਸੀ ਯੂਨੀਅਨ ਦੇ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਲ ਹੀ ਵਿੱਚ ਹਰਿਆਣਾ ਰੋਡਵੇਜ਼, ਹਿਮਾਚਲ ਪ੍ਰਦੇਸ਼ ਰੋਡਵੇਜ਼, ਉਤਰਾਖੰਡ ਰੋਡਵੇਜ਼, ਉੱਤਰ ਪ੍ਰਦੇਸ਼ ਰੋਡਵੇਜ਼ ਅਤੇ ਪੰਜਾਬ ਰੋਡਵੇਜ਼ (ਪਨਬਸ/ਪੀਆਰਟੀਸੀ) ਦੀਆਂ ਯੂਨੀਅਨਾਂ ਦੇ ਸੀਨੀਅਰ ਆਗੂਆਂ ਨੇ ਇੱਕ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵੱਖ-ਵੱਖ ਰਾਜ ਸਰਕਾਰਾਂ ਵੱਲੋਂ ਅਪਣਾਈਆਂ ਜਾ ਰਹੀਆਂ ਉਹ ਨੀਤੀਆਂ ਚਰਚਾ ਦਾ ਕੇਂਦਰ ਬਣੀਆਂ, ਜਿਨ੍ਹਾਂ ਨੂੰ ਯੂਨੀਅਨਾਂ ਨੇ ਕਰਮਚਾਰੀਆਂ ਵਿਰੁੱਧ ਅਤੇ ਸਰਕਾਰੀ ਟਰਾਂਸਪੋਰਟ ਲਈ ਨੁਕਸਾਨਦੇਹ ਕਰਾਰ ਦਿੱਤਾ।
ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਪਨਬਸ/ਪੀਆਰਟੀਸੀ ਦੇ ਅਸਥਾਈ ਕਰਮਚਾਰੀਆਂ ਨੂੰ ਤੰਗ-ਪ੍ਰੇਸ਼ਾਨ ਕਰਨ, ਗੈਰ-ਕਾਨੂੰਨੀ ਨੋਟਿਸ ਜਾਰੀ ਕਰਨ ਅਤੇ ਝੂਠੇ ਕੇਸ ਦਰਜ ਕਰਨ ਦੇ ਮਾਮਲਿਆਂ ਦੀ ਸਖ਼ਤ ਨਿੰਦਾ ਕੀਤੀ ਗਈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਮਹੀਨਿਆਂ ਤੋਂ ਲਟਕ ਰਹੀਆਂ ਤਨਖਾਹਾਂ ਅਤੇ ਹੋਰ ਮੰਗਾਂ ਨੂੰ ਪੂਰਾ ਨਾ ਕਰਨ ‘ਤੇ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਗਈ। ਹਰਿਆਣਾ ਰੋਡਵੇਜ਼ ਕਰਮਚਾਰੀਆਂ ਨੂੰ ਪਿਛਲੇ ਚਾਰ ਸਾਲਾਂ ਤੋਂ ਨਜ਼ਰਅੰਦਾਜ਼ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਅਣਦੇਖੀਆਂ ਰੱਖਣ ਲਈ ਵੀ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ ਗਈ।
ਯੂਨੀਅਨਾਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ 12 ਜਨਵਰੀ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਆਲ-ਇੰਡੀਆ ਮੀਟਿੰਗ ਵਿੱਚ ਦੇਸ਼ ਭਰ ਦੀਆਂ ਟਰਾਂਸਪੋਰਟ ਯੂਨੀਅਨਾਂ ਨੂੰ ਸੱਦਾ ਦਿੱਤਾ ਜਾਵੇਗਾ। ਇਸ ਮੀਟਿੰਗ ਦਾ ਮੁੱਖ ਮਕਸਦ ਸਰਕਾਰੀ ਆਵਾਜਾਈ ਨੂੰ ਬਚਾਉਣਾ, ਨਿੱਜੀਕਰਨ ਦੀਆਂ ਨੀਤੀਆਂ ਦਾ ਵਿਰੋਧ ਕਰਨਾ ਅਤੇ ਸਥਾਈ ਤੇ ਅਸਥਾਈ ਕਰਮਚਾਰੀਆਂ ਦੀਆਂ ਸਾਂਝੀਆਂ ਮੰਗਾਂ ਲਈ ਸੰਘਰਸ਼ ਦੀ ਦਿਸ਼ਾ ਤੈਅ ਕਰਨਾ ਹੈ।
ਇਸ ਤੋਂ ਇਲਾਵਾ, ਹਰਿਆਣਾ ਰੋਡਵੇਜ਼ ਕਰਮਚਾਰੀ ਸੰਯੁਕਤ ਮੋਰਚੇ ਦੇ ਸੱਦੇ ‘ਤੇ 18 ਜਨਵਰੀ 2026 ਨੂੰ ਅੰਬਾਲਾ ਵਿਖੇ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਦੇ ਨਿਵਾਸ ਅੱਗੇ ਇਨਸਾਫ ਮਾਰਚ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ, ਜਿਸ ਦੀ ਤਿਆਰੀ ਵਜੋਂ ਸਾਰੇ ਡਿਪੂਆਂ ਵਿੱਚ ਗੇਟ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਸ ਪੂਰੀ ਵੀਡੀਓ ਮੀਟਿੰਗ ਦਾ ਸੰਚਾਲਨ ਹਰਿਆਣਾ ਰੋਡਵੇਜ਼ ਸਾਂਝਾ ਮੋਰਚਾ ਦੇ ਬੁਲਾਰੇ ਸੁਧੀਰ ਅਹਲਾਵਤ ਵੱਲੋਂ ਕੀਤਾ ਗਿਆ, ਜਿਸ ਵਿੱਚ ਕਈ ਰਾਜਾਂ ਦੇ ਪ੍ਰਮੁੱਖ ਟਰਾਂਸਪੋਰਟ ਆਗੂ ਸ਼ਾਮਲ ਹੋਏ।
Get all latest content delivered to your email a few times a month.