ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੋਹਾਂ ਦੀ ਭੂਮਿਕਾ ਨਿਭਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ। ਉਨ੍ਹਾਂ ਅਨੁਸਾਰ, ਭਗਵੰਤ ਮਾਨ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਢਹਿ ਜਾਣ ਦਿੱਤਾ ਹੈ ਅਤੇ ਇਸ ਹਾਲਤ ਵਿੱਚ ਉਨ੍ਹਾਂ ਕੋਲ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰ ਬਿਨਾਂ ਕਿਸੇ ਡਰ ਦੇ ਆਪਣੀ ਮਨਮਰਜ਼ੀ ਨਾਲ ਕੰਮ ਕਰ ਰਹੇ ਹਨ। ਲੋਕਾਂ ਤੋਂ ਖੁੱਲ੍ਹੇਆਮ ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ ਅਤੇ ਰੋਜ਼ਾਨਾ ਕਤਲਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਹਾਲ ਹੀ ਵਿੱਚ ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਦਾ ਕਤਲ ਹੋਇਆ, ਜਦਕਿ ਕਪੂਰਥਲਾ ਵਿੱਚ ਇੱਕ ਐਨਆਰਆਈ ਮਹਿਲਾ ਅਤੇ ਮੋਗਾ ਵਿੱਚ ਪੰਚਾਇਤ ਮੈਂਬਰ ਦੀ ਹੱਤਿਆ ਕੀਤੀ ਗਈ, ਜੋ ਸੂਬੇ ਦੀ ਡਗਮਗਾਂਦੀ ਕਾਨੂੰਨ-ਵਿਵਸਥਾ ਨੂੰ ਬੇਨਕਾਬ ਕਰਦੀ ਹੈ।
ਸਰਦਾਰਨੀ ਬਾਦਲ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਗਿਰੋਹ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੇ ਸਰੋਤਾਂ ਅਤੇ ਜਾਇਦਾਦਾਂ ਨੂੰ ਆਪਣੇ ਰਾਜਨੀਤਿਕ ਲਾਭਾਂ ਲਈ ਦੋਵੇਂ ਹੱਥਾਂ ਨਾਲ ਲੁੱਟ ਰਹੀ ਹੈ। ਉਨ੍ਹਾਂ ਅਨੁਸਾਰ, ਪੰਜਾਬ ਦੀਆਂ ਸਰਕਾਰੀ ਜਾਇਦਾਦਾਂ ਨੂੰ ਹੋਰ ਸੂਬਿਆਂ ਵਿੱਚ ਚੋਣ ਪ੍ਰਚਾਰ ਲਈ ਵੇਚਿਆ ਜਾ ਰਿਹਾ ਹੈ।
ਉਨ੍ਹਾਂ ਨੇ ਲੁਧਿਆਣਾ ਨਗਰ ਨਿਗਮ ਦੀ ਹੱਦ ਵਧਾ ਕੇ 30 ਪਿੰਡ ਸ਼ਾਮਲ ਕਰਨ ਦੇ ਫੈਸਲੇ ’ਤੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਇਹ ਫੈਸਲਾ ਸ਼ਾਮਲਾਟਾਂ ਵੇਚਣ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਗਿਆ ਹੈ।
ਬਠਿੰਡਾ ਦਾ ਹਵਾਲਾ ਦਿੰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਵਪਾਰੀ ਮੇਲਾ ਰਾਮ ਦਾ ਦਿਨ-ਦਿਹਾੜੇ ਕਤਲ ਹੋ ਜਾਣਾ ਸਾਬਤ ਕਰਦਾ ਹੈ ਕਿ ਆਮ ਲੋਕ ਅਤੇ ਵਪਾਰੀ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦਾ ਭਰੋਸਾ ਬਹਾਲ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਗੈਂਗਸਟਰਾਂ ਖ਼ਿਲਾਫ਼ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੀ ਸੂਬੇ ਵਿੱਚ ਹਿੰਸਕ ਘਟਨਾਵਾਂ ਦੀ ਲੜੀ ਸ਼ੁਰੂ ਹੋ ਗਈ ਸੀ। ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ, ਕਬੱਡੀ ਖਿਡਾਰੀਆਂ ਦੇ ਕਤਲ, ਪੰਜਾਬ ਖੁਫੀਆ ਦਫਤਰ ’ਤੇ ਰਾਕੇਟ ਲਾਂਚਰ ਹਮਲਾ ਅਤੇ ਪੁਲਿਸ ਥਾਣਿਆਂ ’ਤੇ ਹਮਲੇ ਇਸ ਦੀਆਂ ਸਪਸ਼ਟ ਉਦਾਹਰਨਾਂ ਹਨ।
ਪੱਤਰਕਾਰਾਂ ਅਤੇ ਆਰਟੀਆਈ ਕਾਰਕੁੰਨਾਂ ਖ਼ਿਲਾਫ਼ ਦਰਜ ਹੋ ਰਹੇ ਕੇਸਾਂ ਬਾਰੇ ਪੁੱਛੇ ਜਾਣ ’ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੀਡੀਆ ਨੂੰ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਮੀਡੀਆ ਦੀ ਆਜ਼ਾਦੀ ਨੂੰ ਕੁਚਲਣਾ ਚਾਹੁੰਦੀ ਹੈ, ਜੋ ਇਹ ਦਰਸਾਉਂਦਾ ਹੈ ਕਿ ਸਰਕਾਰ ਨੂੰ ਆਪਣੀ ਆਉਣ ਵਾਲੀ 2027 ਦੀ ਕਰਾਰੀ ਹਾਰ ਦਾ ਅਹਿਸਾਸ ਹੋ ਚੁੱਕਾ ਹੈ।
Get all latest content delivered to your email a few times a month.