ਤਾਜਾ ਖਬਰਾਂ
ਫ਼ਿਰੋਜ਼ਪੁਰ: ਜ਼ਿਲ੍ਹੇ ਦੀ ਅਦਾਲਤ ਵਿੱਚ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਇਹ ਧਮਕੀ ਸੈਸ਼ਨ ਜੱਜ ਦੇ ਦਫ਼ਤਰੀ ਨੰਬਰ (ਐਮ.ਐੱਸ.ਆਈ.ਐੱਲ.) ਉੱਤੇ ਇੱਕ ਸੁਨੇਹਾ ਭੇਜ ਕੇ ਦਿੱਤੀ ਗਈ ਹੈ। ਸੁਰੱਖਿਆ ਕਾਰਨਾਂ ਕਰਕੇ ਤੁਰੰਤ ਅਦਾਲਤ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਨੇ ਇਮਾਰਤ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ।
ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਪੈਦਾ ਕਰ ਦਿੱਤੀ ਹੈ। ਅਧਿਕਾਰੀ ਧਮਕੀ ਭੇਜਣ ਵਾਲੇ ਦੇ ਸਰੋਤ ਦੀ ਜਾਂਚ ਕਰ ਰਹੇ ਹਨ।
ਚੰਡੀਗੜ੍ਹ ਅਦਾਲਤ ਵੱਲੋਂ ਗੋਲਡੀ ਬਰਾੜ ਭਗੌੜਾ ਕਰਾਰ
ਚੰਡੀਗੜ੍ਹ: ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੀ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਨੇ ਖਾਲਿਸਤਾਨੀ ਅੱਤਵਾਦੀ ਸਤਵਿੰਦਰ ਸਿੰਘ ਉਰਫ਼ ਗੋਲਡੀ ਬਰਾੜ ਨੂੰ ਭਗੌੜਾ (Proclaimed Offender) ਘੋਸ਼ਿਤ ਕਰ ਦਿੱਤਾ ਹੈ।
ਵਿਸ਼ੇਸ਼ ਜੱਜ ਭਾਵਨਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 84 ਤਹਿਤ ਕਾਰਵਾਈ ਕਰਦਿਆਂ ਗੋਲਡੀ ਬਰਾੜ ਨੂੰ 30 ਦਿਨਾਂ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮਾਸਟਰਮਾਈਂਡ
ਗੋਲਡੀ ਬਰਾੜ ਵਿਰੁੱਧ 20 ਜਨਵਰੀ 2024 ਨੂੰ ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਦੇ ਅਗਵਾ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸਦੀ ਜਾਂਚ 8 ਮਾਰਚ 2024 ਨੂੰ ਐਨ.ਆਈ.ਏ. ਨੇ ਆਪਣੇ ਹੱਥ ਲੈ ਲਈ ਸੀ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਘਾੜਾ (ਮਾਸਟਰਮਾਈਂਡ) ਹੈ ਅਤੇ ਕੇਂਦਰ ਸਰਕਾਰ ਪਹਿਲਾਂ ਹੀ ਉਸ ਨੂੰ ਅੱਤਵਾਦੀ ਐਲਾਨ ਕਰ ਚੁੱਕੀ ਹੈ। ਉਹ ਫਿਲਹਾਲ ਕੈਨੇਡਾ ਵਿੱਚ ਰਹਿ ਰਿਹਾ ਹੈ।
ਇਸ ਕੇਸ ਵਿੱਚ ਬਰਾੜ 'ਤੇ ਆਈ.ਪੀ.ਸੀ. ਦੀਆਂ ਧਾਰਾਵਾਂ 120ਬੀ (ਅਪਰਾਧਿਕ ਸਾਜ਼ਿਸ਼), 336 (ਲਾਪਰਵਾਹੀ ਨਾਲ ਜਾਨ ਨੂੰ ਖ਼ਤਰਾ), 384 (ਜਬਰੀ ਵਸੂਲੀ) ਅਤੇ 506 (ਅਪਰਾਧਿਕ ਧਮਕੀ) ਦੇ ਨਾਲ-ਨਾਲ ਯੂ.ਏ.ਪੀ.ਏ. ਅਤੇ ਅਸਲਾ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਜੇਕਰ ਉਹ ਨਿਰਧਾਰਤ ਸਮੇਂ 'ਤੇ ਅਦਾਲਤ ਵਿੱਚ ਪੇਸ਼ ਨਹੀਂ ਹੁੰਦਾ, ਤਾਂ ਉਸਦੀ ਜਾਇਦਾਦ ਕੁਰਕ ਕੀਤੀ ਜਾ ਸਕਦੀ ਹੈ। ਸੂਤਰਾਂ ਅਨੁਸਾਰ, ਉਸਨੂੰ ਕੈਨੇਡਾ ਤੋਂ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ।
Get all latest content delivered to your email a few times a month.