ਤਾਜਾ ਖਬਰਾਂ
ਦੇਸ਼ ਭਰ ਵਿੱਚ ਵੀਰਵਾਰ ਨੂੰ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਓਡੀਸ਼ਾ ਸਮੇਤ ਕਈ ਰਾਜਾਂ ਦੀਆਂ ਜ਼ਿਲ੍ਹਾ ਅਦਾਲਤਾਂ ਅਤੇ ਹਾਈ ਕੋਰਟਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਅਤੇ ਅਦਾਲਤੀ ਕੰਪਲੈਕਸਾਂ ਨੂੰ ਸਾਵਧਾਨੀ ਵਜੋਂ ਖਾਲੀ ਕਰਵਾ ਲਿਆ ਗਿਆ।
ਪੰਜਾਬ ਵਿੱਚ ਫਿਰੋਜ਼ਪੁਰ, ਮਾਨਸਾ, ਮੋਗਾ ਅਤੇ ਰੋਪੜ ਦੀਆਂ ਜ਼ਿਲ੍ਹਾ ਅਦਾਲਤਾਂ ਨੂੰ ਅੱਜ ਸਵੇਰੇ ਈਮੇਲ ਰਾਹੀਂ ਬੰਬ ਧਮਕੀ ਮਿਲੀ, ਜਿਸ ਕਾਰਨ ਪੁਲਿਸ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਧਮਕੀ ਦੇ ਮੱਦੇਨਜ਼ਰ ਅਦਾਲਤਾਂ ਵਿੱਚ ਮੌਜੂਦ ਜੱਜਾਂ, ਵਕੀਲਾਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਤੌਰ ‘ਤੇ ਬਾਹਰ ਕੱਢ ਲਿਆ ਗਿਆ। ਪੁਲਿਸ ਅਤੇ ਡੌਗ ਸਕੁਐਡ ਵੱਲੋਂ ਅਦਾਲਤੀ ਕੰਪਲੈਕਸਾਂ ਦੀ ਗਹਿਰਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ।
ਛੱਤੀਸਗੜ੍ਹ ਦੇ ਬਿਲਾਸਪੁਰ ਅਤੇ ਰਾਜਨੰਦਗਾਓਂ, ਮੱਧ ਪ੍ਰਦੇਸ਼ ਦੀ ਰੀਵਾ ਅਤੇ ਬਿਹਾਰ ਦੇ ਪਟਨਾ, ਗਯਾ ਜੀ ਅਤੇ ਕਿਸ਼ਨਗੰਜ ਦੀਆਂ ਅਦਾਲਤਾਂ ਨੂੰ ਵੀ ਇਸ ਤਰ੍ਹਾਂ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਪਟਨਾ ਵਿੱਚ ਮਿਲੀ ਈਮੇਲ ਵਿੱਚ ਅਦਾਲਤੀ ਪਰਿਸਰ ਵਿੱਚ ਆਰਡੀਐਕਸ ਲਗਾਏ ਜਾਣ ਦਾ ਦਾਅਵਾ ਕੀਤਾ ਗਿਆ, ਜਿਸ ਤੋਂ ਬਾਅਦ ਸੁਰੱਖਿਆ ਪ੍ਰਬੰਧ ਕਾਫ਼ੀ ਸਖ਼ਤ ਕਰ ਦਿੱਤੇ ਗਏ। ਜ਼ਿਲ੍ਹਾ ਜੱਜ ਦੇ ਹੁਕਮਾਂ ‘ਤੇ ਪੂਰੇ ਸਿਵਲ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਦਿੱਤਾ ਗਿਆ।
ਇਸ ਤੋਂ ਇਲਾਵਾ, ਓਡੀਸ਼ਾ ਹਾਈ ਕੋਰਟ ਅਤੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਦੋਵੇਂ ਹਾਈ ਕੋਰਟਾਂ ਵਿੱਚ ਬੰਬ ਨਿਰੋਧਕ ਦਸਤਿਆਂ ਅਤੇ ਡੌਗ ਸਕੁਐਡ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਸਾਵਧਾਨੀ ਵਜੋਂ ਅਦਾਲਤੀ ਕੰਪਲੈਕਸ ਪੂਰੀ ਤਰ੍ਹਾਂ ਖਾਲੀ ਕਰਵਾ ਲਏ ਗਏ ਹਨ।
ਪੁਲਿਸ ਅਧਿਕਾਰੀਆਂ ਮੁਤਾਬਕ, ਸ਼ੁਰੂਆਤੀ ਜਾਂਚ ਵਿੱਚ ਇਹ ਧਮਕੀਆਂ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਹੋ ਸਕਦੀਆਂ ਹਨ, ਪਰ ਸੁਰੱਖਿਆ ਏਜੰਸੀਆਂ ਕਿਸੇ ਵੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕਰ ਰਹੀਆਂ। ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਕੋਈ ਸ਼ੱਕੀ ਵਸਤੂ ਮਿਲਣ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਜਾਂਚ ਪੂਰੀ ਹੋਣ ਤੱਕ ਅਦਾਲਤੀ ਕਾਰਵਾਈਆਂ ਪ੍ਰਭਾਵਿਤ ਰਹਿ ਸਕਦੀਆਂ ਹਨ।
Get all latest content delivered to your email a few times a month.