ਤਾਜਾ ਖਬਰਾਂ
ਲੁਧਿਆਣਾ ਦੇ ਬਾੜੇਵਾਲ ਰੋਡ ‘ਤੇ ਸਥਿਤ ਓਰੀਸਨ ਪ੍ਰਾਈਵੇਟ ਹਸਪਤਾਲ ਇੱਕ ਗੰਭੀਰ ਵਿਵਾਦ ਵਿੱਚ ਘਿਰ ਗਿਆ ਹੈ। ਮੋਗਾ ਦੀ ਰਹਿਣ ਵਾਲੀ ਇੱਕ ਬਜ਼ੁਰਗ ਮਹਿਲਾ ਦੀ ਕੁਝ ਦਿਨ ਪਹਿਲਾਂ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਮ੍ਰਿਤਕ ਮਹਿਲਾ ਦੇ ਦੋਵੇਂ ਪੁੱਤਰ ਕੈਨੇਡਾ ਵਿੱਚ ਰਹਿੰਦੇ ਹੋਣ ਕਾਰਨ ਪਰਿਵਾਰ ਨੇ ਮ੍ਰਿਤਕ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਸੀ।
ਜਦੋਂ ਕਈ ਦਿਨ ਬਾਅਦ ਬੱਚੇ ਵਿਦੇਸ਼ ਤੋਂ ਭਾਰਤ ਪਹੁੰਚੇ ਅਤੇ ਮ੍ਰਿਤਕ ਦੇਹ ਲੈਣ ਲਈ ਹਸਪਤਾਲ ਗਏ ਤਾਂ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਕਿ ਲਾਸ਼ ਮੋਰਚਰੀ ਵਿੱਚ ਮੌਜੂਦ ਨਹੀਂ ਹੈ। ਇਸ ਖ਼ੁਲਾਸੇ ਨਾਲ ਪਰਿਵਾਰ ‘ਚ ਹੜਕੰਪ ਮਚ ਗਿਆ। ਜਾਂਚ ਕਰਨ ‘ਤੇ ਸਾਹਮਣੇ ਆਇਆ ਕਿ ਬਜ਼ੁਰਗ ਮਹਿਲਾ ਦਾ ਅੰਤਿਮ ਸੰਸਕਾਰ ਪਹਿਲਾਂ ਹੀ ਕਰ ਦਿੱਤਾ ਗਿਆ ਹੈ, ਜਿਸ ਦੀ ਪਰਿਵਾਰ ਵੱਲੋਂ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ ਸੀ।
ਇਸ ਮਾਮਲੇ ਤੋਂ ਬਾਅਦ ਪਰਿਵਾਰ ਨੇ ਹਸਪਤਾਲ ਪ੍ਰਬੰਧਨ ‘ਤੇ ਗੰਭੀਰ ਦੋਸ਼ ਲਗਾਏ ਅਤੇ ਭਾਰੀ ਰੋਸ ਪ੍ਰਦਰਸ਼ਨ ਕੀਤਾ। ਸ਼ੁਰੂ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਵੱਲੋਂ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ, ਜਿਸ ਨੂੰ ਲੈ ਕੇ ਪਰਿਵਾਰ ਨੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਖੜੇ ਕੀਤੇ।
ਪਰਿਵਾਰ ਨੇ ਮਾਮਲਾ ਪੁਲਿਸ ਕਮਿਸ਼ਨਰ ਦੇ ਸਾਹਮਣੇ ਰੱਖਿਆ, ਜਿਸ ਤੋਂ ਬਾਅਦ ਜਾਂਚ ਅੱਗੇ ਵਧੀ ਅਤੇ ਹੁਣ ਓਰੀਸਨ ਹਸਪਤਾਲ ਦੇ ਚਾਰ ਡਾਇਰੈਕਟਰਾਂ ਨੂੰ ਇਸ ਕੇਸ ਵਿੱਚ ਨਾਮਜ਼ਦ ਕਰ ਲਿਆ ਗਿਆ ਹੈ।
ਹਾਲਾਂਕਿ ਇਸ ਮਾਮਲੇ ਨੇ ਨਵਾਂ ਵਿਵਾਦ ਖੜਾ ਕਰ ਦਿੱਤਾ ਹੈ ਕਿਉਂਕਿ ਨਾਮਜ਼ਦ ਕੀਤੇ ਗਏ ਚਾਰੇ ਡਾਇਰੈਕਟਰ ਸ਼ਹਿਰ ਦੇ ਪ੍ਰਭਾਵਸ਼ਾਲੀ ਅਤੇ ਰਸੂਖਦਾਰ ਵਿਅਕਤੀ ਮੰਨੇ ਜਾਂਦੇ ਹਨ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਪੁਲਿਸ ਵੱਲੋਂ ਉਨ੍ਹਾਂ ਦੀ ਗਿਰਫ਼ਤਾਰੀ ਕੀਤੀ ਜਾਵੇਗੀ ਜਾਂ ਫਿਰ ਮਾਮਲੇ ਨੂੰ ਲੰਬੀ ਜਾਂਚ ਅਤੇ ਇਨਕੁਆਇਰੀ ਦੇ ਨਾਂ ‘ਤੇ ਠੰਡੇ ਬਸਤੇ ਵਿੱਚ ਪਾ ਦਿੱਤਾ ਜਾਵੇਗਾ।
Get all latest content delivered to your email a few times a month.