ਤਾਜਾ ਖਬਰਾਂ
ਬੀਤੇ ਦਿਨੀਂ ਜਗਰਾਓਂ ਦੇ ਪਿੰਡ ਮਾਣੂੰਕੇ ਵਿੱਚ ਗੋਲੀ ਮਾਰ ਕੇ ਕਤਲ ਕੀਤੇ ਗਏ ਸਾਬਕਾ ਕੱਬਡੀ ਖਿਡਾਰੀ ਅਤੇ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਦੇ ਭਤੀਜੇ ਗਗਨਦੀਪ ਸਿੰਘ ਦਾ ਅੰਤਿਮ ਸਸਕਾਰ ਅੱਜ ਪਿੰਡ ਮਾਣੂੰਕੇ ਵਿੱਚ ਗਮਗੀਨ ਮਾਹੌਲ ਵਿੱਚ ਕੀਤਾ ਗਿਆ। ਇਸ ਦੁੱਖਦਾਈ ਮੌਕੇ ’ਤੇ ਮ੍ਰਿਤਕ ਦੇ ਛੋਟੇ ਬੇਟੇ ਸਿੰਬੇ ਨੇ ਆਪਣੇ ਪਿਤਾ ਦੀ ਚਿਖਾ ਨੂੰ ਅਗਨੀ ਦਿੱਤੀ, ਜਿਸ ਨਾਲ ਮੌਕੇ ’ਤੇ ਮੌਜੂਦ ਹਰ ਵਿਅਕਤੀ ਦੀਆਂ ਅੱਖਾਂ ਨਮ ਹੋ ਗਈਆਂ।
ਦੂਜੇ ਪਾਸੇ, ਇਸ ਸਨਸਨੀਖੇਜ਼ ਕਤਲ ਮਾਮਲੇ ਵਿੱਚ ਥਾਣਾ ਹਠੂਰ ਦੀ ਪੁਲਿਸ ਵੱਲੋਂ ਜਾਂਚ ਤੇਜ਼ ਕਰਦੇ ਹੋਏ ਕਾਤਲਾਂ ਨੂੰ ਪਨਾਹ ਦੇਣ ਵਾਲੇ ਇੱਕ ਔਰਤ ਸਮੇਤ ਚਾਰ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਇਸ ਮਾਮਲੇ ਵਿੱਚ ਇੱਕ ਗ੍ਰਿਫ਼ਤਾਰੀ ਪਹਿਲਾਂ ਹੀ ਕੀਤੀ ਜਾ ਚੁੱਕੀ ਸੀ ਅਤੇ ਤਾਜ਼ਾ ਗ੍ਰਿਫ਼ਤਾਰੀਆਂ ਤੋਂ ਬਾਅਦ ਹੁਣ ਤੱਕ ਕੁੱਲ 6 ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ।
ਇਸ ਮੌਕੇ ਮ੍ਰਿਤਕ ਗਗਨਦੀਪ ਸਿੰਘ ਦੇ ਭਰਾ ਪਰਗਟ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਪੁਲਿਸ ਦੀ ਹੁਣ ਤੱਕ ਦੀ ਕਾਰਵਾਈ ਤੋਂ ਸੰਤੁਸ਼ਟ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਅਤੇ ਗ੍ਰਿਫ਼ਤਾਰੀਆਂ ਨੂੰ ਦੇਖਦੇ ਹੋਏ ਹੀ ਅੱਜ ਪਰਿਵਾਰ ਨੇ ਅੰਤਿਮ ਸਸਕਾਰ ਕਰਨ ਦਾ ਫੈਸਲਾ ਕੀਤਾ।
ਗੌਰਤਲਬ ਹੈ ਕਿ 32 ਸਾਲਾ ਗਗਨਦੀਪ ਸਿੰਘ ਦਾ ਬੀਤੇ ਦਿਨ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਇੱਕ ਪ੍ਰਸਿੱਧ ਸਾਬਕਾ ਕੱਬਡੀ ਖਿਡਾਰੀ ਵਜੋਂ ਜਾਣਿਆ ਜਾਂਦਾ ਸੀ। ਇਸ ਕਤਲ ਕਾਂਡ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ ਹੈ।
Get all latest content delivered to your email a few times a month.