ਤਾਜਾ ਖਬਰਾਂ
ਪੰਜਾਬ ਵਿੱਚ ਕਤਲ ਦੀਆਂ ਵਧਦੀਆਂ ਘਟਨਾਵਾਂ ਨੇ ਇੱਕ ਵਾਰ ਫਿਰ ਕਾਨੂੰਨ-ਵਿਵਸਥਾ ’ਤੇ ਸਵਾਲ ਖੜੇ ਕਰ ਦਿੱਤੇ ਹਨ। ਤਾਜ਼ਾ ਮਾਮਲਾ ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਹਲਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਦਿਨ-ਦਿਹਾੜੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 32 ਸਾਲਾ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਸਾਬਕਾ ਕਬੱਡੀ ਖਿਡਾਰੀ ਸੀ ਅਤੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਦਾ ਭਤੀਜਾ ਲੱਗਦਾ ਸੀ।
ਮਿਲੀ ਜਾਣਕਾਰੀ ਅਨੁਸਾਰ, ਹਮਲਾਵਰਾਂ ਨੇ ਗਗਨਦੀਪ ਸਿੰਘ ’ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਗੋਲੀਆਂ ਮਾਰਨ ਤੋਂ ਬਾਅਦ ਦੋਸ਼ੀ ਦਰਜਨ ਭਰ ਨੌਜਵਾਨ ਗਗਨਦੀਪ ਦੇ ਘਰ ਦੇ ਬਾਹਰ ਆ ਕੇ ਉੱਚੀ ਆਵਾਜ਼ ਵਿੱਚ ਧਮਕੀ ਭਰੇ ਸ਼ਬਦ ਬੋਲਦੇ ਹੋਏ ਇਹ ਕਹਿ ਕੇ ਫਰਾਰ ਹੋ ਗਏ ਕਿ “ਤੁਹਾਡਾ ਮੁੰਡਾ ਠੋਕ ਦਿੱਤਾ ਹੈ, ਖੇਤਾਂ ਵਿੱਚ ਪਿਆ ਹੈ।”
ਇਸ ਦੀ ਸੂਚਨਾ ਮਿਲਣ ’ਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਨੌਜਵਾਨਾਂ ਨੇ ਤੁਰੰਤ ਖੇਤਾਂ ਵਿੱਚੋਂ ਲਹੂ-ਲੁਹਾਨ ਹਾਲਤ ’ਚ ਪਏ ਗਗਨਦੀਪ ਸਿੰਘ ਨੂੰ ਚੁੱਕ ਕੇ ਸਿਵਿਲ ਹਸਪਤਾਲ ਜਗਰਾਓਂ ਪਹੁੰਚਾਇਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਖ਼ਬਰ ਮਿਲਦੇ ਹੀ ਹਲਕਾ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਵੀ ਸਿਵਿਲ ਹਸਪਤਾਲ ਪਹੁੰਚੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਗਗਨਦੀਪ ਦੇ ਕਾਤਿਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮ੍ਰਿਤਕ ਦੀ ਪਤਨੀ ਅਤੇ ਉਸਦੇ ਭਰਾ ਨੇ ਦੱਸਿਆ ਕਿ ਗਗਨਦੀਪ ਸਿੰਘ ਕਬੱਡੀ ਨਾਲ ਜੁੜਿਆ ਹੋਇਆ ਸੀ ਅਤੇ ਪਿੰਡ ਦੇ ਹੀ ਕਬੱਡੀ ਖਿਡਾਰੀ ਏਕਮ ਸਿੰਘ ਨੂੰ ਕੁਝ ਨੌਜਵਾਨ ਲਗਾਤਾਰ ਤੰਗ-ਪਰੇਸ਼ਾਨ ਕਰਦੇ ਰਹਿੰਦੇ ਸਨ। ਗਗਨਦੀਪ ਉਨ੍ਹਾਂ ਨੂੰ ਅਕਸਰ ਸਮਝਾਉਂਦਾ ਅਤੇ ਏਕਮ ਸਿੰਘ ਨੂੰ ਤੰਗ ਕਰਨ ਤੋਂ ਰੋਕਦਾ ਸੀ। ਪਰਿਵਾਰ ਦਾ ਦਾਅਵਾ ਹੈ ਕਿ ਇਸੀ ਰੰਜਿਸ਼ ਦੇ ਚੱਲਦੇ ਦਰਜਨ ਭਰ ਨੌਜਵਾਨਾਂ ਨੇ ਮਿਲ ਕੇ ਗਗਨਦੀਪ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਗਗਨਦੀਪ ਸਿੰਘ ਤਿੰਨ ਬੱਚਿਆਂ ਦਾ ਪਿਤਾ ਸੀ, ਜਿਨ੍ਹਾਂ ਵਿੱਚ ਦੋ ਧੀਆਂ ਅਤੇ ਇੱਕ ਪੁੱਤਰ ਸ਼ਾਮਲ ਹਨ। ਉਸਦੀ ਅਕਾਲ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਇਸ ਮਾਮਲੇ ਸਬੰਧੀ ਐਸਐਚਓ ਕੁਲਦੀਪ ਕੁਮਾਰ ਨੇ ਦੱਸਿਆ ਕਿ ਪਿੰਡ ਮਾਣੂੰਕੇ ਵਿੱਚ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਤਲ ਦੇ ਅਸਲ ਕਾਰਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।
Get all latest content delivered to your email a few times a month.