ਤਾਜਾ ਖਬਰਾਂ
ਪੰਜਾਬ ਵਿੱਚ ਕਤਲਾਂ ਦੀ ਲਗਾਤਾਰ ਵਧ ਰਹੀ ਲੜੀ ਦਰਮਿਆਨ ਮਾਨਸਾ ਜ਼ਿਲ੍ਹੇ ਤੋਂ ਇੱਕ ਹੋਰ ਦਰਦਨਾਕ ਘਟਨਾ ਸਾਹਮਣੇ ਆਈ ਹੈ। ਬੁਢਲਾਡਾ ਦੇ ਬੱਸ ਅੱਡੇ ’ਤੇ ਨਿੱਜੀ ਰੰਜਿਸ਼ ਦੇ ਚਲਦੇ 20 ਸਾਲਾ ਨੌਜਵਾਨ ਜਸ਼ਨਦੀਪ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਜਸ਼ਨਦੀਪ ਸਿੰਘ ਆਪਣੇ ਦੋਸਤ ਨਾਲ ਆਪਣੇ ਜਨਮਦਿਨ ਦੇ ਜਸ਼ਨ ਲਈ ਸਮਾਨ ਖਰੀਦਣ ਬੁਢਲਾਡਾ ਆਇਆ ਸੀ। ਜਦੋਂ ਉਹ ਬੱਸ ਸਟੈਂਡ ’ਤੇ ਪਹੁੰਚਿਆ ਤਾਂ ਕੁਝ ਅਣਪਛਾਤੇ ਨੌਜਵਾਨਾਂ ਨੇ ਉਸਨੂੰ ਘੇਰ ਲਿਆ ਅਤੇ ਪਿੱਛੋਂ ਅਚਾਨਕ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਜਸ਼ਨਦੀਪ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਅੱਧਮਰੀ ਹਾਲਤ ਵਿੱਚ ਛੱਡ ਕੇ ਭੱਜ ਗਏ।
ਜਖ਼ਮੀ ਹਾਲਤ ਵਿੱਚ ਜਸ਼ਨਦੀਪ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਘਟਨਾ ਨਾਲ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ।
ਮ੍ਰਿਤਕ ਦੇ ਪਿਤਾ ਮੇਵਾ ਸਿੰਘ ਨੇ ਦੱਸਿਆ ਕਿ ਜਸ਼ਨਦੀਪ ਟੈਟੂ ਬਣਾਉਣ ਦਾ ਕੰਮ ਕਰਦਾ ਸੀ ਅਤੇ ਕਿਸੇ ਨਾਲ ਉਸਦਾ ਕੋਈ ਝਗੜਾ ਨਹੀਂ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਕਤਲ ਕਿਸੇ ਪੁਰਾਣੀ ਰੰਜਿਸ਼ ਦੇ ਕਾਰਨ ਕੀਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਮੁਤਾਬਕ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਤਿਆਰ ਕਰ ਦਿੱਤੀਆਂ ਗਈਆਂ ਹਨ ਅਤੇ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤ ਵਿੱਚ ਲਿਆ ਜਾਵੇਗਾ।
Get all latest content delivered to your email a few times a month.