ਤਾਜਾ ਖਬਰਾਂ
ਵਿਧਾਨ ਸਭਾ ਹਲਕਾ ਮੌੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਪਕੜ ਹੋਰ ਮਜ਼ਬੂਤ ਹੋ ਗਈ ਹੈ। ਅੱਜ ਪਿੰਡ ਘੁੰਮਣ ਵਿੱਚ ਰੱਖੇ ਗਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਰਹੇ 50 ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ ਦੇ ਮਫਲਰ ਪਾ ਕੇ ਅਕਾਲੀ ਦਲ ਵਿੱਚ ਜੀ ਆਇਆ ਆਖਿਆ। ਉਹਨਾਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਿਲ ਹਰ ਪਰਿਵਾਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਉਠਾਇਆ ਜਾਵੇਗਾ।
ਸਮਾਗਮ ਦੌਰਾਨ ਔਰਤਾਂ ਅਤੇ ਮਰਦਾਂ ਦੀ ਵੱਡੀ ਗਿਣਤੀ ਹਾਜ਼ਰ ਰਹੀ। ਇਸ ਦੌਰਾਨ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਅਤੇ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ ਖ਼ਿਲਾਫ਼ ਗਲਤ ਪ੍ਰਚਾਰ ਕਰਕੇ ਸੱਤਾ ਹਾਸਲ ਕੀਤੀ, ਪਰ ਦੋਵੇਂ ਪਾਰਟੀਆਂ ਆਪਣੇ ਕੀਤੇ ਵਾਅਦੇ ਨਿਭਾਉਣ ਵਿੱਚ ਨਾਕਾਮ ਰਹੀਆਂ। ਉਹਨਾਂ ਕਿਹਾ ਕਿ ਲੋਕ ਹੁਣ ਇਹਨਾਂ ਪਾਰਟੀਆਂ ਦੀ ਹਕੀਕਤ ਨੂੰ ਸਮਝ ਚੁੱਕੇ ਹਨ ਅਤੇ ਇਸੇ ਕਾਰਨ ਅਕਾਲੀ ਦਲ ਵੱਲ ਵਾਪਸੀ ਕਰ ਰਹੇ ਹਨ।
ਉਹਨਾਂ ਇਹ ਵੀ ਦੱਸਿਆ ਕਿ ਪਿੰਡ ਘੁੰਮਣ ਤੋਂ ਪਹਿਲਾਂ ਵੀ ਮੌੜ ਹਲਕੇ ਦੇ ਕਈ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ ਹੋ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਸਿਲਸਿਲਾ ਹੋਰ ਤੇਜ਼ ਹੋਵੇਗਾ।
ਉਧਰ, ਅਕਾਲੀ ਦਲ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਦੂਜੀਆਂ ਪਾਰਟੀਆਂ ਦੇ ਝਾਂਸੇ ਵਿੱਚ ਆ ਕੇ ਉਹਨਾਂ ਦਾ ਸਾਥ ਦੇ ਬੈਠੇ ਸਨ, ਪਰ ਸੱਤਾ ਵਿੱਚ ਆਉਣ ਮਗਰੋਂ ਉਹ ਪਾਰਟੀਆਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀਆਂ। ਇਸ ਕਾਰਨ ਉਹਨਾਂ ਨੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਦਾ ਫੈਸਲਾ ਕੀਤਾ ਹੈ ਅਤੇ ਭਵਿੱਖ ਵਿੱਚ ਪਿੰਡ ਦੇ ਹੋਰ ਲੋਕ ਵੀ ਵੱਡੀ ਗਿਣਤੀ ਵਿੱਚ ਅਕਾਲੀ ਦਲ ਨਾਲ ਜੁੜਣਗੇ।
Get all latest content delivered to your email a few times a month.