ਤਾਜਾ ਖਬਰਾਂ
ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਕਸਬਾ ਖਡੂਰ ਸਾਹਿਬ ਦੇ ਨੇੜੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਤਰਨਤਾਰਨ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੀ ਟੀਮ ਨਾਲ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਦੀ ਮੁੱਠਭੇੜ ਹੋ ਗਈ। ਪੁਲਿਸ ਵੱਲੋਂ ਸ਼ੱਕ ਦੇ ਆਧਾਰ ’ਤੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਦੋਸ਼ੀਆਂ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ।
ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਬਦਮਾਸ਼ਾਂ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਹਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਅਤੇ ਇਲਾਜ ਲਈ ਹਸਪਤਾਲ ਭੇਜ ਦਿੱਤਾ।
ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਸੁੱਖਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਤਰਨਤਾਰਨ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੌਕੇ ’ਤੇ ਪਹੁੰਚੇ ਐਸਐਸਪੀ ਤਰਨਤਾਰਨ ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਬੀਤੇ ਦਿਨੀਂ ਕਸਬਾ ਫਤਿਹਾਬਾਦ ਵਿੱਚ ਇਕ ਖੇਤੀ ਸਟੋਰ ’ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਵਾਂਛਿਤ ਸਨ ਅਤੇ ਪੁਲਿਸ ਲੰਬੇ ਸਮੇਂ ਤੋਂ ਉਨ੍ਹਾਂ ਦੀ ਭਾਲ ਕਰ ਰਹੀ ਸੀ।
ਐਸਐਸਪੀ ਨੇ ਦੱਸਿਆ ਕਿ ਅੱਜ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਵੇਂ ਸ਼ਾਤਰ ਇਲਾਕੇ ਵਿੱਚ ਮੋਟਰਸਾਈਕਲ ’ਤੇ ਘੁੰਮ ਰਹੇ ਹਨ। ਇਸ ਉਪਰੰਤ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਘੇਰਿਆ ਗਿਆ। ਫਾਇਰਿੰਗ ਤੋਂ ਬਾਅਦ ਕੀਤੀ ਗਈ ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ ਦੋ ਪਿਸਟਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅੱਗੇ ਵਧਾਈ ਜਾ ਰਹੀ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
Get all latest content delivered to your email a few times a month.