ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੇ ਪ੍ਰਦਰਸ਼ਨ ਅਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੋਈ ਹੈ, ਪਰ ਬਠਿੰਡਾ ਵਿੱਚ ਇਸ ਕਾਨੂੰਨ ਦੀ ਉਲੰਘਣਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹੁਣ ਮੁੰਡਿਆਂ ਤੋਂ ਬਾਅਦ ਲੜਕੀਆਂ ਵੀ ਹਥਿਆਰਾਂ ਦੀ ਨੁਮਾਇਸ਼ ਕਰਦੀਆਂ ਫੜੀਆਂ ਜਾ ਰਹੀਆਂ ਹਨ।
ਬਠਿੰਡਾ ਸਦਰ ਥਾਣਾ ਪੁਲਿਸ ਨੇ ਇੱਕ ਅਜਿਹੀ ਹੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਇੱਕ ਲੜਕੀ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਸੋਸ਼ਲ ਮੀਡੀਆ ਪੋਸਟ 'ਤੇ ਤੁਰੰਤ ਐਕਸ਼ਨ
ਥਾਣਾ ਸਦਰ ਦੇ ਮੁਖੀ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀ ਨੇ ਆਪਣੇ ਸੋਸ਼ਲ ਮੀਡੀਆ ਪੇਜ ਉੱਤੇ ਹਥਿਆਰਾਂ ਨਾਲ ਇੱਕ ਵੀਡੀਓ ਸਾਂਝੀ ਕੀਤੀ ਸੀ, ਜਿਸ ਵਿੱਚ ਉਹ ਹਥਿਆਰਾਂ ਦੀ ਪ੍ਰਦਰਸ਼ਨੀ ਕਰਕੇ ਗੰਨ ਕਲਚਰ ਨੂੰ ਪ੍ਰਮੋਟ ਕਰਦੀ ਨਜ਼ਰ ਆ ਰਹੀ ਸੀ। ਵੀਡੀਓ ਦੇ ਵਾਇਰਲ ਹੋਣ ਤੋਂ ਤੁਰੰਤ ਬਾਅਦ ਪੁਲਿਸ ਹਰਕਤ ਵਿੱਚ ਆਈ।
ਪੰਜਾਬ ਵਿੱਚ ਗੰਨ ਕਲਚਰ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਅਪਣਾਈ ਸਖ਼ਤੀ ਤਹਿਤ ਇਸ ਲੜਕੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਰੰਮੀ ਰੰਧਾਵਾ ਖ਼ਿਲਾਫ਼ ਵੀ ਹੋ ਚੁੱਕੀ ਹੈ ਕਾਰਵਾਈ
ਇਸ ਤੋਂ ਪਹਿਲਾਂ, ਪੰਜਾਬੀ ਗਾਇਕ ਰੰਮੀ ਰੰਧਾਵਾ ਖ਼ਿਲਾਫ਼ ਵੀ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਹੇਠ ਅਜਨਾਲਾ ਥਾਣੇ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਰੰਧਾਵਾ, ਜੋ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ, ਵਿਰੁੱਧ ਇਹ ਕਾਰਵਾਈ 13 ਦਸੰਬਰ ਨੂੰ ਉਨ੍ਹਾਂ ਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋਣ ਤੋਂ ਬਾਅਦ ਕੀਤੀ ਗਈ ਸੀ। ਹਾਲਾਂਕਿ, ਇਸ ਮਾਮਲੇ 'ਤੇ ਗਾਇਕ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ ਹੈ।
ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਸੋਸ਼ਲ ਮੀਡੀਆ 'ਤੇ ਗੰਨ ਕਲਚਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਚਾਹੇ ਉਹ ਮੁੰਡਾ ਹੋਵੇ ਜਾਂ ਕੁੜੀ।
Get all latest content delivered to your email a few times a month.